ਦੂਲੋ ਦੀ ਪਤਨੀ ‘ਆਪ’ ਵਿਚ ਸ਼ਾਮਲ

ਜਲੰਧਰ: ਕਾਂਗਰਸ ਨੂੰ ਅੱਜ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦ ਪਾਰਟੀ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਤੇ ਸਾਬਕਾ ਵਿਧਾਇਕਾ ਬੀਬੀ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ‘ਆਪ’ ਵਿਚ ਸ਼ਾਮਲ ਹੁੰਦਿਆਂ ਹੀ ਪਾਰਟੀ ਨੇ ਉਨ੍ਹਾਂ ਨੂੰ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ। ਹਾਲਾਂਕਿ ‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਹੀ ਆਪਣਾ ਉਮੀਦਵਾਰ ਬਲਜਿੰਦਰ ਸਿੰਘ ਚੌਂਦਾ ਨੂੰ ਐਲਾਨਿਆ ਹੋਇਆ ਸੀ ਪਰ ਟਿਕਟ ਵਾਪਸ ਲੈ ਕੇ ਹੁਣ ਬੀਬੀ ਹਰਬੰਸ ਕੌਰ ਨੂੰ ਉਮੀਦਵਾਰ ਬਣਾ ਦਿੱਤਾ ਗਿਆ ਹੈ। ਤੇਜ਼ੀ ਨਾਲ ਵਾਪਰੇ ਇਸ ਘਟਨਾਕ੍ਰਮ ਬਾਰੇ ਐਲਾਨ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸਿੰਘ ਚੌਂਦਾ, ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਜਸਟਿਸ ਜ਼ੋਰਾ ਸਿੰਘ, ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਤੇ ਐਨਆਰਆਈ ਵਿੰਗ ਦੇ ਪ੍ਰਧਾਨ ਜੈ ਕਿਸ਼ਨ ਸਿੰਘ ਰੋੜੀ, ਜਲੰਧਰ ਸ਼ਹਿਰੀ ਦੇ ਪ੍ਰਧਾਨ ਡਾ. ਸ਼ਿਵਦਿਆਲ ਮਾਲੀ ਅਤੇ ਸੂਬਾ ਉਪ ਪ੍ਰਧਾਨ ਡਾ. ਸੰਜੀਵ ਸ਼ਰਮਾ ਵੀ ਹਾਜ਼ਰ ਸਨ। ਅਮਨ ਅਰੋੜਾ ਨੇ ਕਿਹਾ ਕਿ ਦੂਲੋ ਪਰਿਵਾਰ ਨੇ ਹਮੇਸ਼ਾ ਦਲਿਤਾਂ, ਗਰੀਬਾਂ ਅਤੇ ਦਬੇ-ਕੁਚਲੇ ਲੋਕਾਂ ਦੇ ਹੱਕਾਂ ਲਈ ਪਹਿਰਾ ਦਿੱਤਾ ਹੈ ਤੇ ਇਨ੍ਹਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਬੰਸ ਕੌਰ ਦੂਲੋ ਫ਼ਤਹਿਗੜ੍ਹ ਸਾਹਿਬ ਤੋਂ ਜਿੱਤ ਦਰਜ ਕਰਨਗੇ ਤੇ ਸੂੁਬਾ ਪੱਧਰ ’ਤੇ ਵੀ ਇਸ ਦਾ ਫਾਇਦਾ ਮਿਲੇਗਾ। ਬੀਬੀ ਦੂਲੋ ਨੇ ਕਿਹਾ ਕਿ ਉਨ੍ਹਾਂ ਇਹ ਫ਼ੈਸਲਾ ਸ੍ਰੀ ਦੂਲੋ ਨੂੰ ਪੁੱਛ ਕੇ ਲਿਆ ਹੈ, ਪਰ ਦੂਲੋ ਸਾਹਿਬ ਦਾ ਆਪਣੇ ਬਾਰੇ ਕੀ ਫ਼ੈਸਲਾ ਹੈ, ਇਸ ਬਾਰੇ ਉਹ ਖ਼ੁਦ ਹੀ ਦੱਸ ਸਕਦੇ ਹਨ। ਇਸ ਮੌਕੇ 2017 ’ਚ ਤ੍ਰਿਣਮੂਲ ਕਾਂਗਰਸ ਪਾਰਟੀ ਵੱਲੋਂ ਜਲੰਧਰ ਕੇਂਦਰੀ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਨੌਜਵਾਨ ਆਗੂ ਤਰਣਜੀਤ ਸਿੰਘ ਸਨੀ ਨੇ ਆਪਣੇ 100 ਤੋਂ ਵੱਧ ਨੌਜਵਾਨ ਸਾਥੀਆਂ ਨਾਲ ਮੁੜ ‘ਆਪ’ ਦਾ ਝਾੜੂ ਚੁੱਕ ਲਿਆ ਹੈ। ਸ੍ਰੀ ਖਡੂਰ ਸਾਹਿਬ ਹਲਕੇ ਤੋਂ ਟਕਸਾਲੀ ਅਕਾਲੀ ਦਲ ਵਾਂਗ ਪਰਮਜੀਤ ਕੌਰ ਖਾਲੜਾ ਦੇ ਹੱਕ ’ਚ ‘ਆਪ’ ਦਾ ਉਮੀਦਵਾਰ ਵਾਪਸ ਲੈਣ ਦੇ ਸਵਾਲ ’ਤੇ ਅਮਨ ਅਰੋੜਾ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਲਈ ਲੜਾਈ ਲੜੀ ਅਤੇ ਕੁਰਬਾਨੀ ਦਿੱਤੀ ਅਤੇ ਸਾਡੀ ਪਾਰਟੀ ਵੀ ਉਹੋ ਜਿਹਾ ਨਿਜ਼ਾਮ ਸਥਾਪਤ ਕਰਨਾ ਚਾਹੁੰਦੀ ਹੈ, ਜਿੱਥੇ ਮਨੁੱਖੀ ਅਧਿਕਾਰ ਸੁਰੱਖਿਅਤ ਰਹਿਣ। ਇਸੇ ਲਈ ਸਤਿਕਾਰ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ।

Comments

comments

Share This Post

RedditYahooBloggerMyspace