ਸ਼੍ਰੋਮਣੀ ਕਮੇਟੀ ਕਸ਼ਮੀਰੀ ਧੀਆਂ ਦੀ ਰੱਖਿਆ ਲਈ ਡਟੀ

ਜੰਮੂ ਕਸ਼ਮੀਰ ਵਿੱਚ ਪਾਬੰਦੀਆਂ ਕਰਕੇ ਘਰ ਜਾਣ ਤੋਂ ਮਹਿਰੂਮ ਰਹੀ ਕਸ਼ਮੀਰੀ ਵਿਦਿਆਰਥਣ ਸਾਥਣ ਦੇ ਗਲ ਲੱਗ ਕੇ ਚਿੱਤ ਹੌਲਾ ਕਰਦੀ ਹੋਈ। ਨਵੀਂ ਦਿੱਲੀ ਵਿੱਚ ਸੋਮਵਾਰ ਨੂੰ ਅਜਿਹੇ ਕਸ਼ਮੀਰੀ ਵਿਦਿਆਰਥੀਆਂ ਲਈ ਵਿਸ਼ੇਸ਼ ਸਮਾਗਮ ਵਿਉਂਤਿਆ ਗਿਆ ਸੀ।

ਅੰਮ੍ਰਿਤਸਰ: ਜੰਮੂ ਕਸ਼ਮੀਰ ਸੂਬੇ ਵਿਚ ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਕਸ਼ਮੀਰੀ ਔਰਤਾਂ ਨੂੰ ਅਪਮਾਨ ਦਾ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਰੱਖਿਆ ਕਰਨ ਦਾ ਐਲਾਨ ਕੀਤਾ ਹੈ। ਗੁਰਦੁਆਰਿਆਂ ਵਿਚ ਰਹਿਣ ਅਤੇ ਖਾਣ-ਪੀਣ ਤੋਂ ਇਲਾਵਾ ਕਸ਼ਮੀਰੀ ਮੁਟਿਆਰਾਂ ਨੂੰ ਉਨ੍ਹਾਂ ਦੇ ਘਰਾਂ ਤਕ ਸੁਰੱਖਿਅਤ ਪਹੁੰਚਾਉਣ ਦੀ ਵੀ ਸ਼੍ਰੋਮਣੀ ਕਮੇਟੀ ਨੇ ਜ਼ਿੰਮੇਵਾਰੀ ਲਈ ਹੈ। ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਕਸ਼ਮੀਰੀ ਔਰਤ ਜਾਂ ਬੱਚੀ ਸ਼ਰਨ ਲਈ ਆਉਂਦੀ ਹੈ ਤਾਂ ਉਸ ਨੂੰ ਰਿਹਾਇਸ਼, ਲੰਗਰ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾਵੇ। ਇਨ੍ਹਾਂ ਮੁਟਿਆਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਨਿਭਾਉਣ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ,‘‘ਦੇਸ਼ ਵਿਚ ਵੱਖ ਵੱਖ ਥਾਵਾਂ ’ਤੇ ਕਸ਼ਮੀਰੀ ਲੜਕੀਆਂ ਰਹਿ ਰਹੀਆਂ ਹਨ ਪਰ ਮੌਜੂਦਾ ਮਾਹੌਲ ਕਾਰਨ ਉਹ ਸਹਿਮ ਦੀ ਸਥਿਤੀ ਵਿਚ ਹਨ। ਇਸ ਕਰਕੇ ਅਜਿਹਾ ਫ਼ੈਸਲਾ ਲਿਆ ਗਿਆ ਹੈ।’’ ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ ਅਤੇ ਉਥੋਂ ਦੀਆਂ ਔਰਤਾਂ ਵੀ ਸਤਿਕਾਰਯੋਗ ਹਨ। ‘ਉਂਜ ਵੀ ਧੀਆਂ-ਭੈਣਾਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ।’ ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਇਸਤਰੀ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ ਹੈ। ਅਬਦਾਲੀ ਦੇ ਵੇਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ,‘‘ਉਸ ਨੇ 22 ਹਜ਼ਾਰ ਹਿੰਦੂ ਔਰਤਾਂ ਨੂੰ ਬੰਦੀ ਬਣਾ ਲਿਆ ਸੀ, ਜਿਨ੍ਹਾਂ ਨੂੰ ਸਿੱਖਾਂ ਨੇ ਰਿਹਾਅ ਕਰਵਾਇਆ ਅਤੇ ਘਰੋ ਘਰੀ ਪਹੁੰਚਾਇਆ ਸੀ। ਹੁਣ ਵੀ ਸਿੱਖ ਕੌਮ ਆਪਣੀ ਇਸ ਪਰੰਪਰਾ ਨੂੰ ਕਾਇਮ ਰੱਖੇਗੀ।’’ ਉਨ੍ਹਾਂ ਕਸ਼ਮੀਰੀ ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਨੇ ਆਪਣੀ ਸੌੜੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।

Comments

comments

Share This Post

RedditYahooBloggerMyspace