ਮਨੀਕਰਨ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 50-50 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਅੰਮ੍ਰਿਤਸਰ : ਮਨੀਕਰਨ ਤੋਂ ਵਾਪਸੀ ਵੇਲੇ ਹਿਮਾਚਲ ਪ੍ਰਦੇਸ਼ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਅੱਠ ਅੰਮ੍ਰਿਤਸਰ ਵਾਸੀ ਨੌਜਵਾਨਾਂ ਨਮਿਤ ਅੰਤਿਮ ਅਰਦਾਸ ਵਿੱਚ ਸ਼੍ਰੋਮਣੀ ਕਮੇਟੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ, ਜਦੋਂਕਿ ਇਸ ਮੌਕੇ ਕਾਂਗਰਸ ਵੱਲੋਂ ਪੁੱਜੇ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਸਰਕਾਰ ਵਲੋਂ ਦੋ ਦੋ ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਜਾਖੜ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਜੋ ਇਸ ਵੇਲੇ ਕੇਂਦਰ ਵਿੱਚ ਭਾਜਪਾ ਨਾਲ ਸੱਤਾ ’ਚ ਭਾਈਵਾਲ ਹੈ, ਵੱਲੋਂ ਸਿਆਸੀ ਲਾਲਚ ਕਾਰਨ ਹੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਤੇ ਲੋਕਾਂ ਦੇ ਹੱਕ ਵਿੱਚ  ਆਵਾਜ਼ ਬੁਲੰਦ ਨਹੀਂ ਕੀਤੀ ਜਾ ਰਹੀ। ਉਨ੍ਹਾਂ ਆਖਿਆ ਕਿ ਹੋਰ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ, ਪਰ ਸ਼੍ਰੋਮਣੀ ਅਕਾਲੀ ਦਲ ਨੇ ਚੁੱਪ ਧਾਰੀ ਹੋਈ ਹੈ। ਇਸ ਮਾਮਲੇ ਵਿੱਚ ਅਕਾਲੀ ਸੰਸਦ ਮੈਂਬਰਾਂ ਨੇ ਕਦੇ ਕੋਈ ਆਵਾਜ਼ ਬੁਲੰਦ ਨਹੀਂ ਕੀਤੀ।
ਕੈਪਟਨ ਸਰਕਾਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਨੇ ਖੱਡਾਂ ਦੀ ਨਿਲਾਮੀ ਤੋਂ ਹੀ ਪਿਛਲੀ ਸਰਕਾਰ ਦੇ ਮੁਕਾਬਲੇ ਦਸ ਗੁਣਾ ਵੱਧ ਮਾਲੀਆ ਇਕੱਠਾ ਕੀਤਾ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਪ੍ਰਵਾਨਗੀ ਦਿੱਤੀ ਹੈ ਕਿ ਉਹ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਗੱਲਬਾਤ ਕਰਕੇ ਆਉਂਦੇ ਬਜਟ ਸਬੰਧੀ ਸਲਾਹ ਮਸ਼ਵਰਾ ਕਰਨ ਅਤੇ ਇਸ ਸਬੰਧੀ ਵਿਚਾਰਾਂ ’ਤੇ ਆਧਾਰਿਤ ਇਕ ਰਿਪੋਰਟ ਤਿਆਰ ਕਰਨ। ਉਨ੍ਹਾਂ ਅੰਮ੍ਰਿਤਸਰ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਬਾਰੇ ਗੱਲ ਕਰਦਿਆਂ ਆਖਿਆ ਕਿ ਇੱਥੇ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ, ਇਸ ਲਈ ਸ਼ਹਿਰ ਦਾ ਮਿਆਰ ਵਿਸ਼ਵ ਪੱਧਰੀ ਹੋਣਾ ਚਾਹੀਦਾ ਹੈ। ਅਕਾਲੀ-ਭਾਜਪਾ ਸਰਕਾਰ ਵੇਲੇ ਹੋਏ ਵਿਕਾਸ ਨੂੰ ਉਨ੍ਹਾਂ ਮਹਿਜ਼ ਵਿਖਾਵਾ ਆਖਦਿਆਂ ਆਖਿਆ ਕਿ ਸਿਰਫ਼ ਵਿਰਾਸਤੀ ਮਾਰਗ ਨੂੰ ਹੀ ਕੁਝ ਸੰਵਾਰਿਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।

Comments

comments

Share This Post

RedditYahooBloggerMyspace