ਬੇਅਦਬੀ ਕਾਂਡ: ਰਣੀਕੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਕੋਟਕਪੂਰਾ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਧੂੜਕੋਟ, ਕੋਟਸੁਖੀਆ ਅਤੇ ਚਹਿਲ ਵਿੱਚ ਲੋਕ ਰੋਹ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਪਿੰਡਾਂ ਵਿੱਚ ਲੋਕਾਂ ਨੇ ਅਕਾਲੀ ਉਮੀਦਵਾਰ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਵਿਖਾਵਾ ਕੀਤਾ। ਲੋਕਾਂ ’ਚ ਬਰਗਾੜੀ ਬੇਅਦਬੀ ਕਾਂਡ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਖ਼ਿਲਾਫ਼ ਭਾਰੀ ਰੋਸ ਹੈ।

ਜਾਣਕਾਰੀ ਅਨੁਸਾਰ ਰਣੀਕੇ ਵੱਲੋਂ ਹਲਕੇ ਦੇ ਪਿੰਡਾਂ ’ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ। ਸ੍ਰੀ ਰਣੀਕੇ ਨੇ ਦਾਅਵੇ ਕੀਤਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਥਿਤੀ ਮਜ਼ਬੂਤ ਹੈ ਅਤੇ ਪੰਜਾਬ ਸਰਕਾਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਸੁਖਬੀਰ ਸਿੰਘ ਬਾਦਲ ਸੂਬੇ ਦੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਲੋਕਾਂ ਨੂੰ ਪਾਰਟੀ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਦੌਰਾਨ ਜਦੋਂ ਉਹ ਪਿੰਡ ਕੋਟਸੁਖੀਆ ਪਹੁੰਚੇ ਤਾਂ ਲੋਕਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ’ਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਦਾ ਨਾਮ ਆਉਣ ’ਤੇ ਉਹ ਬਹੁਤ ਦੁਖੀ ਹਨ। ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਤੋਂ ਬਾਅਦ ਅਕਾਲੀ ਦਲ ਨੂੰ ਲਗਾਤਾਰ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਲੋਕ ਰੋਹ ਕਾਰਨ ਹੀ ਅਕਾਲੀ ਦਲ ਫ਼ਰੀਦਕੋਟ ਵਿਧਾਨ ਸਭਾ ਦੀਆਂ ਤਿੰਨੋਂ ਸੀਟਾਂ ਹਾਰ ਗਿਆ ਸੀ। ਇਸ ਤੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਚੋਣਾਂ ਮੌਕੇ ਵੀ ਪਿੰਡ ਭਾਣਾ ’ਚ ਲੋਕਾਂ ਨੇ ਅਕਾਲੀ ਦਲ ਦਾ ਤਿੱਖ਼ਾ ਵਿਰੋਧ ਕੀਤਾ ਸੀ ਅਤੇ ਬਾਈਕਾਟ ਦਾ ਐਲਾਨ ਹੋਇਆ ਸੀ। ਲੋਕ ਰੋਹ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਵਾਰ ਅਕਾਲੀ-ਭਾਜਪਾ ਉਮੀਦਵਾਰ ਲਈ ਇਹ ਰਾਹ ਆਸਾਨ ਨਹੀਂ ਹੈ।

Comments

comments

Share This Post

RedditYahooBloggerMyspace