ਮੂੰਗੀ ਬੀਜਣ ਵਾਲੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਭਗਵੰਤ ਮਾਨ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾ, ਪਾਣੀ ਤੇ ਧਰਤੀ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਸੂਬੇ ਵਿੱਚ ਖੇਤੀ ਸੁਧਾਰਾਂ ਸਬੰਧੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਕਣਕ ਤੇ ਝੋਨੇ ਦੀ ਫ਼ਸਲ ਦੇ ਨਾਲ ਹੁਣ 55 ਦਿਨ ਵਿੱਚ ਤਿਆਰ ਹੋਣ ਵਾਲੀ ਮੂੰਗੀ ਦੀ ਫ਼ਸਲ ਵੀ ਬੀਜਣ, ਜਿਸ ’ਤੇ ਸਰਕਾਰ ਐੱਮਐੱਸਪੀ ਦੇਵੇਗੀ। ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਨ ਮੌਕੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਤੇ ਜ਼ਮੀਨ ਤਿੰਨੇ ਹੀ ਪ੍ਰਦੂਸ਼ਿਤ ਹਨ, ਜਿਨ੍ਹਾਂ ਨੂੰ ਠੀਕ ਕਰਨ ਦਾ ਸਮਾਂ ਆ ਗਿਆ ਹੈ ਤੇ ਇਹ ਤਾਂ ਹੀ ਠੀਕ ਹੋਵੇਗੀ, ਜੇਕਰ  ਸਾਰੇ ਮਿਲ ਕੇ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਦਾ ਚੱਕਰ ਬਦਲਣ, ਜਿਸ ਲਈ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ ਫ਼ਸਲ ਜਲਦੀ ਤਿਆਰ ਹੋ ਜਾਂਦੀ ਹੈ, ਇਸ   ਲਈ ਕਿਸਾਨ ਮੂੰਗੀ ਦੀ ਫ਼ਸਲ ਬੀਜਣੀ ਸ਼ੁਰੂ ਕਰਨ।

ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਲੁਧਿਆਣਾ ਪੁੱਜੇ ਭਗਵੰਤ ਮਾਨ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਫੋਟੋ ’ਤੇ ਫੁੱਲ ਮਾਲਾ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਲੋਕਾਂ ਨੂੰ ਮਹਾਰਾਜਾ ਜੱਸਾ ਸਿੰਘ ਦੀਆਂ ਸਿੱਖਿਆਵਾਂ ’ਤੇ ਅਮਲ ਕਰਕੇ ਜੀਵਨ ਜਿਊਣ ਦੀ ਨਸੀਹਤ ਵੀ ਦਿੱਤੀ। ਉਨ੍ਹਾਂ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੇ ਪੰਜਾਬ ਵਿੱਚ ਖੁਸ਼ਹਾਲ ਰਾਜ ਵਿਵਸਥਾ ਦਿੱਤੀ ਸੀ ਤੇ ਸਾਰੇ ਵਰਗ ਉਨ੍ਹਾਂ ਦੇ ਸ਼ਾਸਨ ਤੋਂ ਖੁਸ਼ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਾਰੇ ਵਰਗਾਂ ਦੇ ਕਲਿਆਣ ਲਈ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਲੀਡਰਾਂ ਵੱਲੋਂ ਸੱਤਾ ਵਿੱਚ ਆ ਕੇ ਆਪਣੇ ਨਿੱਜੀ ਮੁਫਾਦਾਂ ਲਈ ਹੀ ਫ਼ੈਸਲੇ ਲਏ ਗਏ ਸਨ ਪਰ ਹੁਣ ਉਨ੍ਹਾਂ ਦੀ ਸਰਕਾਰ ਆਏ ਨੂੰ ਹਾਲੇ 50 ਦਿਨ ਹੀ ਹੋਏ ਹਨ, ਜਿਸ ਦੌਰਾਨ ਕਈ ਲੋਕ ਪੱਖੀ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਉਂਦਿਆਂ ਹੀ 26 ਹਜ਼ਾਰ ਤੋਂ ਵੱਧ ਨੌਕਰੀਆਂ ਦੀ ਸਰਕਾਰੀ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਭਲਾਈ ਲਈ ਕਈ ਵੱਡੇ ਫ਼ੈਸਲੇ ਲਏ ਜਾਣਗੇ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਵਿੱਚ ਹੀ ਉਨ੍ਹਾਂ ਦੇ ਚੰਗੇ ਭਵਿੱਖ ਲਈ ਮੌਕੇ ਸਿਰਜਣਗੇ ਅਤੇ ਕਿਸੇ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਰੁੱਖ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕਾਂ ਵੱਲੋਂ ਦਿੱਤੀ ਸ਼ਕਤੀ ਲੋਕ ਭਲਾਈ ਲਈ ਹੀ ਵਰਤੀ ਜਾਵੇਗੀ।

Leave a Reply

Your email address will not be published. Required fields are marked *