ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ 15 ਮਈ ਤੱਕ ਰੋਜ਼ਾਨਾ 6000 RT-PCR ਕੋਵਿਡ ਟੈਸਟ ਕਰਨ ਲਈ ਕਿਹਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਸੂਬੇ ਵਿੱਚ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ ਕੋਵਿਡ ਟੈਸਟਿੰਗ ਕਰਨ ਲਈ ਆਖਿਆ ਹੈ ਜਦੋਂਕਿ ਵਿਭਾਗ ਨੇ ਮਈ ਦੇ ਅਖੀਰ ਤੱਕ ਰੋਜ਼ਾਨਾ 5800 ਟੈਸਟਾਂ ਦਾ ਟੀਚਾ ਮਿੱਥਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ ਵਾਪਸੀ ਕਰਨ ਵਾਲੇ ਪੰਜਾਬੀਆਂ ਦੇ ਬਾਹਰੀ ਸੂਬਿਆਂ ਵਿੱਚ ਹੋਏ ਟੈਸਟਾਂ ਨੂੰ ਹੀ ਆਧਾਰ ਮੰਨ ਲੈਣ ਦੀ ਬਜਾਏ ਆਪਣੇ ਪੱਧਰ ‘ਤੇ ਟੈਸਟ ਕਰਨ ਦੀ ਹਦਾਇਤ ਕੀਤੀ।
ਪੰਜਾਬ ਵਾਪਸ ਪਰਤਣ ਵਾਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਦਾ ਟੈਸਟ ਪਾਜ਼ੇਟਿਵ
ਆਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰੀ ਸੂਬਿਆਂ ਵਿੱਚ ਫਸੇ ਹੋਏ
ਜਿਹੜੇ ਪੰਜਾਬੀਆਂ ਦੇ ਟੈਸਟ ਸਬੰਧਤ ਸੂਬਿਆਂ ਵਿੱਚ ਹੋਏ ਹਨ, ਪੰਜਾਬ ਉਹਨਾਂ ਟੈਸਟਾਂ ‘ਤੇ
ਭਰੋਸਾ ਨਹੀਂ ਕਰ ਸਕਦਾ।
ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਵੀ ਕੁਝ ਸੇਵਾਦਾਰਾਂ ਦੇ ਟੈਸਟ ਪਾਜ਼ੇਟਿਵ ਆਉਣ ਦਾ ਹਵਾਲਾ
ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਦਾਅਵਾ ਕਿ ਨਾਂਦੇੜ ਵਿੱਚ ਕੋਈ ਵੀ
ਕੇਸ ਪਾਜ਼ੇਟਿਵ ਨਹੀਂ ਸੀ ਅਤੇ ਸ਼ਰਧਾਲੂ ਵਾਪਸੀ ਵੇਲੇ ਜਾਂ ਪੰਜਾਬ ਪਹੁੰਚਣ ‘ਤੇ ਇਸ ਰੋਗ ਦੇ
ਸ਼ਿਕਾਰ ਹੋ ਗਏ, ਨਿਰਮੂਲ ਸਾਬਤ ਹੋਇਆ ਹੈ।
ਉਹਨਾਂ ਨੇ ਇਕ ਵਾਰ ਫਿਰ ਵਿਰੋਧੀ ਧਿਰਾਂ ਨੂੰ ਅਜਿਹੇ ਗੰਭੀਰ ਮਸਲੇ ‘ਤੇ ਘਟੀਆ ਸਿਆਸਤ ਬੰਦ ਕਰਨ ਲਈ ਆਖਿਆ। ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸ ਜ਼ਰੀਏ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਵਿਰੁੱਧ ਸੂਬੇ ਦੀ ਲੜਾਈ ਦਾ ਇਹ ਮਹੱਤਵਪੂਰਨ ਸਮਾਂ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੀ ਕੋਰੋਨਾ ਵਿਰੁੱਧ ਜੰਗ ਹੋਰ ਤੇਜ਼ ਕਰਨ ਲਈ ਕਈ ਲੜੀਵਾਰ ਫੈਸਲੇ ਲਏ ਗਏ। ਸਿਹਤ ਵਿਭਾਗ ਨੂੰ ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਅਗਾਊਂ ਯੋਜਨਾ ਤਿਆਰ ਕਰਨ ਦੇ ਹੁਕਮ ਦਿੰਦਿਆਂ ਮੁੱਖ ਮੰਤਰੀ ਨੇ ਭਿਆਨਕ ਸਥਿਤੀ ਲਈ ਤਿਆਰ ਰਹਿਣ ਦੀ ਲੋੜ ‘ਤੇ ਜ਼ੋਰ ਦਿੱਤਾ।