ਮੁੜ-ਸੁਰਜੀਤ ਹੋਵੇਗੀ ਲੋਕ ਭਲਾਈ ਪਾਰਟੀ

ਐਸ.ਏ.ਐਸ. ਨਗਰ (ਮੁਹਾਲੀ) : ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਆਖ਼ਰਕਾਰ ਮੁੜ ਤੋਂ ਪੰਜਾਬ ਵਿੱਚ ਆਪਣੀ ‘ਲੋਕ ਭਲਾਈ ਪਾਰਟੀ’ ਨੂੰ ਸਰਗਰਮ ਕਰਨ ਜਾ ਰਹੇ ਹਨ। ਹੁਣ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਜਾਗਰੂਕਤਾ ਦਾ ਹੋਕਾ ਦੇਣ ਦੀ ਗੱਲ ਆਖ ਰਹੇ ਹਨ।

ਸ੍ਰੀ ਰਾਮੂਵਾਲੀਆ ਨੇ ਸਾਢੇ ਛੇ ਕੁ ਸਾਲ ਪਹਿਲਾਂ ਲੋਕ ਭਲਾਈ ਪਾਰਟੀ ਦਾ ਭੋਗ ਪਾ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ ਅਤੇ ਮੁਹਾਲੀ ਹਲਕੇ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਚੋਣ ਹਾਰਨ ਤੋਂ ਬਾਅਦ ਉਹ ਹਲਕਾ ਇੰਚਾਰਜ ਵਜੋਂ ਲੋਕਾਂ ਵਿੱਚ ਵਿਚਰਦੇ ਰਹੇ। ਇਸ ਦੌਰਾਨ ਉਨ੍ਹਾਂ ਆਪਣੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਵੀ ਲਗਵਾ ਲਿਆ ਸੀ, ਪਰ ਨਗਰ ਨਿਗਮ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਪੈਰ ਨਹੀਂ ਲੱਗੇ। ਆਖ਼ਰਕਾਰ ਉਹ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ ਤੇ ਜੇਲ੍ਹ ਮੰਤਰੀ ਬਣ ਗਏ। ਸ੍ਰੀ ਰਾਮੂਵਾਲੀਆ ਹੁਣ ਆਪਣੀ ਪਾਰਟੀ ਨੂੰ ਮੁੜ ਸੁਰਜੀਤ ਕਰਨ ਦੇ ਰੌਂਅ ਵਿੱਚ ਹਨ। ਇੱਥੋਂ ਦੇ ਫੇਜ਼-9 ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਪੰਜਾਬ ਨੂੰ ਇੱਕ ਨੰਬਰ ’ਤੇ ਸੂਬਾ ਮੰਨਿਆ ਜਾਂਦਾ ਸੀ, ਪਰ ਹੁਣ ਨਸ਼ਿਆਂ ਨੇ ਪੰਜਾਬ ਦੇ ਗੱਭਰੂਆਂ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਸਿੱਖਾਂ ਤੇ ਹਿੰਦੂਆਂ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਹੈ ਕਿ ਉਹ ਲੋਕ ਭਲਾਈ ਪਾਰਟੀ ਨੂੰ ਮੁੜ ਤੋਂ ਸਰਗਰਮ ਕਰਕੇ ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰਨ।

ਇਸ ਸਬੰਧੀ ਸ੍ਰੀ ਰਾਮੂਵਾਲੀਆ ਨੇ 14 ਜੁਲਾਈ ਨੂੰ ਲੁਧਿਆਣਾ ਵਿੱਚ ਲੋਕ ਭਲਾਈ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ ਅਤੇ ਸਿਆਸੀ ਲੋਕਾਂ ਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਅਹਿਮ ਫ਼ੈਸਲੇ ਲਏ ਜਾਣਗੇ। ਇਸ ਦੌਰਾਨ ਉਹ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਉਨ੍ਹਾਂ ਕਿਹਾ ਕਿ 10 ਜੁਲਾਈ ਨੂੰ ਟਰੈਵਲ ਏਜੰਟਾਂ ਖ਼ਿਲਾਫ਼ ਧਰਨਾ ਲਗਾਉਣ ਦਾ ਐਲਾਨ ਕੀਤਾ ਸੀ ਪਰ ਇਸ ਸਮੇਂ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਦਮ ਚੁੱਕਣ ਦੀ ਲੋੜ ਹੈ। ਇਸ ਲਈ ਧਰਨਾ ਮੁਤਲਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਯੂਥ ਆਗੂ ਇਸ਼ਪ੍ਰੀਤ ਸਿੰਘ ਵਿੱਕੀ ਵੀ ਹਾਜ਼ਰ ਸਨ।

Comments

comments

Share This Post

RedditYahooBloggerMyspace