“ਪੰਜਾਬ ਦੇ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਸੋਨੀਆ ਗਾਂਧੀ ਚੋਣਾਂ ਤੋਂ ਬਾਅਦ ਕਰੇਗੀ”

ਨਵੀ ਦਿੱਲੀ: ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਰਮਿਆਨ ਕੋਈ ਵਿਵਾਦ ਨਹੀਂ ਹੈ ਤੇ ਦੋਵੇਂ ਅਗਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਮਿਲ ਕੇ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਤੋਂ ਬਾਅਦ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਰੇਗੀ। ਨਵਜੋਤ ਸਿੱਧੂ ਦੇ ਅਸਤੀਫੇ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਵਜੋਤ ਸਿੱਧੂ ਦਾ ਅਸਤੀਫਾ ਦੇਖਿਆ ਤਕ ਨਹੀਂ ਪਰ ਇਸ ਬਾਰੇ ਸਿਰਫ ਅਖਬਾਰਾਂ ਰਾਹੀਂ ਹੀ ਜਾਣਕਾਰੀ ਮਿਲੀ ਹੈ। ਉਨ੍ਹਾਂ ਸਾਫ ਸ਼ਬਦਾਂ ਵਿਚ ਕਿਹਾ ਕਿ ਸਿੱਧੂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ। ਚੰਨੀ ਦੇ ਲੜਕੇ ਦੇ ਵਿਆਹ ਸਮਾਗਮ ਵਿਚ ਸਿੱਧੂ ਦੇ ਸ਼ਾਮਲ ਨਾ ਹੋਣ ’ਤੇ ਉਨ੍ਹਾਂ ਕਿਹਾ ਕਿ ਜੇ ਕੋਈ ਵਿਵਾਦ ਹੈ ਵੀ ਤਾਂ ਉਹ ਪਾਰਟੀ ਅੰਦਰ ਹੀ ਸੁਲਝਾ ਲਿਆ ਜਾਵੇਗਾ।