ਕੁੰਵਰ ਵਿਜੈ ਪ੍ਰਤਾਪ ਮਾਮਲਾ: ਸਰਕਾਰ ਵੱਲੋਂ ਚੋਣ ਕਮਿਸ਼ਨ ਦੇ ਨਿਰਦੇਸ਼ ਮੰਨਣ ਦਾ ਦਾਅਵਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਆਈਜੀ ਰੈਂਕ ਦੇ ਪੁਲੀਸ ਅਧਿਕਾਰੀ ਤੇ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਮਾਮਲੇ ’ਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਅਨੁਸਾਰ ਗ੍ਰਹਿ ਵਿਭਾਗ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।
ਇਸ ਰਿਪੋਰਟ ਵਿਚ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਆਈਜੀ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਤਾਇਨਾਤ ਕਰ ਦਿੱਤਾ ਸੀ। ਸਰਕਾਰ ਦਾ ਕਹਿਣਾ ਹੈ ਕਿ ਕਮਿਸ਼ਨ ਨੇ ਇਸ ਅਧਿਕਾਰੀ ਨੂੰ ਐੱਸ.ਆਈ.ਟੀ. ਦੇ ਮੈਂਬਰ ਵਜੋਂ ਹਟਾਉਣ ਲਈ ਨਹੀਂ ਕਿਹਾ ਸੀ, ਸਗੋਂ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦੀ ਗੱਲ ਕਰਨ ਤੋਂ ਵਰਜਿਆ ਸੀ। ਸਰਕਾਰ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੋਂ ਬਾਅਦ ਸੰਸਦੀ ਚੋਣਾਂ ਦੇ ਸਮੁੱਚੇ ਅਮਲ ਦੌਰਾਨ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਅਤੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਜ਼ਾਬਤੇ ਦੌਰਾਨ ਗੋਲੀ ਕਾਂਡ ਦੇ ਮਾਮਲੇ ਵਿਚ ਦੋਸ਼ ਪੱਤਰ ਦਾਖ਼ਲ ਕਰਨ ਦੇ ਦੋਸ਼ਾਂ ਦੇ ਜਵਾਬ ਵਿਚ ਸਰਕਾਰ ਨੇ ਕਿਹਾ ਕਿ 23 ਮਈ ਨੂੰ ਐੱਸਆਈਟੀ ਦੇ ਮੈਂਬਰ ਵਜੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦੋਸ਼ ਪੱਤਰ ’ਤੇ ਸਿਰਫ਼ ਦਸਤਖ਼ਤ ਕੀਤੇ ਗਏ ਸਨ ਪਰ ਦੋਸ਼ ਪੱਤਰ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ 27 ਮਈ ਨੂੰ ਅਦਾਲਤ ਵਿਚ ਦਾਖ਼ਲ ਕੀਤਾ ਗਿਆ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਐੱਸਆਈਟੀ ਦੇ ਗਠਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਈ ਭੂਮਿਕਾ ਨਹੀਂ ਹੈ ਤੇ ਇਸ ਦਾ ਗਠਨ ਤਤਕਾਲੀ ਡੀਜੀਪੀ ਨੇ ਕੀਤਾ ਸੀ। ਇਸ ਤਰ੍ਹਾਂ ਸੂਬਾ ਸਰਕਾਰ ਨੇ ਇਸ ਮਾਮਲੇ ’ਤੇ ਦੋਸ਼ਾਂ ਤੋਂ ਪੱਲਾ ਝਾੜ ਲਿਆ ਹੈ।
ਚੋਣ ਕਮਿਸ਼ਨ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਸੰਸਦੀ ਚੋਣਾਂ ਦੇ ਅਮਲ ਦੌਰਾਨ ਤਬਦੀਲ ਕਰਨ ਸਬੰਧੀ ਪੈਦਾ ਹੋਏ ਵਿਵਾਦ ’ਤੇ ਰਾਜ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੋਂ ਜਵਾਬ ਮੰਗਿਆ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਨਰੇਸ਼ ਗੁਜਰਾਲ ਦੀ ਸ਼ਿਕਾਇਤ ’ਤੇ ਹੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕੀਤਾ ਗਿਆ ਸੀ। ਇਸੇ ਅਕਾਲੀ ਆਗੂ ਦੀ ਅਗਵਾਈ ਹੇਠ ਚੋਣ ਕਮਿਸ਼ਨ ਨੂੰ ਪਾਰਟੀ ਦੇ ਇਕ ਵਫ਼ਦ ਨੇ ਮੰਗ ਪੱਤਰ ਦੇ ਕੇ ਦੋਸ਼ ਲਾਇਆ ਸੀ ਕਿ ਰਾਜ ਸਰਕਾਰ ਵੱਲੋਂ ਇਸ ਪੁਲੀਸ ਅਧਿਕਾਰੀ ਦੇ ਤਬਾਦਲੇ ਸਬੰਧੀ 8 ਅਪਰੈਲ ਨੂੰ ਜੋ ਹੁਕਮ ਜਾਰੀ ਕੀਤੇ ਗਏ ਸਨ, ਇਹ ਹੁਕਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਨਹੀਂ ਸਨ। ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਆਈਜੀ ਕ੍ਰਾਈਮ ਅਤੇ ਸੰਗਠਿਤ ਅਪਰਾਧ ਰੋਕੂ ਯੂਨਿਟ ਦੇ ਮੁਖੀ ਦੇ ਅਹੁਦੇ ਤੋਂ ਹਟਾ ਕੇ ਆਈਜੀ ਕਾਊਂਟਰ ਇੰਟੈਲੀਜੈਂਸ ਵਜੋਂ ਤਾਇਨਾਤ ਕਰਨ ਦੇ ਹੁਕਮ 8 ਅਪਰੈਲ ਨੂੰ ਜਾਰੀ ਕੀਤੇ ਗਏ ਸਨ ਤੇ ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਕੈਪਟਨ ਸਰਕਾਰ ਨੇ ਇਸ ਪੁਲੀਸ ਅਧਿਕਾਰੀ ਨੂੰ ਪੁਰਾਣੇ ਅਹੁਦਿਆਂ ’ਤੇ ਤਾਇਨਾਤ ਕਰਨ ਸਬੰਧੀ ਹੁਕਮ 27 ਮਈ ਨੂੰ ਜਾਰੀ ਕੀਤੇ ਸਨ।

Comments

comments

Share This Post

RedditYahooBloggerMyspace