ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ 36ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਚੰਡੀਗੜ੍ਹ: ਪੰਜਾਬ ਦੇ ਨਵੇਂ ਰਾਜਪਾਲ ਵਜੋਂ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਹੁੰ ਚੁੱਕੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਰਵੀ ਸ਼ੰਕਰ ਝਾਅ ਨੇ ਪੰਜਾਬ ਰਾਜ ਭਵਨ ਵਿੱਚ ਬਨਵਾਰੀ ਲਾਲ ਪੁਰੋਹਿਤ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਸਟੇਜ ’ਤੇ ਹਰਿਆਣਾ ਦੇ ਰਾਜਪਾਲ, ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਜੂਦ ਸਨ। ਬਨਵਾਰੀ ਲਾਲ ਪੁਰੋਹਿਤ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਫਾਰਮ ’ਤੇ ਦਸਤਖ਼ਤ ਕੀਤੇ ਜਿਸ ’ਤੇ ਚੀਫ ਜਸਟਿਸ ਵੱਲੋਂ ਵੀ ਹਸਤਾਖਰ ਕੀਤੇ ਗਏ। ਬਾਅਦ ਵਿੱਚ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੱਖੋ-ਵੱਖਰੇ ਦਸਤਾਵੇਜ਼ਾਂ ’ਤੇ ਦਸਤਖ਼ਤ ਕੀਤੇ।ਇਸ ਤੋਂ ਪਹਿਲਾਂ ਨਵੇਂ ਰਾਜਪਾਲ ਰਸਮੀ ਅੰਦਾਜ਼ ਵਿੱਚ ਪੰਜਾਬ ਰਾਜ ਭਵਨ ਦੇ ਵਿਸ਼ੇਸ਼ ਪੰਡਾਲ ਵਿੱਚ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵੀ ਸਨ। ਪੰਜਾਬ ਦੇ ਮੁੱਖ ਸਕੱਤਰ, ਵਿਨੀ ਮਹਾਜਨ ਨੇ ਸਮਾਰੋਹ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਅਤੇ ਬਨਵਾਰੀ ਲਾਲ ਪੁਰੋਹਿਤ ਦੀ ਪੰਜਾਬ ਦੇ ਰਾਜਪਾਲ ਵਜੋਂ ਨਿਯੁਕਤੀ ਦੇ ਵਾਰੰਟ ਪੜ੍ਹੇ। ਬਨਵਾਰੀ ਲਾਲ ਪੁਰੋਹਿਤ ਦੁਪਹਿਰ 12.00 ਵਜੇ ਪੰਜਾਬ ਰਾਜ ਭਵਨ ਪਹੁੰਚੇ ਅਤੇ ਪੀ.ਏ.ਪੀ. ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਉਨ੍ਹਾਂ ਦਾ ਸਵਾਗਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮ ਪਾਲ, ਡਿਪਟੀ ਕਮਿਸ਼ਨਰ, ਚੰਡੀਗੜ੍ਹ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।  

Leave a Reply

Your email address will not be published. Required fields are marked *