ਕਸ਼ਮੀਰੀ ਵਿਦਿਆਰਥੀਆਂ ਦਾ ਮਸਲਾ ਗ੍ਰਹਿ ਮੰਤਰਾਲੇ ਕੋਲ ਚੁੱਕਾਂਗੇ: ਬੀਰਦਵਿੰਦਰ

ਬਠਿੰਡਾ: ਸਾਬਕਾ ਡਿਪਟੀ ਸਪੀਕਰ ਅਤੇ ਸੀਨੀਅਰ ਆਗੂ ਬੀਰਦਵਿੰਦਰ ਸਿੰਘ ਨੇ ਅੱਜ ਕਸ਼ਮੀਰੀ ਵਿਦਿਆਰਥੀਆਂ ਦੇ ਪੱਖ ਵਿਚ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰ ਦੇ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਅਤੇ ’ਵਰਸਿਟੀ ਪ੍ਰਬੰਧਕਾਂ ਦੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ।

ਬਠਿੰਡਾ ’ਚ ਅੱਜ ਸਾਬਕਾ ਡਿਪਟੀ ਸਪੀਕਰ ਨੇ ਆਖਿਆ ਕਿ ਕਸ਼ਮੀਰੀ ਵਿਦਿਆਰਥੀਆਂ ਨੂੰ ਕੇਂਦਰ ਸਰਕਾਰ ਵੱਲੋਂ ਧਾਰਾ 370 ਅਤੇ 35-ਏ ਦੇ ਖ਼ਾਤਮੇ ਮਗਰੋਂ ਤੰਗੀ ਵਿੱਚੋਂ ਦੀ ਗੁਜ਼ਰਨਾ ਪਿਆ ਹੈ ਅਤੇ ਉਨ੍ਹਾਂ ਦਾ ਆਪਣੇ ਮਾਪਿਆਂ ਨਾਲੋਂ ਸੰਪਰਕ ਟੁੱਟਿਆ ਰਿਹਾ ਹੈ। ਬੀਰਦਵਿੰਦਰ ਸਿੰਘ ਨੇ ਆਖਿਆ ਕਿ ਉਹ ਕਸ਼ਮੀਰੀ ਵਿਦਿਆਰਥੀਆਂ ਦਾ ਮਸਲਾ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਦੱਸਿਆ ਕਿ ਵੱਡੀ ਸਮੱਸਿਆ ਇਨ੍ਹਾਂ ਵਿਦਿਆਰਥੀਆਂ ਨੂੰ ਪੈਸਿਆਂ ਦੀ ਆਈ ਹੈ, ਜਿਸ ਕਰ ਕੇ ਉਹ ਆਪਣੇ ਬਿੱਲ ਵਗੈਰਾ ਸਮੇਂ ਸਿਰ ਨਹੀਂ ਤਾਰ ਸਕੇ ਹਨ। ਕਸ਼ਮੀਰ ਵਿਚ ਮੋਬਾਈਲ ਫੋਨ ਸੇਵਾ ਹਾਲੇ ਤੱਕ ਪੂਰੀ ਤਰ੍ਹਾਂ ਬਹਾਲ ਨਹੀਂ ਹੋਈ ਹੈ ਜਿਸ ਕਰ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਮਾਪਿਆਂ ਨਾਲ ਸੰਪਰਕ ਕਰਨ ਵਿਚ ਮੁਸ਼ਕਲ ਆ ਰਹੀ ਹੈ। ਮਾਪਿਆਂ ਨੂੰ ਵੀ ਰਾਬਤਾ ਬਣਾਉਣ ਵਿਚ ਇਹੋ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਅੱਜ ਕਸ਼ਮੀਰੀ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ’ਵਰਸਿਟੀ ਦੇ ਪ੍ਰਬੰਧਕਾਂ ਵੱਲੋਂ ਜੋ ਕਸ਼ਮੀਰੀ ਵਿਦਿਆਰਥੀਆਂ ਨੂੰ ਫੀਸਾਂ ਆਦਿ ਵਿਚ ਮੋਹਲਤ ਦਿੱਤੀ ਗਈ ਹੈ, ਉਸ ਤੇ ਤਸੱਲੀ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਨੇ ’ਵਰਸਿਟੀ ਪ੍ਰਬੰਧਕਾਂ ਨੂੰ ਤਰਜ਼ੀਹੀ ਆਧਾਰ ’ਤੇ ਕਸ਼ਮੀਰੀ ਵਿਦਿਆਰਥੀਆਂ ਦੇ ਮਸਲੇ ਹੱਲ ਕਰਨ ਵਾਸਤੇ ਆਖਿਆ ਹੈ।

ਬੀਰਦਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਕਾਸ਼ੀ ’ਵਰਸਿਟੀ ਦੇ ਡੀਨ ਅਕਾਦਮਿਕ ਹਰਜਿੰਦਰ ਸਿੰਘ ਰੋਜ਼ ਨੇ ਸੁਝਾਅ ਦਿੱਤਾ ਹੈ ਕਿ ਬਿਹਤਰ ਹੋਵੇਗਾ ਕਿ ਜੇ ਪ੍ਰਸ਼ਾਸਨ ਕਸ਼ਮੀਰ ’ਚ ਫਸੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਦਿਅਕ ਅਦਾਰਿਆਂ ’ਚ ਪਹੁੰਚਾ ਦੇਵੇ। ਇਸ ਤਰ੍ਹਾਂ ਨਾਲ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਵੇਗਾ। ਅੱਜ ’ਵਰਸਿਟੀ ਪ੍ਰਬੰਧਕਾਂ ਨੇ ਸਾਬਕਾ ਡਿਪਟੀ ਸਪੀਕਰ ਨੂੰ ਜਾਣੂ ਕਰਾਇਆ ਕਿ ਜੰਮੂ ਕਸ਼ਮੀਰ ਵੈੱਲਫੇਅਰ ਵਿਦਿਆਰਥੀ ਤੇ ਅਧਿਆਪਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਹੈਲਪ ਲਾਈਨ ਵੀ ਬਣਾ ਦਿੱਤੀ ਗਈ ਹੈ।

Comments

comments

Share This Post

RedditYahooBloggerMyspace