ਬਹਿਬਲ ਕਾਂਡ: ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ

ਫ਼ਰੀਦਕੋਟ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਠ ਮਹੀਨਿਆਂ ਦੀ ਲੰਬੀ ਪੜਤਾਲ ਤੋਂ ਬਾਅਦ ਪੰਜ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ ਅਤੇ ਇਸ ਦੋਸ਼ ਪੱਤਰ ਨੂੰ ਅੰਤਿਮ ਛੋਹਾਂ ਦੇਣ ਲਈ ਸਰਕਾਰੀ ਵਕੀਲਾਂ ਨੂੰ ਇਸ ਦੋਸ਼ ਪੱਤਰ ਨੂੰ ਪਾਸ ਕਰਨ ਲਈ ਕਿਹਾ ਹੈ। ਸਰਕਾਰੀ ਵਕੀਲ ਇਸ ਦੋਸ਼ ਪੱਤਰ ਉੱਤੇ ਕੋਈ ਇਤਰਾਜ਼ ਨਹੀਂ ਲਾਉਂਦੇ ਤਾਂ ਇਹ ਦੋਸ਼ ਪੱਤਰ ਫ਼ਰੀਦਕੋਟ ਦੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਹੋਰ ਤੱਥ ਲੱਭਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਜਾਂਚ ਟੀਮ ਨੇ ਅਕਤੂਬਰ-2018 ਵਿੱਚ ਆਪਣਾ ਕੰਮ ਸ਼ੁਰੂ ਕੀਤਾ ਸੀ ਅਤੇ ਛੇ ਮਹੀਨਿਆਂ ਦੇ ਅਰਸੇ ਦੌਰਾਨ ਜਾਂਚ ਟੀਮ ਨੇ ਪੜਤਾਲ ਮੁਕੰਮਲ ਹੋਣ ਦਾ ਦਾਅਵਾ ਕੀਤਾ ਹੈ। ਜਾਂਚ ਟੀਮ ਨੇ ਬਹਿਬਲ ਗੋਲੀ ਕਾਂਡ ਵਿੱਚ ਕਤਲ ਕੀਤੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਦੇ ਮਾਮਲੇ ਵਿੱਚ ਬਾਜਾਖਾਨਾ ਥਾਣੇ ਵਿੱਚ ਦਰਜ ਹੋਈ ਐੱਫਆਈਆਰ ਨੰਬਰ 130 ਅ/ਧ 302, 307, 201, 120-ਬੀ ਅਤੇ ਅਸਲਾ ਐਕਟ ਵਿੱਚ ਪੰਜਾਬ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਅਤੇ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।

ਪੁਲੀਸ ਜਿਹੜੀ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕਰਨ ਜਾ ਰਹੀ ਹੈ ਉਸ ਵਿੱਚ 160 ਦੇ ਕਰੀਬ ਗਵਾਹਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਅੱਧੀ ਦਰਜਨ ਸਰਕਾਰੀ ਵਾਹਨਾਂ ਨੂੰ ਸਬੂਤ ਵਜੋਂ ਕਬਜ਼ੇ ਵਿੱਚ ਲਿਆ ਗਿਆ ਹੈ। ਸਰਕਾਰੀ ਹਥਿਆਰਾਂ ਅਤੇ ਕਾਰਤੂਸਾਂ ਨੂੰ ਵੀ ਅਦਾਲਤ ਵਿੱਚ ਸਬੂਤ ਵਜੋਂ ਪੇਸ਼ ਕੀਤਾ ਜਾਵੇਗਾ। ਜਾਂਚ ਟੀਮ ਬਹਿਬਲ ਕਾਂਡ ਵਿੱਚ ਚਲਾਨ ਪੇਸ਼ ਕਰਨ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਸੀ ਪ੍ਰੰਤੂ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਡੇਰਾ ਮੁਖੀ ਤੋਂ ਪੁੱਛਗਿਛ ਨਹੀਂ ਹੋ ਸਕੀ। ਬਹਿਬਲ ਕਾਂਡ ਵਿੱਚ ਦੋਸ਼ੀ ਨਾਮਜ਼ਦ ਹੋਣ ਤੋਂ ਬਾਅਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਗਈ ਸੀ। ਜਾਂਚ ਟੀਮ ਨੇ ਇਸ ਜ਼ਮਾਨਤ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 23 ਮਈ ਤੱਕ ਟਾਲ ਦਿੱਤੀ ਹੈ।

ਦੂਜੇ ਪਾਸੇ 27 ਅਪਰੈਲ ਤੋਂ ਪਹਿਲਾਂ ਬਹਿਬਲ ਕਾਂਡ ਮਾਮਲੇ ਵਿੱਚ ਅਦਾਲਤ ’ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ, ਇਸ ਲਈ ਜਾਂਚ ਟੀਮ ਨੇ ਹੁਣ ਤੱਕ ਦੀ ਪੜਤਾਲ ਦੌਰਾਨ ਇਕੱਠੇ ਹੋਏ ਗਵਾਹਾਂ ਤੇ ਸਬੂਤਾਂ ਦੇ ਆਧਾਰ ’ਤੇ ਚਾਰਜਸ਼ੀਟ ਤਿਆਰ ਕਰ ਲਈ ਹੈ ਜਿਸ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਉਸ ਦਿਨ ਅਦਾਲਤਾਂ ਖੁੱਲ੍ਹਣਗੀਆਂ। ਜਾਂਚ ਟੀਮ ਦੇ ਸੂਤਰਾਂ ਨੇ ਦੱਸਿਆ ਕਿ ਲੋੜ ਪਈ ਤਾਂ ਚਲਾਨ ਪੇਸ਼ ਕਰਨ ਤੋਂ ਬਾਅਦ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੀ ਇਜਾਜ਼ਤ ਅਦਾਲਤ ਪਾਸੋਂ ਲਈ ਜਾਵੇਗੀ। ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਜਾਂਚ ਤੋਂ ਪਾਸੇ ਹਟਣ ਨਾਲ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਲਾਨ ਪੇਸ਼ ਹੋਣ ਵਿੱਚ ਦੇਰੀ ਹੋਈ ਹੈ।
ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਅਧਿਕਾਰੀ ਨੇ ਇਸ ਸਬੰਧੀ ਸੰਪਰਕ ਕਰਨ ’ਤੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਮੀਡੀਆ ਨਾਲ ਕਿਸੇ ਵੀ ਕਿਸਮ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ ਅਤੇ ਨਾ ਹੀ ਉਹ ਕੋਈ ਪ੍ਰਤੀਕਿਰਿਆ ਦੇ ਸਕਦੇ ਹਨ ਕਿਉਂਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਸ ਜਾਂਚ ਸਬੰਧੀ ਕਿਸੇ ਵੀ ਕਿਸਮ ਦੀ ਟਿੱਪਣੀ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Comments

comments

Share This Post

RedditYahooBloggerMyspace