ਚੋਣਾਂ ਨੂੰ ਲੈ ਕੇ ਬਦਲਿਆ ਜਾ ਸਕਦੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ : ਸੂਤਰ

ਅੰਮ੍ਰਿਤਸਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਵੱਖ–ਵੱਖ ਪਾਰਟੀਆਂ ਨੇ ਆਪੋ-ਆਪਣੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣਾਂ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਅੜਚਨਾਂ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵਿੱਚ ਵੱਡਾ ਫੇਰਬਦਲ ਹੋ ਸਕਦਾ ਹੈ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਬ) 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਦੀ ਥਾਂ ਅਨੁਸੂਚਿਤ ਜਾਤੀ ਦੇ ਉਮੀਦਵਾਰ ਨੂੰ ਪ੍ਰਧਾਨ ਬਣਾ ਸਕਦੀ ਹੈ। ਸੂਤਰਾਂ ਅਨੁਸਾਰ ਇਹ ਉਸ ਤਰ੍ਹਾਂ ਹੋਵੇਗਾ, ਜਿਵੇਂ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾ ਦਿੱਤਾ।
ਸੂਤਰਾਂ ਅਨੁਸਾਰ ਅਕਾਲੀ ਦਲ (ਬ) ਦੇ ਇੱਕ ਆਗੂ ਨੇ ਕਿਹਾ ਕਿ, “ਹਰੇਕ ਸਿਆਸੀ ਪਾਰਟੀ ਚੋਣਾਂ ਨੂੰ ਲੈ ਕੇ ਅਨੁਸੂਚਿਤ ਜਾਤੀ ਦੀਆਂ ਵੋਟਾਂ ਬਟੋਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ ਦੀ ਥਾਂ ਅਨੁਸੂਚਿਤ ਜਾਤੀ ਦੇ ਉਮੀਦਵਾਰ ਨੂੰ ਉਤਾਰ ਦਿੱਤਾ ਜਾਵੇ ਤਾਂ ਕੋਈ ਨੁਕਸਾਨ ਨਹੀਂ ਹੈ। ਅਜਿਹਾ ਕਰਨ ਨਾਲ ਵੋਟਾਂ ’ਚ ਵਾਧਾ ਹੋਵੇਗਾ।
ਦੂਜੇ ਪਾਸੇ ਸਿੱਖ ਬੁੱਧੀਜੀਵੀ ਅਤੇ ਸਿੱਖ ਧਰਮ ਦੀ ਪ੍ਰਮੁੱਖ ਸੰਸਥਾ ਦਮਦਮੀ ਟਕਸਾਲ ਦੇ ਪ੍ਰੋਫ਼ੈਸਰ ਸਰਚੰਦ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਹਿਲਾਂ ਹੀ ਵੱਖ-ਵੱਖ ਪੰਥਕ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਕੋਲ ਬੀਬੀ ਜਗੀਰ ਕੌਰ ਦੀ ਥਾਂ ਅਨੁਸੂਚਿਤ ਜਾਤੀ ਦੇ ਉਮੀਦਵਾਰ ਨੂੰ ਉਤਾਰਨ ਦਾ ਮੁੱਦਾ ਉਠਾ ਚੁੱਕੀਆਂ ਹਨ। ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੇਕਰ ਐੱਸ.ਜੀ.ਪੀ.ਸੀ. ਦੇ ਮੁਖੀ ਵਜੋਂ ਕਿਸੇ ਐੱਸ.ਸੀ. ਉਮੀਦਵਾਰ ਨੂੰ ਨਿਯੁਕਤ ਕਰਨ ਦਾ ਹੁਣ ਨਾਲੋਂ ਵਧੀਆ ਸਮਾਂ ਨਹੀਂ ਹੋ ਸਕਦਾ।