ਕਰਤਾਰਪੁਰ ਲਾਂਘਾ: ਭਾਰਤ-ਪਾਕਿ ਅਧਿਕਾਰੀਆਂ ਦੀ ਮੀਟਿੰਗ ਅਗਲੇ ਹਫ਼ਤੇ

ਡੇਰਾ ਬਾਬਾ ਨਾਨਕ: ਭਾਰਤ ਅਤੇ ਪਾਕਿਸਤਾਨ ਦੇ ਉੱਚ ਅਧਿਕਾਰੀਆਂ ਵਿਚਕਾਰ ਅਗਲੇ ਹਫ਼ਤੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ ਜਿਸ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਸਮੇਂ ਸ਼ਰਧਾਲੂਆਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਵਿਚਾਰਾਂ ਹੋ ਸਕਦੀਆਂ ਹਨ। ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਣ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਵਿਚਕਾਰ ਇਹ ਪਹਿਲੀ ਮੀਟਿੰਗ ਹੋਵੇਗੀ। ਸਮਝਿਆ ਜਾ ਰਿਹਾ ਹੈ ਕਿ ਰਜਿਸਟਰੇਸ਼ਨ ਸਬੰਧੀ ਔਖੀ ਪ੍ਰਕਿਰਿਆ ਹੋਣ ਕਾਰਨ ਸ਼ਰਧਾਲੂਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ। ਸੂਤਰਾਂ ਮੁਤਾਬਕ ਦੋਵੇਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਦੀ ਹੋਣ ਵਾਲੀ ਬੈਠਕ ਵਿੱਚ ਪਾਸਪੋਰਟ ਦੀ ਸ਼ਰਤ ਹਟਾਉਣ ਸਬੰਧੀ ਵੀ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਜਾਣਕਾਰ ਦੱਸਦੇ ਹਨ ਕਿ ਮੀਟਿੰਗ ਦੌਰਾਨ ਸ਼ਰਧਾਲੂਆਂ ਕੋਲੋਂ ਵਸੂਲੇ ਜਾ ਰਹੇ 20 ਡਾਲਰ ਦੀ ਰਕਮ ਨੂੰ ਘਟਾਇਆ ਜਾ ਸਕਦਾ ਹੈ। ਇਸੇ ਤਰ੍ਹਾਂ ਸ਼ਰਧਾਲੂਆਂ ਵੱਲੋਂ 10 ਦਿਨ ਪਹਿਲਾਂ ਰਜਿਸਟਰੇਸ਼ਨ ਕਰਵਾਏ ਜਾਣ ਦੇ ਸਮੇਂ ਨੂੰ ਵੀ ਘਟਾਇਆ ਜਾ ਸਕਦਾ ਹੈ। ਉਂਜ ਪਾਕਿਸਤਾਨ ਵੱਲੋਂ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਪ੍ਰਵਾਨਗੀ ਦਿੱਤੀ ਗਈ ਹੈ ਪਰ 10 ਨਵੰਬਰ ਤੋਂ ਹੁਣ ਤੱਕ ਸਿਰਫ਼ 2542 ਸ਼ਰਧਾਲੂ ਹੀ ਦਰਸ਼ਨਾਂ ਲਈ ਜਾ ਸਕੇ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਵਿਚਕਾਰ ਜੇਕਰ ਹਮਦਰਦੀ ਨਾਲ ਕੋਈ ਫ਼ੈਸਲਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿੱਚ ਸ਼ਰਧਾਲੂਆਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ।

Facebook Comments