ਪੰਜਾਬ ’ਚ ਸਾਡੀ ਕਾਰਗੁਜ਼ਾਰੀ ਬਾਕੀ ਸਾਰਿਆਂ ਤੋਂ ਵਧੀਆ: ਭਾਜਪਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਸੰਸਦੀ ਚੋਣਾਂ ਦੌਰਾਨ ਸੂਬੇ ਵਿੱਚ ਪਾਰਟੀ ਦਾ ਵੋਟ ਬੈਂਕ ਵਧਣ ਅਤੇ ਤਿੰਨਾਂ ਵਿੱਚੋਂ ਦੋ ਸੀਟਾਂ ਜਿੱਤਣ ’ਤੇ ਅੱਜ ਇਥੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਦੀ ਕੋਰ ਕਮੇਟੀ ਨੇ ਸੰਸਦੀ ਚੋਣਾਂ ਦੀ ਸਮੀਖਿਆ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਦੂਈ ਕ੍ਰਿਸ਼ਮੇ ਦੇ ਆਧਾਰ ’ਤੇ ਪਾਰਟੀ ਦੀ ਹੋਈ ਜਿੱਤ ਨੂੰ ਭਵਿੱਖ ਲਈ ਵੀ ਸ਼ੁਭ ਕਰਾਰ ਦਿੱਤਾ। ਸੂਤਰਾਂ ਮੁਤਾਬਕ ਪਾਰਟੀ ਦੇ ਕਈ ਆਗੂਆਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਭਵਿੱਖ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਵੱਧ ਸੀਟਾਂ ਮੰਗੀਆਂ ਜਾਣ। ਅਜਿਹੀ ਦਲੀਲ ਦੇਣ ਵਾਲੇ ਆਗੂਆਂ ਨੇ ਕਿਹਾ ਕਿ ਸੰਸਦੀ ਚੋਣਾਂ ਦੌਰਾਨ ਅਕਾਲੀਆਂ ਨੇ 10 ਵਿੱਚੋਂ ਦੋ ਜਦਕਿ ਭਾਜਪਾ ਨੇ ਤਿੰਨ ਵਿੱਚੋਂ ਦੋ ਸੀਟਾਂ ਜਿੱਤੀਆਂ ਹਨ। ਇਸ ਤੋਂ ਸਹਿਜੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸੂਬੇ ਦੇ ਵੋਟਰਾਂ ਦੀ ਨਾਰਾਜ਼ਗੀ ਅਕਾਲੀਆਂ ਨਾਲ ਤਾਂ ਹੋ ਸਕਦੀ ਹੈ ਪਰ ਭਾਜਪਾ ਨਾਲ ਨਹੀਂ। ਭਗਵਾਂ ਪਾਰਟੀ ਦੇ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਤਿਆਰੀਆਂ ਆਰੰਭ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਦੀ ਸ਼ਖਸੀਅਤ ਦਾ ਲਾਭ ਲੈ ਕੇ ਸੱਤਾ ’ਚ ਆਉਣ ਲਈ ਲੋਕਾਂ ਨਾਲ ਰਾਬਤਾ ਬਣਾਉਣ ਦੀ ਜ਼ਰੂਰਤ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਸੀਟ ਭਾਵੇਂ ਭਾਜਪਾ ਹਾਰ ਗਈ ਹੈ ਪਰ ਫਿਰ ਵੀ ਉਸ ਦੀ ਕਾਰਗੁਜ਼ਾਰੀ ਬਿਹਤਰ ਰਹੀ ਕਿਉਂਕਿ ਕੋਈ ਵੀ ਪਾਰਟੀ ਸਾਰੀਆਂ ਸੀਟਾਂ ਜਿੱਤਣ ਲਈ ਚੋਣ ਲੜਦੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸੰਸਦੀ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਨੇ 14 ਵਿਧਾਨ ਸਭਾ ਹਲਕਿਆਂ ’ਚ ਵਿਰੋਧੀਆਂ ਨੂੰ ਪਛਾੜਿਆ ਅਤੇ ਵੋਟ ਬੈਂਕ ਵੀ ਵਧਾਇਆ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਭਾਜਪਾ ਨੂੰ ਸਿਰਫ਼ 3 ਸੀਟਾਂ ਹੀ ਮਿਲੀਆਂ ਸਨ। ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀਆਂ ਤੋਂ ਵੱਧ ਸੀਟਾਂ ਲੈਣ ਦੇ ਸੁਆਲ ਨੂੰ ਟਾਲਦਿਆਂ ਸ੍ਰੀ ਮਲਿਕ ਨੇ ਕਿਹਾ ਕਿ ਅਜੇ ਇਹ ਕੋਈ ਮੁੱਦਾ ਨਹੀਂ ਹੈ ਅਤੇ ਪਾਰਟੀ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲੋਕਾਂ ’ਚ ਲਿਜਾ ਕੇ ਆਧਾਰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਤ ਕਰੇਗੀ। ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੇਕਰ ਸ਼ਰੇਆਮ ਆਪਣੇ ਮੰਤਰੀ ’ਤੇ ਦੋਸ਼ ਲਾ ਰਹੇ ਹਨ ਕਿ ਸ਼ਹਿਰਾਂ ਦਾ ਵਿਕਾਸ ਨਹੀਂ ਹੋਇਆ ਹੈ ਤਾਂ ਇਸ ਤੋਂ ਸਾਬਿਤ ਹੁੰਦਾ ਹੈ ਕਿ ਪੰਜਾਬ ਦੀ ਹਾਲਤ ਬਦਤਰ ਹੋਈ ਪਈ ਹੈ।

Comments

comments

Share This Post

RedditYahooBloggerMyspace