ਮੁਹਾਲੀ: ਕੱਚੇ ਅਧਿਆਪਕਾਂ ਵੱਲੋਂ ਚੰਨੀ ਦੀ ਕੋਠੀ ਦੇ ਘਿਰਾਓ ਦਾ ਯਤਨ, ਪੁਲੀਸ ਨੇ ਰਾਹ ਰੋਕਿਆ

ਮੁਹਾਲੀ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਦਾ ਇਥੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਐਤਵਾਰ ਨੂੰ 105ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਬਾਅਦ ਦੁਪਹਿਰ ਕੱਚੇ ਅਧਿਆਪਕਾਂ ਵੱਲੋਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਪਰ ਪੁਲੀਸ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਅਤੇ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ, ਜਿਸ ਕਾਰਨ ਉਹ ਸੜਕ ਜਾਮ ਕਰਕੇ ਧਰਨੇ ’ਤੇ ਬੈਠ ਗਏ। ਹਾਲਾਂਕਿ ਕੈਪਟਨ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਕੇ ਬੀਤੀ 7 ਸਤੰਬਰ ਨੂੰ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਰਾਹੀਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਆਸਾਮੀਆਂ ਦੀ ਭਰਤੀ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ ਜਾਰੀ ਹੈ।

ਕੱਚੇ ਅਧਿਆਪਕਾਂ ਨੇ ਪਹਿਲਾਂ ਵਾਈਪੀਐੱਸ ਚੌਕ ਰਾਹੀਂ ਚੰਡੀਗੜ੍ਹ ਵੱਲ ਕੂਚ ਕਰਨਾ ਸੀ, ਜਿੱਥੇ ਪੁਲੀਸ ਨੇ ਜ਼ਬਰਦਸਤ ਬੈਰੀਕੇਡਿੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੁਲੀਸ ਨੂੰ ਝਕਾਨੀ ਦੇ ਕੇ ਵਾਈਪੀਐੱਸ ਦੇ ਰਸਤੇ ਦੀ ਥਾਂ ਬੁੜੈਲ ਜੇਲ੍ਹ ਦੇ ਪਿੱਛੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦਾ ਯਤਨ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਇਸ ਕਾਰਨ ਸਾਰੇ ਕੱਚੇ ਅਧਿਆਪਕ ਲਈਅਰ ਵੈਲੀ ਪਾਰਕ ਫੇਜ਼-9 ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ ਜਾਮ ਕਰਕੇ ਧਰਨੇ ’ਤੇ ਬੈਠ ਗਏ। ਇਸ ਮਗਰੋਂ ਮੁਹਾਲੀ ਪ੍ਰਸ਼ਾਸਨ ਨੇ ਨਿੱਜੀ ਦਖ਼ਲ ਦੇ ਕੇ ਮੁੱਖ ਮੰਤਰੀ ਦੇ ਪ੍ਰਾਈਵੇਟ ਸੈਕਟਰੀ ਕਿਸ਼ੋਰ ਯਾਦਵ ਨਾਲ ਮੁਲਾਕਾਤ ਕਰਵਾਈ ਅਤੇ ਉਨ੍ਹਾਂ ਨੇ ਕੱਚੇ ਅਧਿਆਪਕਾਂ ਤੋਂ ਮੰਗ ਪੱਤਰ ਹਾਸਲ ਕਰਕੇ ਕਿਹਾ ਕਿ ਹਾਲੇ ਮੰਤਰੀ ਮੰਡਲ ਨਹੀਂ ਬਣਿਆ। ਇਹ ਕੰਮ ਨੇਪਰੇ ਚੜ੍ਹਨ ਤੋਂ ਬਾਅਦ ਅਗਲੇ ਦਿਨਾਂ ਵਿੱਚ ਉਨ੍ਹਾਂ ਦੀ ਪੈਨਲ ਮੀਟਿੰਗ ਕਰਵਾਈ ਜਾਵੇਗੀ ਅਤੇ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਇਸ ਮਗਰੋਂ ਸ਼ਾਮ ਨੂੰ ਕੱਚੇ ਅਧਿਆਪਕ ਸੜਕ ਤੋਂ ਜਾਮ ਖੋਲ੍ਹ ਕੇ ਦੁਬਾਰਾ ਸਿੱਖਿਆ ਭਵਨ ਮੁਹਾਲੀ ਦੇ ਬਾਹਰ ਆ ਕੇ ਧਰਨੇ ’ਤੇ ਬੈਠ ਗਏ। ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਟਾਲ-ਮਟੋਲ ਕਰ ਰਹੀ ਹੈ।

Leave a Reply

Your email address will not be published. Required fields are marked *