ਕੋਟਕਪੂਰਾ ਗੋਲੀ ਕਾਂਡ: ਪੰਜ ਪੁਲੀਸ ਅਫ਼ਸਰਾਂ ਖਿਲਾਫ਼ ਕੇਸ ਚਲਾਉਣ ਲਈ ਹਰੀ ਝੰਡੀ

ਫ਼ਰੀਦਕੋਟ: ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਟੀਮ ਵੱਲੋਂ ਦੋਸ਼ੀਆਂ ਵਜੋਂ ਨਾਮਜ਼ਦ ਕੀਤੇ ਗਏ ਪੰਜ ਪੁਲੀਸ ਅਧਿਕਾਰੀਆਂ ਖ਼ਿਲਾਫ਼ ਪੰਜਾਬ ਦੇ ਗ੍ਰਹਿ ਵਿਭਾਗ ਨੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਨਿਯਮਾਂ ਮੁਤਾਬਕ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਤੋਂ ਪਹਿਲਾਂ ਸਬੰਧਤ ਵਿਭਾਗ ਦੀ ਮਨਜ਼ੂਰੀ ਲਾਜ਼ਮੀ ਸੀ ਅਤੇ ਗ੍ਰਹਿ ਵਿਭਾਗ ਨੇ ਇੱਕ ਦਿਨ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮ ਨੂੰ ਇਹ ਮਨਜ਼ੂਰੀ ਦੇ ਦਿੱਤੀ ਸੀ। ਜਾਂਚ ਟੀਮ ਨੇ ਗ੍ਰਹਿ ਵਿਭਾਗ ਦਾ ਹੁਕਮ ਅੱਜ ਅਦਾਲਤ ਨੂੰ ਸੌਂਪ ਦਿੱਤਾ। ਗ੍ਰਹਿ ਵਿਭਾਗ ਨੇ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਪਰਮਜੀਤ ਸਿੰਘ ਪੰਨੂ, ਐੱਸਪੀ ਬਲਜੀਤ ਸਿੰਘ ਸਿੱਧੂ ਅਤੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਜਾਂਚ ਟੀਮ ਨੇ ਇਹ ਮਨਜ਼ੂਰੀ ਡੀਜੀਪੀ ਦਫ਼ਤਰ ਰਾਹੀਂ ਗ੍ਰਹਿ ਵਿਭਾਗ ਤੋਂ ਹਾਸਲ ਕੀਤੀ ਹੈ। ਮਨਜ਼ੂਰੀ ਪੱਤਰ ਵਿੱਚ ਲਿਖਿਆ ਹੈ ਕਿ ਜਾਂਚ ਟੀਮ ਵੱਲੋਂ ਹੁਣ ਤੱਕ ਕੀਤੀ ਗਈ ਪੜਤਾਲ ਤੋਂ ਗ੍ਰਹਿ ਵਿਭਾਗ ਇਸ ਗੱਲੋਂ ਸੰਤੁਸ਼ਟ ਹੈ ਕਿ ਉਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਜਾਂਚ ਟੀਮ ਨੇ ਲੋੜੀਂਦੇ ਸਬੂਤ ਤੇ ਗਵਾਹ ਰਿਕਾਰਡ ’ਤੇ ਲਿਆਂਦੇ ਹਨ।
ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋਸ਼ੀ ਨਾਮਜ਼ਦ ਕੀਤੇ ਗਏ ਐੱਸਪੀ ਪਰਮਜੀਤ ਸਿੰਘ ਪੰਨੂ ਨੂੰ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ ਪੇਸ਼ਗੀ ਜ਼ਮਾਨਤ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ ਗੁਰਦੀਪ ਸਿੰਘ ਪੰਧੇਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜਦੋਂ ਕਿ ਕੋਟਕਪੂਰਾ ਦੇ ਸਾਬਕਾ ਡੀਐੱਸਪੀ ਬਲਜੀਤ ਸਿੰਘ ਸਿੱਧੂ ਦੀ ਜ਼ਮਾਨਤ ’ਤੇ ਸੁਣਵਾਈ 10 ਜੂਨ ਤੱਕ ਮੁਲਤਵੀ ਕਰ ਦਿੱਤੀ। ਜਾਂਚ ਟੀਮ ਵੱਲੋਂ ਚਲਾਨ ਪੇਸ਼ ਕਰਨ ਤੋਂ ਬਾਅਦ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅੱਜ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਇਸ ਕੇਸ ਦੀ ਸੁਣਵਾਈ 10 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। 10 ਜੂਨ ਨੂੰ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਸਾਹਮਣੇ ਪੇਸ਼ ਹੋਣਗੇ। ਸੈਸ਼ਨ ਜੱਜ ਹਰਪਾਲ ਸਿੰਘ ਨੇ ਪਰਮਜੀਤ ਸਿੰਘ ਪੰਨੂ ਨੂੰ ਜ਼ਮਾਨਤ ਦਾ ਹੁਕਮ ਦਿੰਦਿਆਂ ਉਸ ਨੂੰ ਆਦੇਸ਼ ਦਿੱਤੇ ਹਨ ਕਿ ਉਹ ਹੇਠਲੀ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਜ਼ਮਾਨਤ ਤੇ ਮੁਚੱਲਕੇ ਭਰਨ। ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਸੂਚਨਾ ਅਨੁਸਾਰ ਉਨ੍ਹਾਂ ਨੂੰ ਅਜੇ ਤੱਕ ਪੇਸ਼ ਹੋਣ ਲਈ ਅਦਾਲਤ ਦੇ ਸੰਮਨ ਨਹੀਂ ਮਿਲੇ।

Comments

comments

Share This Post

RedditYahooBloggerMyspace