ਨਵਜੋਤ ਸਿੱਧੂ ਨੂੰ ਅਸਤੀਫ਼ਾ ਦੇਣ ਦੀ ਕੋਈ ਲੋੜ ਨਹੀਂ: ਕੈਪਟਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸ ਦੇ ਮੱਦੇਨਜ਼ਰ ਸੂਬਾਈ ਵਜ਼ਾਰਤ ਤੋਂ ਅਸਤੀਫ਼ਾ ਦੇਣ ਦੀ ਕੋਈ ਲੋੜ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੜਕ ’ਤੇ ਝਗੜੇ ਸਬੰਧੀ ਕੇਸ ਵਿੱਚ ਸੁਪਰੀਮ ਕੋਰਟ ਨੇ ਸਾਲ 2007 ਵਿੱਚ ਨਵਜੋਤ ਸਿੰਘ ਸਿੱਧੂ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਸੀ ਅਤੇ ਹਾਈ ਕੋਰਟ ਦੇ ਸਜ਼ਾ ਵਾਲੇ ਹੁਕਮਾਂ ਨੂੰ ਚੁਣੌਤੀ ਖ਼ਿਲਾਫ਼ ਸ੍ਰੀ ਸਿੱਧੂ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਅਜੇ ਫ਼ੈਸਲਾ ਸੁਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ 30 ਸਾਲ ਪੁਰਾਣੇ ਕੇਸ ਵਿੱਚ ਸੂਬਾਈ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਮਹਿਜ਼ ਆਪਣਾ ਸਟੈਂਡ ਦੁਹਰਾਏ ਜਾਣ ਦੇ ਆਧਾਰ ਉੱਤੇ ਮੰਤਰੀ ਕੋਲੋਂ ਅਸਤੀਫ਼ਾ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ‘‘ ਸਜ਼ਾ ਉਤੇ ਰੋਕ ਕਾਰਨ ਸ੍ਰੀ ਸਿੱਧੂ ਨੂੰ ਵਜ਼ਾਰਤ ਵਿੱਚ ਸ਼ਾਮਲ ਕਰਨ ਸਮੇਂ ਨਾ ਤਾਂ ਕੋਈ ਅੜਿੱਕਾ ਸੀ ਅਤੇ ਨਾ ਹੀ ਹੁਣ ਉਨ੍ਹਾਂ ਦੇ ਵਜ਼ੀਰ ਬਣੇ ਰਹਿਣ ਵਿੱਚ ਕੋਈ ਅੜਚਣ ਹੈ।’’ ਕੈਪਟਨ ਨੇ ਇਸ ਮਾਮਲੇ ਦੇ ਮੌਜੂਦਾ ਘਟਨਾਕ੍ਰਮ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕੇਵਲ ਕਾਨੂੰਨੀ ਤੌਰ ’ਤੇ ਵਿਹਾਰਕ ਸਟੈਂਡ ਹੀ ਲਿਆ ਹੈ।

ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਆਪਣੇ ਮੰਤਰੀ ਦਾ ਜਾਣ-ਬੁੱਝ ਬਚਾਅ ਨਾ ਕੀਤੇ ਜਾਣ ਬਾਰੇ ਰਿਪੋਰਟਾਂ ’ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਸਰਕਾਰੀ ਵਕੀਲ ਨੂੰ ਇਸ ਕੇਸ ਨਾਲ ਜੁੜੀ ਕੋਈ ਨਵੀਂ ਜਾਣਕਾਰੀ ਨਹੀਂ ਮਿਲਦੀ, ਉਦੋਂ ਤੱਕ ਉਸ ਲਈ ਨਵਾਂ ਪੈਂਤੜਾ ਲੈਣਾ ਕਾਨੂੰਨੀ ਤੌਰ ’ਤੇ ਸੰਭਵ ਨਹੀਂ ਹੈ।

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਸੋਹੀਣੀ ਅਤੇ ਬੇਤੁਕੀ ਬਿਆਨਬਾਜ਼ੀ ’ਤੇ ਸਖ਼ਤ ਪ੍ਰਤੀਕਿਰਿਆ ਕਰਦਿਆਂ ਕਿਹਾ ਕਿ ਉਸ ਤੋਂ ਸਬਕ ਲੈਣ ਦੀ ਲੋੜ ਨਹੀਂ ਹੈ ਜਿਸ ਨੇ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਦੁਰਪ੍ਰਬੰਧਾਂ ਨਾਲ ਸੂਬੇ ਦਾ ਭੱਠਾ ਬਿਠਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਇਆ ਜਿਸ ਦਾ ਸਬੂਤ ਪਿਛਲੀ ਸਰਕਾਰ ਸਮੇਂ ਸੂਬੇ ਵਿੱਚ ਫੈਲੀ ਹਨੇਰਗਰਦੀ ਤੋਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਦਾ ਬਿਆਨ ਅਕਾਲੀ ਦਲ ਦੇ ਖੁੱਸੇ ਵੱਕਾਰ ਕਾਰਨ ਉਸ ਅੰਦਰ ਪੈਦਾ ਹੋਈ ਬੇਚੈਨੀ ਤੋਂ ਸਿਵਾਏ ਹੋਰ ਕੁੱਝ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਉਨ੍ਹਾਂ ਪੁਲੀਸ ਨੂੰ ਖੁੱਲ੍ਹੀ ਛੁੱਟੀ ਨਾ ਦਿੱਤੀ ਹੁੰਦੀ ਤਾਂ ਸੂਬੇ ਵਿੱਚ ਗੈਂਗਸਟਰਾਂ ਦੀ ਗੁੰਡਾਗਰਦੀ, ਮਿੱਥ ਕੇ ਕਤਲ ਕਰਨ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਨਹੀਂ ਸੀ ਪੈਣੀ, ਜਿਨ੍ਹਾਂ ਘਟਨਾਵਾਂ ਨੇ ਅਕਾਲੀਆਂ ਦੇ ਸ਼ਾਸਨ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਤਹਿਸ-ਨਹਿਸ ਕਰ ਦਿੱਤੀ ਸੀ। ਕੈਪਟਨ ਨੇ ਕਿਹਾ ਕਿ ਇਸ ਸਮੇਂ ਅਫਸਰਸ਼ਾਹੀ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ । ਇਸੇ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਸੁਖਬੀਰ ਬਾਦਲ ਹੁਰੀਂ ਫੰਡਾਂ ਦਾ ਬੰਦੋਬਸਤ ਵਿੱਤੀ ਪ੍ਰਬੰਧ ਅਤੇ ਮਾਲੀਆ ਪੈਦਾ ਕਰ ਕੇ ਨਹੀਂ ਬਲਕਿ ਸੂਬੇ ਦੀ ਜਾਇਦਾਦ ਗਹਿਣੇ ਧਰ ਕੇ ਕਰਦੇ ਸਨ। ਅਕਾਲੀਆਂ ਨੇ ਸਿਰਫ਼ ਸੂਬੇ ਦੀਆਂ ਜਾਇਦਾਦਾਂ ਹੀ ਨਹੀਂ ਬਲਕਿ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਵੀ ਗਹਿਣੇ ਧਰ ਦਿੱਤਾ ਹੈ। ਸੁਖਬੀਰ ਬਾਦਲ ਵੱਲੋਂ ਉਨ੍ਹਾਂ ਨੂੰ ‘ਨਕਲੀ ਬਾਦਲ’ ਕਹਿਣ ’ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ‘ਬਾਦਲ’ ਨਾਂ ਸੁਖਬੀਰ ਦੀ ਮਾਲਕੀ ਨਹੀਂ ਸਗੋਂ ਇਹ ਨਾਂ ਪੰਜਾਬ ਅਤੇ ਪੰਜਾਬੀਆਂ ਨਾਲ ਹੋਏ ਮਾੜੇ ਕੰਮਾਂ ਦਾ ਸਮਾਨਅਰਥ ਬਣ ਗਿਆ ਜਿਸ ਲਈ ਉਹ (ਸੁਖਬੀਰ) ਅਤੇ ਉਸ ਦਾ ਪਰਿਵਾਰ ਜ਼ਿੰਮੇਵਾਰ ਹੈ।

Comments

comments

Share This Post

RedditYahooBloggerMyspace