ਵਿਧਾਇਕ ਪਰਗਟ ਸਿੰਘ ਨੇ ਹਰੀਸ਼ ਰਾਵਤ ਦੇ ਬਿਆਨ ਨੂੰ ਦਿੱਤੀ ਚੁਣੌਤੀ

ਜਲੰਧਰ: ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੇ ਵਿਧਾਇਕ ਪਰਗਟ ਸਿੰਘ ਨੇ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਬਿਆਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਦੱਸਣ ਕਿ ਇਹ ਫ਼ੈਸਲਾ ਕਦੋਂ ਹੋਇਆ ਸੀ ਕਿ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਇੱਕ ਸਮਾਜਿਕ ਸਮਾਗਮ ਵਿੱਚ ਹਿੱਸਾ ਲੈਣ ਮਗਰੋਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਪਰਗਟ ਸਿੰਘ ਨੇ ਹਰੀਸ਼ ਰਾਵਤ ਨੂੰ ਸੁਲਝੇ ਹੋਏ ਸਿਆਸਤਦਾਨ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਇਸ ਬਿਆਨ ਦਾ ਪੰਜਾਬ ਦੇ ਲੋਕਾਂ ’ਤੇ ਮਾੜਾ ਅਸਰ ਪਿਆ ਹੈ ਕਿ ਆਉਂਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਕਿਉਂਕਿ ਦੋ ਮਹੀਨੇ ਪਹਿਲਾਂ ਜਦੋਂ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਮੇਟੀ ਬਣੀ ਸੀ, ਉਸ ਸਮੇਂ ਫ਼ੈਸਲਾ ਹੋਇਆ ਸੀ ਕਿ ਪੰਜਾਬ ਦੀਆਂ ਚੋਣਾਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਨਵਜੋਤ ਸਿੰਘ ਸਿੱਧੂ ਦੇ ਇੱਟ ਨਾਲ ਇੱਟ ਖੜਕਾਉਣ ਦੇ ਬਿਆਨ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਸਿੱਧੂ ਨੇ ਇਹ ਇਸ਼ਾਰਾ ਹਰੀਸ਼ ਰਾਵਤ ਵੱਲ ਹੀ ਕੀਤਾ ਲੱਗਦਾ ਹੈ ਕਿਉਂਕਿ ਨਵਜੋਤ ਸਿੱਧੂ ਤਾਂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦਾ ਬੜਾ ਸਤਿਕਾਰ ਕਰਦੇ ਹਨ।

ਕੈਪਟਨ ਉੱਤੇ ਲੋਕਾਂ ਨਾਲ ਵਾਅਦਾਖ਼ਿਲਾਫ਼ੀ ਦੇ ਲਾਏ ਦੋਸ਼

ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ 2017 ਵਿੱਚ ਵੋਟਾਂ ਕੈਪਟਨ ਅਮਰਿੰਦਰ ਸਿੰਘ ਦੇ ਚਿਹਰੇ ਨੂੰ ਦੇਖ ਕੇ ਵੋਟਾਂ ਪਈਆਂ ਸਨ ਪਰ ਸਾਢੇ ਚਾਰ ਸਾਲ ਦੌਰਾਨ ਪੰਜਾਬ ਦੇ ਮੁੱਦਿਆਂ ਦਾ ਕੀ ਬਣਿਆ? ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੇ 2017 ਵਿੱਚ ਕੈਪਟਨ ਅਮਰਿੰਦਰ ਸਿੰਘ ’ਤੇ ਭਰੋਸਾ ਕੀਤਾ ਸੀ ਪਰ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉੱਤਰੇੇ। ਨਿੱਜੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰਨ ਸਬੰਧੀ ਮੰਤਰੀ ਮੰਡਲ ਵਿੱਚ ਹੋਏ ਫ਼ੈਸਲੇ ਬਾਰੇ ਵਿਧਾਇਕ ਨੇ ਕਿਹਾ ਕਿ ਸਮਝੌਤੇ ਰੱਦ ਹੋਣੇ ਚਾਹੀਦੇ ਹਨ ਪਰ ਇਸ ਮਾਮਲੇ ਵਿੱਚ ਐਵੇਂ ਨਾ ਲੱਤਾਂ ਫਸਾ ਲਈਏ ਕਿ ਜਿਵੇਂ ਬੇਅਦਬੀਆਂ ਦੇ ਮਾਮਲੇ ਵਿੱਚ ਸਰਕਾਰ ਦੀ ਹੇਠੀ ਹੋਈ ਹੈ ਤੇ ਬਿਜਲੀ ਸਮਝੌਤਿਆਂ ਦਾ ਕੰਮ ਵੀ ਹੋਰ ਪੇਚੀਦਾ ਹੋ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਸਮਝੌਤਿਆਂ ਬਾਰੇ ਫ਼ੈਸਲਾ ਸਾਢੇ ਚਾਰ ਸਾਲ ਪਹਿਲਾਂ ਕਿਉਂ ਨਹੀਂ ਲਿਆ ਗਿਆ? ਇਸੇ ਤਰ੍ਹਾਂ 31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਉਠਾਉਂਦੇ ਰਹੇ ਹਨ। ਪਰਗਟ ਸਿੰਘ ਨੇ ਕਿਹਾ ਕਿ ਜਿੰਨਾ ਜ਼ੋਰ ਡਿਨਰ ਡਿਪਲੋਸੀ ’ਤੇ ਲਾਇਆ ਜਾ ਰਿਹਾ ਹੈ, ਜੇ ਇੰਨਾ ਜ਼ੋਰ ਪੰਜਾਬ ਦੇ ਮੁੱਦਿਆਂ ’ਤੇ ਲਾਇਆ ਹੁੰਦਾ ਤਾਂ ਆਹ ਦਿਨ ਨਾ ਦੇਖਣੇ ਪੈਂਦੇ।

Leave a Reply

Your email address will not be published. Required fields are marked *