ਖ਼ੁਦਕੁਸ਼ੀ ਪੀੜਤ ਪਰਿਵਾਰਾਂ ਵੱਲੋਂ ਵਿਧਾਨ ਸਭਾ ਨੇੜੇ ਧਰਨਾ

ਚੰਡੀਗੜ੍ਹ : ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੇ ਮੈਂਬਰਾਂ ਵੱਲੋਂ ਅੱਜ ਐਮਐੱਲਏ ਫਲੈਟਾਂ ਤੋਂ ਪੰਜਾਬ ਵਿਧਾਨ ਸਭਾ ਵੱਲ ਜਾਂਦੇ ਰਾਹ ਦੇ ਚੌਕ ’ਤੇ ਧਰਨਾ ਦਿੱਤਾ ਗਿਆ। ਮੁਜ਼ਾਹਰੇ ਵਿਚ ਬੱਚੇ, ਔਰਤਾਂ ਤੇ ਬਜ਼ੁਰਗ ਸ਼ਾਮਲ ਸਨ। ਸੂਬਾ ਸਰਕਾਰ ਖ਼ਿਲਾਫ਼ ਰੋਹ ਪ੍ਰਗਟਾਉਣ ਲਈ ਚੰਡੀਗੜ੍ਹ ਪੁੱਜੇ ਇਨ੍ਹਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਹਾਸਲ ਸੀ। ਇਕੱਠ ਵਿੱਚ ਸ਼ਾਮਲ ਲੋਕਾਂ ਨੂੰ ਯੂਥ ਅਕਾਲੀ ਦਲ ਦੇ ਵਾਲੰਟੀਅਰਾਂ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਤੋਂ ਲਿਆਂਦਾ ਸੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ। ਅਕਾਲੀ ਆਗੂਆਂ ਨੇ ਇਸ ਮੌਕੇ ਕੈਪਟਨ ਸਰਕਾਰ ਵਿਰੁੱਧ ਭੜਾਸ ਕੱਢਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਸਹੁੰ ਚੁੱਕੀ ਸੀ, ਪਰ ਅਜਿਹਾ ਨਹੀਂ ਕੀਤਾ। ਅਕਾਲੀ ਆਗੂਆਂ ਨੇ ਕਰਜ਼ਾ ਮੁਆਫ਼ ਕਰਨ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਤੇ ਮੁਆਵਜ਼ੇ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿਚ ਬਠਿੰਡਾ ਜ਼ਿਲ੍ਹੇ ਦੇ ਗੰਗਾ ਪਿੰਡ ਦਾ ਛੇਵੀਂ ਜਮਾਤ ਦਾ ਵਿਦਿਆਰਥੀ ਮਨਮੀਤ ਸਿੰਘ (11) ਵੀ ਸ਼ਾਮਲ ਸੀ। ਉਸ ਦੇ ਪਿਤਾ ਸਿਰ ਪੰਜ ਲੱਖ ਰੁਪਏ ਦਾ ਕਰਜ਼ਾ ਸੀ ਤੇ ਦੋ ਸਾਲ ਪਹਿਲਾਂ ਉਸ ਨੇ ਖ਼ੁਦਕੁਸ਼ੀ ਕਰ ਲਈ। ਇਕ ਬਜ਼ੁਰਗ ਨੇ ਦੱਸਿਆ ਕਿ ਸਰਕਾਰ ਨੇ ਉਸ ਦੇ ਖ਼ੁਦਕੁਸ਼ੀ ਕਰ ਚੁੱਕੇ 25 ਸਾਲਾ ਪੁੱਤਰ ਨੂੰ ਤਿੰਨ ਲੱਖ ਰੁਪਏ ਦੇ ਮੁਆਵਜ਼ੇ ਦੀ ਰਾਸ਼ੀ ਅਜੇ ਤੱਕ ਨਹੀਂ ਦਿੱਤੀ। ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਦੇ ਬਜ਼ੁਰਗ ਮੋਤੀ ਸਿੰਘ ਨੇ ਦੱਸਿਆ ਕਿ 27 ਸਾਲਾ ਬਲਕਰਨ ਸਿੰਘ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਚੁੱਕਾ ਹੈ।
ਇਸੇ ਤਰ੍ਹਾਂ ਜ਼ੀਰਾ ਨੇੜਲੇ ਪਿੰਡ ਮਰਖਾਈ ਤੋਂ ਆਏ ਗੁਰਚਰਨ ਸਿੰਘ ਦੇ ਪਿਤਾ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਸੀ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਬੈਕਾਂ ਵਲੋਂ ਅਜੇ ਤੱਕ ਉਗਰਾਹੀ ਦੇ ਨੋਟਿਸ ਮਿਲ ਰਹੇ ਹਨ।

ਅਕਾਲੀਆਂ ਦਾ ਧਰਨਾ ਸਿਆਸੀ ਸਟੰਟ: ਕੈਪਟਨ

ਚੰਡੀਗੜ੍ਹ: ਵਿਧਾਨ ਸਭਾ ਨੇੜੇ ਕਿਸਾਨ ਪਰਿਵਾਰਾਂ ਨਾਲ ਅਕਾਲੀਆਂ ਵੱਲੋਂ ਦਿੱਤੇ ਧਰਨੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਟੰਟ ਕਰਾਰ ਦਿੱਤਾ ਹੈ। ਬਜਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਮੌਕੇ ਵਿਧਾਨ ਸਭਾ ਵਿਚੋਂ ਵਾਕ ਆਊਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਪਣੇ 10 ਸਾਲ ਦੇ ਸ਼ਾਸਨ ਦੌਰਾਨ ਕਿਸਾਨਾਂ ਲਈ ਕੁਝ ਵੀ ਕਰਨ ’ਚ ਅਸਫ਼ਲ ਰਹੇ ਹਨ ਅਤੇ ਹੁਣ ਕਿਸਾਨ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਕੋਝੇ ਹੱਥਕੰਡੇ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੀਮਾਂ ਹੇਠ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਿੱਤੀ ਗਈ ਹੈ।

Comments

comments

Share This Post

RedditYahooBloggerMyspace