ਡੋਪ-ਮੁਕਤ ਸਾਬਤ ਹੋਣ ਲਈ ਲੋਕ ਪ੍ਰਤੀਨਿਧਾਂ ਵੱਲੋਂ ਹਸਪਤਾਲਾਂ ਵੱਲ ਵਹੀਰਾਂ

ਐਸ.ਏ.ਐਸ. ਨਗਰ (ਮੁਹਾਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਡੋਪ ਟੈਸਟ ਕਰਵਾਉਣ ਦੀ ਹਾਮੀ ਭਰਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਕੈਬਨਿਟ ਮੰਤਰੀਆਂ ਨੇ ਪਹਿਲਕਦਮੀ ਕਰਦਿਆਂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਵੀ ਡੋਪ ਟੈਸਟ ਕਰਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਵਾਇਆ।

ਜਾਣਕਾਰੀ ਅਨੁਸਾਰ ਰਾਣਾ ਕੇਪੀ ਸਿੰਘ ਅੱਜ ਸਵੇਰੇ 11 ਵਜੇ ਸਰਕਾਰੀ ਹਸਪਤਾਲ ਪੁੱਜੇ ਅਤੇ ਸਿੱਧਾ ਐਸਐਮਓ ਡਾ. ਮਨਜੀਤ ਸਿੰਘ ਦੇ ਰੂਮ ਵਿੱਚ ਚਲੇ ਗਏ, ਜਿੱਥੇ ਉਨ੍ਹਾਂ ਨੇ ਡੋਪ ਟੈਸਟ ਕਰਵਾਉਣ ਦੀ ਮੁੱਢਲੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਟੈਸਟ ਸਬੰਧੀ ਫਾਰਮ ਭਰ ਕੇ ਖਿੜਕੀ ’ਤੇ 1500 ਰੁਪਏ ਸਰਕਾਰੀ ਫੀਸ ਜਮ੍ਹਾਂ ਕਰਵਾਈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪਾਕਿਸਤਾਨ-ਭਾਰਤ ਦੀ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਚੌਕਸੀ ਵਧਾਉਣ ਦੀ ਲੋੜ ਹੈ।

ਅਜਨਾਲਾ : ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਸਿਵਲ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਵਾਇਆ।
ਸ੍ਰੀ ਅਜਨਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਰੇ ਹੀ ਨਾਗਰਿਕਾਂ ਨੂੰ ਆਪਣਾ ਡੋਪ ਟੈਸਟ ਕਰਾਉਣਾ ਚਾਹੀਦਾ ਹੈ। ਉਨ੍ਹਾਂ  ਨਸ਼ਿਆਂ ਲਈ ਤਤਕਾਲੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਲੁਧਿਆਣਾ  : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਸਿਵਲ ਹਸਪਤਾਲ ’ਚ ਆਪਣਾ ਡੋਪ ਟੈਸਟ ਕਰਵਾਇਆ। ਡੋਪ ਟੈਸਟ ਕਰਵਾਉਣ ਲਈ ਉਨ੍ਹਾਂ ਨੇ ਬਕਾਇਦਾ ਪਰਚੀ ਕਰਵਾਈ ਤੇ ਟੈਸਟ ਦੀ ਫੀਸ ਭਰੀ। ਸ੍ਰੀ ਬਿੱਟੂ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਕਾਫ਼ੀ ਗੰਭੀਰ ਬਣ ਚੁੱਕੀ ਹੈ। ਸਰਕਾਰ ਇਸ ਸਮੱਸਿਆ ਨੂੰ ਹਲ ਕਰਨ ਲਈ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਨੇ ਨੌਜਵਾਨਾਂ ਦੀਆਂ ਮੌਤਾਂ ’ਤੇ ਦੁੱਖ ਜ਼ਾਹਰ ਕੀਤਾ।

ਬਠਿੰਡਾ : ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਮੌੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਡੋਪ ਟੈਸਟ ਕਰਵਾਉਣ ਲਈ ਪੁੱਜੇ। ਸ੍ਰੀ ਕਮਾਲੂ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ੇ ਦੇ ਵਿਰੋਧ ਵਿੱਚ ਖੜ੍ਹਨ ਦੀ ਲੋੜ ਹੈ, ਕਿਉਂਕਿ ਚਿੱਟੇ ਕਾਰਨ ਪੰਜਾਬ ਦੀ ਜਵਾਨੀ ਰੁਲ ਰਹੀ ਹੈ। ਉਨ੍ਹਾਂ ਦੋਸ਼ ਲਾਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ੇ ਖ਼ਤਮ ਕਰਨ ਦਾ ਵਾਅਦਾ ਝੂਠਾ ਸਾਬਤ ਹੋਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਦੇ ਸਾਰੇ ਵਿਧਾਇਕਾਂ ਅਤੇ ਵਾਲੰਟੀਅਰਜ਼ ਡੋਪ ਟੈਸਟ ਕਰਵਾਉਣਗੇ।

ਰੂਪਨਗਰ : ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸਿਵਲ ਹਸਪਤਾਲ ਰੂਪਨਗਰ ਵਿੱਚ ਆਪਣਾ ਡੋਪ ਟੈਸਟ ਕਰਵਾਇਆ ਹੈ। ਵਿਧਾਇਕ ਸੰਦੋਆ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਗੁਰਿੰਦਰ ਸਿੰਘ ਗੋਗੀ ਨੇ ਵੀ ਆਪਣਾ ਡੋਪ ਟੈਸਟ ਕਰਵਾਇਆ। ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਨ ਲਈ ਕਿਹਾ ਗਿਆ ਸੀ। ਇਸ ਲਈ ਉਨ੍ਹਾਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਿਵਲ ਹਸਪਤਾਲ ਵਿੱਚ ਆਪਣਾ ਡੋਪ ਟੈਸਟ ਕਰਵਾਇਆ, ਜਿਸਦੀ ਰਿਪੋਰਟ ਬਿਲਕੁਲ ਠੀਕ ਆਈ ਹੈ।

ਅੰਮ੍ਰਿਤਸਰ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਅਜਨਾਲਾ ਹਲਕੇ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਆਪੋ ਆਪਣੇ ਡੋਪ ਟੈਸਟ ਕਰਾਏ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ਼ਾਮ ਇਥੇ ਸਵਾਮੀ ਵਿਵੇਕਾਨੰਦ ਡਰਗ ਡੀ-ਐਡੀਕਸ਼ਨ ਸੈਂਟਰ ਵਿਖੇ ਆਪਣਾ ਡੋਪ ਟੈਸਟ ਕਰਾਇਆ ਹੈ। ਸ੍ਰੀ ਔਜਲਾ ਨੇ ਆਖਿਆ ਕਿ ਇਥੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ਹੈ। ਇਸ ਲਈ ਉਹ ਭਲਕੇ ਮੁੱਖ ਮੰਤਰੀ ਨੂੰ ਮਿਲਣਗੇ।

Comments

comments

Share This Post

RedditYahooBloggerMyspace