ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਹਰਿਮੰਦਰ ਸਾਹਿਬ ’ਚ ਵੱਡੀ ਗਿਣਤੀ ਸੰਗਤ ਨਤਮਸਤਕ

ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਚਾਰ ਰੋਜ਼ਾ ਵਿਸਾਖੀ ਮੇਲੇ ਦੇ ਤੀਜੇ ਦਿਨ ਅੱਜ ਲੱਖਾਂ ਦੀ ਤਾਦਾਦ ਵਿੱਚ ਪੁੱਜੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕਰਕੇ ਤਖ਼ਤ ਸਾਹਿਬ ਸਮੇਤ ਇੱਥੋਂ ਦੇ ਹੋਰ ਗੁਰਦੁਆਰਿਆਂ ਵਿੱਚ ਮੱਥਾ ਟੇਕਿਆ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਖਾਲਸੇ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਸਿੱਖ ਧਰਮ ਵਿੱਚ ਵਿਸਾਖੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤ ਨੂੰ ਵਿਸਾਖੀ ਦੇ ਸ਼ੁਭ ਦਿਹਾੜੇ ’ਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਵੀ ਦਿੱਤਾ। ਇਸ ਤੋਂ ਇਲਾਵਾ ਸੰਤ ਸੇਵਕ ਬੁੰਗਾ ਮਸਤੂਆਣਾ ਸਾਹਿਬ, ਗੁਰਦੁਆਰਾ ਦੇਗਸਰ ਬੇਰ ਸਾਹਿਬ ਮੁੱਖ ਛਾਉਣੀ ਬੁੱਢਾ ਦਲ (ਨਿਹੰਗ ਸਿੰਘਾਂ), ਗੁਰਦੁਆਰਾ ਬੁੰਗਾ ਨਾਨਕਸਰ ਆਦਿ ਧਾਰਮਿਕ ਅਸਥਾਨਾਂ ’ਤੇ ਵੀ ਭੋਗ ਪਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵੀ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਵਾਰ ਚੋਣ ਜ਼ਾਬਤੇ ਕਾਰਨ ਸਿਆਸੀ ਕਾਨਫਰੰਸਾਂ ਨਹੀਂ ਹੋਈਆਂ ਤੇ ਵੀਆਈਪੀਜ਼ ਦੇ ਨਾ ਆਉਣ ਕਾਰਨ ਆਮ ਲੋਕਾਂ ਨੇ ਬਿਨਾਂ ਰੋਕ ਟੋਕ ਦੇ ਮੇਲਾ ਦੇਖਿਆ। ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਗੱਤਕਾ ਮੁਕਾਬਲੇ ਕਰਵਾਏ ਗਏ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ: ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਦੌਰਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਨੇ ਮੱਥਾ ਟੇਕਿਆ ਅਤੇ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਮੌਕੇ ਲਗਪਗ ਇਕ ਹਜ਼ਾਰ ਵਿਅਕਤੀਆਂ ਨੇ ਅੰਮ੍ਰਿਤਪਾਨ ਵੀ ਕੀਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਰਾਤ ਤੋਂ ਹੀ ਵੱਡੀ ਗਿਣਤੀ ਸੰਗਤ ਪੁੱਜੀ ਹੋਈ ਸੀ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਅੱਜ ਲਗਪਗ ਦੋ ਲੱਖ ਤੋਂ ਵੱਧ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਦੱਸਿਆ ਕਿ ਰਾਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਇਮਾਰਤਾਂ ’ਤੇ ਦੀਪਮਾਲਾ ਕੀਤੀ ਗਈ ਹੈ ਅਤੇ ਰਹਿਰਾਸ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਗਈ।

ਮੁਤਵਾਜ਼ੀ ਜਥੇਦਾਰ ਦਾਦੂਵਾਲ ਵੱਲੋਂ ਕੌਮ ਦੇ ਨਾਂ ਸੰਦੇਸ਼
ਤਲਵੰਡੀ ਸਾਬੋ:
ਸਰਬੱਤ ਖਾਲਸਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਵਿਸਾਖੀ ਮੌਕੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਸ ਦਿਨ ਕਲਗੀਧਰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਤੇ ਸਾਨੂੰ ਮਹਾਨ ਗੌਰਵਮਈ ਵਿਰਾਸਤ ਬਖਸ਼ਿਸ਼ ਕੀਤੀ ਤੇ ਉਸੇ ਵਿਰਾਸਤ ਨੂੰ ਅੱਜ ਸਾਂਭਣ ਦੀ ਲੋੜ ਹੈ ਕਿਉਂਕਿ ਅੱਜ ਪੰਥ ਵਿਰੋਧੀ ਲੋਕ ਸਾਡੀਆਂ ਮਹਾਨ ਸੰਸਥਾਵਾਂ ’ਤੇ ਕਾਬਜ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਜਾਰੀ ਹੈ ਤੇ ਬੇਕਸੂਰ ਸਿੱਖ ਨੌਜਵਾਨ ਜੇਲ੍ਹਾਂ ਵਿੱਚ ਬੰਦ ਹਨ। ਮੁਤਵਾਜ਼ੀ ਜਥੇਦਾਰ ਨੇ ਕਿਹਾ ਕਿ ਸਿੱਖ ਵਿਰਾਸਤ ਨਾਲ ਸਬੰਧਤ ਨਿਸ਼ਾਨੀਆਂ ਨੂੰ ਜਾਣ ਬੁੱਝ ਕੇ ਖ਼ਤਮ ਕੀਤਾ ਜਾ ਰਿਹਾ ਹੈ।

Comments

comments

Share This Post

RedditYahooBloggerMyspace