ਕੈਪਟਨ ਨੇ ਸਿੱਧੂ ਦੇ ਦੋ ਸਲਾਹਕਾਰਾਂ ਨੂੰ ਬਿਆਨਬਾਜ਼ੀ ਤੋਂ ਵਰਜਿਆ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਨੂੰ ਤਾੜਨਾ ਕੀਤੀ ਹੈ ਜਿਨ੍ਹਾਂ ਕਸ਼ਮੀਰ ਤੇ ਪਾਕਿਸਤਾਨ ਨਾਲ ਸਬੰਧਤ ਸੰਵੇਦਨਸ਼ੀਲ ਮਸਲਿਆਂ ’ਤੇ ਟਿੱਪਣੀਆਂ ਕੀਤੀਆਂ ਸਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਨੂੰ ਵੀ ਖ਼ਤਰਾ ਪੈਦਾ ਹੋ ਸਕਦਾ ਹੈ। ਸੂਤਰ ਦੱਸਦੇ ਹਨ ਕਿ ਸਲਾਹਕਾਰਾਂ ਦੀ ਬਦੌਲਤ ਹਾਈਕਮਾਨ ’ਚ ਵੀ ਨਵਜੋਤ ਸਿੱਧੂ ਦੀ ਕਿਰਕਿਰੀ ਹੋਈ ਹੈ। ਭਲਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਚੰਡੀਗੜ੍ਹ ਆਉਣ ਦੀ ਸੰਭਾਵਨਾ ਹੈ ਜਿਨ੍ਹਾਂ ਕੋਲ ਮੁੱਖ ਮੰਤਰੀ ਇਹ ਮਾਮਲਾ ਰੱਖ ਸਕਦੇ ਹਨ।

ਮੁੱਖ ਮੰਤਰੀ ਨੇ ਨਵਜੋਤ ਸਿੱਧੂ ਨੂੰ ਵੀ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਸਲਾਹਕਾਰਾਂ ਨੂੰ ਸਿਰਫ਼ ਸਲਾਹ ਦੇਣ ਤੱਕ ਸੀਮਿਤ ਰੱਖਣ ਅਤੇ ਉਨ੍ਹਾਂ ਨੂੰ ਮਸਲਿਆਂ ਉੱਤੇ ਨਾ ਬੋਲਣ ਲਈ ਕਹਿਣ ਜਿਨ੍ਹਾਂ ਬਾਰੇ ਸਲਾਹਕਾਰਾਂ ਨੂੰ ਜਾਂ ਤਾਂ ਥੋੜ੍ਹਾ-ਬਹੁਤ ਪਤਾ ਹੈ ਜਾਂ ਫੇਰ ਉੱਕਾ ਹੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਆਪਣੀਆਂ ਟਿੱਪਣੀਆਂ ਦੇ ਨਿਕਲਣ ਵਾਲੇ ਅਰਥਾਂ ਦੀ ਵੀ ਸਮਝ ਨਹੀਂ ਹੈ।

ਮੁੱਖ ਮੰਤਰੀ ਨੇ ਇਹ ਪ੍ਰਤੀਕਿਰਿਆ ਸਲਾਹਕਾਰ ਡਾ. ਪਿਆਰੇ ਲਾਲ ਗਰਗ ਵੱਲੋਂ ਪਾਕਿਸਤਾਨ ਦੀ ਨਿਖੇਧੀ ਕਰਨ ’ਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਕੀਤੇ ਸਵਾਲ ਅਤੇ ਇਸ ਤੋਂ ਪਹਿਲਾਂ ਕਸ਼ਮੀਰ ਬਾਰੇ ਮਾਲਵਿੰਦਰ ਸਿੰਘ ਮਾਲੀ ਦੀ ਵਿਵਾਦਪੂਰਨ ਬਿਆਨਬਾਜ਼ੀ ਦੇ ਸੰਦਰਭ ਵਿੱਚ ਸਾਹਮਣੇ ਆਈ ਹੈ। ਕੈਪਟਨ ਨੇ ਕਿਹਾ ਕਿ ਇਹ ਬਿਆਨ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਭਾਰਤ ਤੇ ਕਾਂਗਰਸ ਪਾਰਟੀ ਦੀ ਪੁਜੀਸ਼ਨ ਦੇ ਬਿਲਕੁਲ ਉਲਟ ਜਾਂਦੇ ਹਨ। ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਆਪਣੇ ਸਲਾਹਕਾਰਾਂ ਵੱਲੋਂ ਭਾਰਤ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਉਨ੍ਹਾਂ ਉੱਤੇ ਸਖਤੀ ਕਰਨ ਨੂੰ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਸੀ ਅਤੇ ਹੁਣ ਵੀ ਹੈ ਪਰ ਇਸ ਦੇ ਉਲਟ ਮਾਲੀ ਨੇ ਪਾਕਿਸਤਾਨ ਦੀ ਹਾਂ ਵਿਚ ਹਾਂ ਮਿਲਾਉਣ ਵਾਲਾ ਬਿਆਨ ਦਿੱਤਾ ਹੈ ਜੋ ਕਿ ਪੂਰੀ ਤਰ੍ਹਾਂ ਦੇਸ਼ ਵਿਰੋਧੀ ਹੈ।

ਉਨ੍ਹਾਂ ਕਿਹਾ ਕਿ ਚੁਫੇਰਿਓਂ ਨਿੰਦਾ ਹੋਣ ਦੇ ਬਾਵਜੂਦ ਮਾਲੀ ਨੇ ਆਪਣਾ ਬਿਆਨ ਵਾਪਸ ਨਹੀਂ ਲਿਆ। ਮੁੱਖ ਮੰਤਰੀ ਨੇ ਗਰਗ ਦੀ ਟਿੱਪਣੀ ਨੂੰ ਤਰਕਹੀਣ ਅਤੇ ਨਾ-ਵਾਜਬ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਫ਼ੌਜੀ ਸਰਹੱਦਾਂ ’ਤੇ ਪਾਕਿਸਤਾਨ ਦੀ ਹਮਾਇਤ ਹਾਸਲ ਤਾਕਤਾਂ ਹੱਥੋਂ ਜਾਨਾਂ ਗੁਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗਰਗ ਰਾਜਨੀਤੀ ਤੋਂ ਪ੍ਰੇਰਿਤ ਭੜਕਾਊ ਤੇ ਗੈਰ-ਜ਼ਿੰਮੇਵਾਰੀ ਵਾਲੇ ਬਿਆਨ ਦੇ ਰਹੇ ਹਨ।

Leave a Reply

Your email address will not be published. Required fields are marked *