ਫਰੀਮਾਂਟ ਵਿਖੇ ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਮਨਾਈ ਗਈ

ਚੰਡੀਗੜ: ਸਾਕਾ ਨਕੋਦਰ ਦੇ ਸ਼ਹੀਦਾਂ ਦੀ 32ਵੀਂ ਬਰਸੀ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਖੇ ਮਨਾਈ ਗਈ। ਇਸ ਸੰਬੰਧੀ ਗੁਰੂਦਵਾਰਾ ਸਾਹਿਬ ਫਰੀਮਾਂਟ ਵਿਚ ਸਮੂਹ ਪੰਥਕ ਜਥੇਬੰਦੀਆਂ ਅਤੇ ਸੰਗਤਾਂ ਤੋਂ ਇਲਾਵਾ ਰਾਗੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਚਰਨ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰੂਦਵਾਰਾ ਸਾਹਿਬ ਫਰੀਮਾਂਟ, ਭਾਈ ਸੁਖਵਿੰਦਰ ਸਿੰਘ ਕਥਾਵਾਚਕ ਦਮਦਮੀ ਟਕਸਾਲ, ਸਾਕਾ ਨਕੋਦਰ ਦੇ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਛੋਟੇ ਭਰਾ ਡਾਕਟਰ ਹਰਿੰਦਰ ਸਿੰਘ (ਸਟੈਂਫਰਡ ਯੂਨੀਵਰਸਿਟੀ) ਨੇ ਹਾਜ਼ਰੀ ਭਰੀ ਅਤੇ ਭਾਈ ਦਵਿੰਦਰ ਸਿੰਘ ਨੇ ਸਟੇਜ ਦਾ ਸੰਚਾਲਨ ਕੀਤਾ।

ਕਥਾਵਾਚਕ ਭਾਈ ਸੁਖਵਿੰਦਰ ਸਿੰਘ ਨੇੇ ਸ਼ਾਮ ਸਿੰਘ ਅਟਾਰੀ ਵਾਲੇ, ਅਤੇ ਭਾਈ ਜੱਸਾ ਸਿੰਘ ਆਹਲੂਵਾਲੀਆ ਦੀ ਸ਼ਹੀਦੀ ਬਾਰੇ ਸੰਖੇਪ ਵਿਚ ਚਾਨਣਾ ਪਾਇਆ ਅਤੇ ਸਾਕਾ ਨਕੋਦਰ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਂਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸ਼ਰਧਾਂਜਲੀ ਸਮਾਰੋਹ ਵਿਚ ਡਾ. ਹਰਿੰਦਰ ਸਿੰਘ ਵਲੋਂ ਸਾਕਾ ਨਕੋਦਰ ਦੌਰਾਨ ਹੋਈ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਹੋਏ ਸਿੱਖ ਪ੍ਰਤੀਕਰਮ ਬਾਰੇ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਤੱਥਾਂ ਅਤੇ ਸਬੂਤਾਂ ਸਮੇਤ ਪੇਸ਼ ਕੀਤੀ ਗਈ। ਡਾ. ਹਰਿੰਦਰ ਸਿੰਘ ਨੇ ਸਾਕੇ ਦਾ ਹਾਲ ਸੰਗਤਾਂ ਨੂੰ ਵਰਨਣ ਕਰਦਿਆਂ ਦੱਸਿਆ ਕਿ ਪੁਲਿਸ ਅਤੇ ਨੀਮ ਫ਼ੌਜੀ ਦਸਤਿਆਂ ਨੇ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਸਿੱਖ ਸੰਗਤਾਂ ਜੋ ਕਿ ਗੁਰਦੁਆਰਾ ਸਾਹਿਬ ਵਿਖੇ ਦੁਸ਼ਟਾਂ ਵਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਗਨ ਭੇਂਟ ਕੀਤੇ ਸਰੂਪਾਂ ਦੀ ਸੰਭਾਲ਼ ਹਿੱਤ ਜਾ ਰਹੀਆਂ ਸਨ, ਉੱਪਰ ਬਿਨਾਂ ਕਿਸੇ ਭੜਕਾਹਟ ਜਾਂ ਚਿਤਾਵਨੀ ਦੇ ਗੋਲ਼ੀਆਂ ਦੀ ਬੁਸ਼ਾੜ ਕਰ ਦਿੱਤੀ। ਪੁਲਿਸ ਨੇ ਨੇੜੇ ਦੇ ਪਿੰਡਾਂ ਸ਼ੇਰਪੁਰ, ਹੁਸੈਨਪੁਰ ਤੱਕ ਜਾਕੇ ਸਿੱਖ ਨੌਜਵਾਨਾਂ ਨੂੰ ਘਰਾਂ ਅਤੇ ਖੂਹਾਂ/ਡੇਰਿਆਂ ਤੋਂ ਫੜ ਕੇ ਝੂਠੇ ਕੇਸ ਪਾਏ ਅਤੇ ਅਣਮਨੁੱਖੀ ਤਸ਼ੱਦਦ ਵੀ ਕੀਤਾ ।

ਡਾ. ਹਰਿੰਦਰ ਸਿੰਘ ਨੇ ਸ਼ਹੀਦ ਸਿੰਘਾਂ ਭਾਈ ਹਰਮਿੰਦਰ ਸਿੰਘ ਚਲੂਪੁਰ ਅਤੇ ਭਾਈ ਬਲਧੀਰ ਸਿੰਘ ਜੀ ਦੀਆਂ ਪੋਸਟ ਮਾਰਟਮ ਰਿਪੋਰਟਾਂ ਪੇਸ਼ ਕੀਤੀਆਂ, ਜਿਨ੍ਹਾਂ ਤੇ ਇਨ੍ਹਾਂ ਸਿੰਘਾਂ ਦੇ ਅਤੇ ਸਿੰਘਾਂ ਦੇ ਪਿਤਾ ਜੀ ਦੇ ਨਾਮ ਅਤੇ ਉਨ੍ਹਾਂ ਦੇ ਪਤੇ ਵੀ ਦਰਜ ਹਨ। ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸਭਾ ਦੀ ਰਿਪੋਰਟ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਮੌਕੇ ਦੇ ਐੱਸ.ਡੀ. ਐੱਮ. ਨੇ ਮੰਨਿਆ ਹੈ ਕਿ ਤਿੰਨ ਸ਼ਹੀਦ ਸਿੰਘਾਂ ਦੀ ਪਹਿਚਾਣ 4 ਫਰਵਰੀ ਦੀ ਸ਼ਾਮ ਨੂੰ ਹੋ ਗਈ ਸੀ। ਇਸ ਰਿਪੋਰਟ ਵਿੱਚ ਇਹ ਵੀ ਲਿਖਿਆ ਹੈ ਕਿ ਭਾਈ ਹਰਮਿੰਦਰ ਸਿੰਘ ਚਲੂਪੁਰ ਨੂੰ ਪੁਲੀਸ ਅਧਿਕਾਰੀਆਂ ਵਲੋਂ ਫੜ ਕੇ ਕਤਲ ਕੀਤਾ ਗਿਆ। ਯਾਦ ਰਹੇ ਕਿ ਪੁਲੀਸ ਵਲੋਂ ਉਸ ਮੌਕੇ ਇਨ੍ਹਾਂ ਸਿੰਘਾਂ ਨੂੰ ਅਣਪਛਾਤੇ ਅਤੇ ਲਾਵਾਰਿਸ ਕਹਿ ਕੇ ਸਾੜ ਦਿੱਤਾ ਗਿਆ ਸੀ। ਡਾ. ਹਰਿੰਦਰ ਸਿੰਘ ਵਲੋਂ ਇਹ ਪੋਸਟ ਮਾਰਟਮ ਰਿਪੋਰਟਾਂ ਪੇਸ਼ ਕਰਕੇ ਇਹ ਸਾਬਤ ਕੀਤਾ ਕਿ ਪੁਲੀਸ ਨੇ ਇਨ੍ਹਾਂ ਸਿੰਘਾਂ ਦੀ ਪਛਾਣ ਨਾ ਹੋਣ ਬਾਰੇ ਝੂਠ ਬੋਲਿਆ।

ਸ਼ਹੀਦ ਭਾਈ ਰਵਿੰਦਰ ਸਿੰਘ ਜੀ ਦੇ ਪਿਤਾ ਜੀ ਉਸ ਸਮੇਂ ਮੌਕੇ ‘ਤੇ ਹਾਜ਼ਰ ਸਨ ਅਤੇ ਉਨ੍ਹਾਂ ਵਲੋਂ ਆਪਣੇ ਪੁੱਤਰ ਦੀ ਪਹਿਚਾਣ ਕਰਕੇ ਪੁਲੀਸ ਤੋਂ ਆਪਣੇ ਪੁੱਤਰ ਦਾ ਮ੍ਰਿਤਕ ਸਰੀਰ ਲੈਣ ਲਈ ਮੰਗ ਕੀਤੀ ਸੀ, ਜੋ ਇਹ ਸਾਬਿਤ ਕਰਦਾ ਹੈ ਕਿ ਪੁਲੀਸ ਵਲੋਂ ਇਨ੍ਹਾਂ ਸਿੰਘਾਂ ਨੂੰ ਜਾਣ ਬੁੱਝ ਕੇ ਲਾਵਾਰਿਸ ਕਰਾਰ ਦਿੱਤਾ ਗਿਆ। ਡਾ. ਹਰਿੰਦਰ ਸਿੰਘ ਵਲੋਂ ਪੇਸ਼ ਕੀਤੀਆਂ ਚਾਰੇ ਪੋਸਟ ਮਾਰਟਮ ਰਿਪੋਰਟਾਂ ਵਿੱਚ ਲਿਖਿਆ ਹੈ ਕਿ ਪੁਲੀਸ ਵਲੋਂ ਤਿੰਨ ਸਿੰਘਾਂ ਦੀਆਂ ਛਾਤੀਆਂ ਵਿੱਚ ਗੋਲੀਆਂ ਮਾਰੀਆਂ ਸਨ ਅਤੇ ਇੱਕ ਸਿੰਘ ਦੇ ਮੂੰਹ ਵਿੱਚ ਗੋਲੀਆਂ ਮਾਰੀਆਂ ਸਨ।

 

Comments

comments

Share This Post

RedditYahooBloggerMyspace