ਸਰਕਾਰ ਬਣਨ ’ਤੇ ਮਹੀਨੇ ਅੰਦਰ ਸਾਰੇ ਗੈਂਗਸਟਰ ਖਤਮ ਕਰਾਂਗੇ: ਸੁਖਬੀਰ

ਮਾਛੀਵਾੜਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਤਿਹਾਸਕ ਸ਼ਹਿਰ ਮਾਛੀਵਾੜਾ ਵਿੱਚ ਵੀ ਫੇਰੀ ਪਾਈ ਗਈ, ਜਿੱਥੇ ਉਨ੍ਹਾਂ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਜਾਣਕਾਰੀ ਅਨੁਸਾਰ ਕਰੀਬ 11 ਵਜੇ ਸੁਖਬੀਰ ਸਿੰਘ ਬਾਦਲ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪੁੱਜੇ ਜਿੱਥੇ ਉਨ੍ਹਾਂ ਦਾ ਸਵਾਗਤ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਜਥੇਦਾਰ ਸੰਤਾ ਸਿੰਘ ਉਮੈਦਪੁਰ, ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ ਤੇ ਹੋਰਨਾਂ ਪਤਵੰਤਿਆਂ ਨੇ ਕੀਤਾ। ਗੁਰੂ ਘਰ ਨਤਮਸਤਕ ਹੋਣ ਮਗਰੋਂ ਸੁਖਬੀਰ ਬਾਦਲ ਅਕਾਲੀ ਆਗੂਆਂ ਤੇ ਵਰਕਰਾਂ ਸਮੇਤ ਨਵੀਂ ਅਨਾਜ ਮੰਡੀ ਲੱਖੋਵਾਲ ਕਲਾਂ ਪੁੱਜੇ। ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਪੰਜਾਬ ’ਚ ਗੈਂਗਸਟਰਾਂ ਤੇ ਨਸ਼ਿਆਂ ਦਾ ਬੋਲਬਾਲਾ ਹੈ, ਜਿਨ੍ਹਾਂ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ ਦੇ ਇੱਕ ਮਹੀਨੇ ਦੇ ਅੰਦਰ ਸਾਰੇ ਪੰਜਾਬ ’ਚੋਂ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਆਪਣੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ ਹੈ ਤੇ ਸਮਾਂ ਆਉਣ ’ਤੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਬਸਪਾ ਨਾਲ ਮਿਲ ਕੇ ਲੜਨਗੇ ਤੇ ਸੂਬੇ ’ਚ ਗੱਠਜੋੜ ਦੀ ਸਰਕਾਰ ਲਿਆਉਣਗੇ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਪਿੰਡ ਬੁਰਜ ਪਵਾਤਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਪੁੱਜੇ। ਇਸੇ ਦੌਰਾਨ ਸਮਰਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਇਸ ਕਾਫ਼ਲੇ ਨੂੰ ਹੁਣ ਕੋਈ ਰੋਕ ਨਹੀਂ ਸਕਦਾ ਤੇ ਉਹ ਅਗਲੀ ਸਰਕਾਰ ਬਣਾਉਣਗੇ ਅਤੇ ਲੋਕ ਸੇਵਾ ਦੇ ਮੰਤਵ ਨਾਲ ਸਰਕਾਰ ਚਲਾ ਕੇ ਵੀ ਦਿਖਾਉਣਗੇ। ਉਹ ਨੇੜਲੇ ਪਿੰਡ ਮਾਣਕੀ ਵਿੱਚ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਵੱਲੋਂ ਕਰਵਾਈ ਗਈ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

Leave a Reply

Your email address will not be published. Required fields are marked *