ਹਾਈ ਕੋਰਟ ’ਚ ਨਸ਼ਾ ਤਸਕਰੀ ਦੇ ਕੇਸ ਦੀ ਸੁਣਵਾਈ ਅੱਜ

ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ਦੀ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੈ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਸ ਪ੍ਰਗਟਾਈ ਹੈ ਕਿ ਇਸ ਮਾਮਲੇ ਵਿੱਚ ਸਰਕਾਰ ਨੂੰ ਸਫ਼ਲਤਾ ਮਿਲੇਗੀ।
ਨਵਜੋਤ ਸਿੱਧੂ ਨੇ ਅੱਜ ਟਵੀਟ ਕਰਕੇ ਕਿਹਾ ਕਿ ਕਰੀਬ ਢਾਈ ਸਾਲ ਦੀ ਉਡੀਕ ਮਗਰੋਂ ਐੱਸਟੀਐੱਫ ਅਤੇ ਰਾਜ ਸਰਕਾਰ ਵੱਲੋਂ ਨਸ਼ਾ ਤਸਕਰੀ ਬਾਰੇ ਦਿੱਤੀ ਗਈ ਰਿਪੋਰਟ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਕੇਸ ਵਿੱਚ ਮੁੱਖ ਦੋਸ਼ੀ ਬੇਪਰਦ ਹੋ ਜਾਵੇਗਾ ਅਤੇ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਜੋ ਪੰਜਾਬ ਦੇ ਨੌਜਵਾਨਾਂ ਲਈ ਇਨਸਾਫ ਦੀ ਗੱਲ ਹੈ। ਸਿੱਧੂ ਨੇ ਟਵੀਟ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਸਬੰਧੀ ਰਿਪੋਰਟ ਵੀ ਨੱਥੀ ਕੀਤੀ ਹੈ। ਨਵਜੋਤ ਸਿੱਧੂ ਨੇ ਇੱਕ ਹੋਰ ਟਵੀਟ ਕਰਕੇ ਕਿਹਾ ਕਿ ਪੰਜਾਬ ਕਾਂਗਰਸ ਬਿਜਲੀ ਸਮਝੌਤੇ ਰੱਦ ਕਰਕੇ ਘਰੇਲੂ ਬਿਜਲੀ ਨੂੰ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਿਕ ਬਿਜਲੀ ਨੂੰ 5 ਰੁਪਏ ਪ੍ਰਤੀ ਯੂਨਿਟ ਦੇਣ ਦੇ ਆਪਣੇ ਸੰਕਲਪ ’ਤੇ ਖੜ੍ਹੀ ਹੈ। ਹਾਲਾਂਕਿ ਕਿਸਾਨਾਂ, ਐੱਸਸੀ/ਬੀਸੀ ਅਤੇ ਬੀਪੀਐੱਲ ਪਰਿਵਾਰਾਂ ਨੂੰ ਪਹਿਲਾਂ ਹੀ 10 ਹਜ਼ਾਰ ਕਰੋੜ ਤੋਂ ਵੱਧ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਦੀ ਇੱਕ ਪੁਰਾਣੀ ਵੀਡੀਓ ਜਾਰੀ ਕਰਦਿਆਂ ਸਿੱਧੂ ਨੇ ਕਿਹਾ ਕਿ ਸਸਤੀ ਬਿਜਲੀ ਦਾ ਵਾਅਦਾ ਵੀ ਪੂਰਾ ਹੋਣਾ ਚਾਹੀਦਾ ਹੈ।