ਖੇਤੀ ਆਰਡੀਨੈਂਸ: ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ

ਚੰਡੀਗੜ੍ਹ : ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਦੀਆਂ ਖੱਬੇ-ਪੱਖੀ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਬਣਾ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਦਿੱਤੇ ਜਾ ਰਹੇ ਰੋਸ ਧਰਨਿਆਂ ਦੇ ਪੰਜਵੇਂ ਦਿਨ ਅੱਜ ਵੀ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਅਰਥੀ ਸਾੜ ਮੁਜ਼ਾਹਰੇ ਕੀਤੇ। ਕਿਸਾਨ ਯੂਨੀਅਨ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਬਿਆਨ ਰਾਹੀਂ ਦੱਸਿਆ ਕਿ ਪਿੰਡਾਂ ’ਚ ਹੋ ਰਹੇ ਇਕੱਠਾਂ ਦੌਰਾਨ ਕਿਸਾਨਾਂ-ਮਜ਼ਦੂਰਾਂ ਵੱਲੋਂ ਪ੍ਰਗਟਾਏ ਜਾ ਰਹੇ ਰੋਸ, ਆਰਡੀਨੈਂਸਾਂ ਦੀ ਵਾਪਸੀ ਤੱਕ ਆਰ-ਪਾਰ ਦੀ ਲੜਾਈ ਦਾ ਅਾਧਾਰ ਬਣਦੇ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿੱਚ ਕਣਕ ਅਤੇ ਝੋਨੇ ਦਾ ਪੂਰਾ ਮੰਡੀਕਰਨ ਜਾਰੀ ਰੱਖਣ ਦੇ ਬਿਆਨ ਨੂੰ ਬੁਲਾਰਿਆਂ ਨੇ ਕਿਸਾਨਾਂ ਨਾਲ ਸਿਆਸੀ ਪਖੰਡਬਾਜ਼ੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਬਿੱਲ ਸਬਸਿਡੀ ਖ਼ਤਮ ਹੋ ਜਾਵੇਗੀ ਜਿਸ ਨਾਲ ਖੇਤੀ ਘਾਟੇ ਹੋਰ ਵਧਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਖੁਦਕੁਸ਼ੀਆਂ ਦਾ ਵਰਤਾਰਾ ਵੀ ਵਧੇਗਾ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕੈਪਟਨ ਸਰਕਾਰ ਵੀ ਕਰੋਨਾ ਦੀ ਆੜ ਹੇਠ ਇਕੱਠਾਂ ’ਤੇ ਪਾਬੰਦੀ ਲਗਾ ਕੇ ਮੋਦੀ ਹਕੂਮਤ ਨੂੰ ਕਿਸਾਨ ਰੋਹ ਤੋਂ ਬਚਾਉਣ ਦੇ ਯਤਨ ਕਰ ਰਹੀ ਹੈ। ਕਿਸਾਨਾਂ ਦੇ ਇਕੱਠਾਂ ਨੂੰ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਸਰਗਰਮ ਆਗੂਆਂ ਨੇ ਸੰਬੋਧਨ ਕੀਤਾ।
ਖੱਬੇ-ਪੱਖੀ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ
ਚੰਡੀਗੜ੍ਹ: ਪੰਜਾਬ ਦੀਆਂ ਖੱਬੇ-ਪੱਖੀ ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸਾਂ ਵਿਰੁੱਧ 27 ਜੁਲਾਈ ਨੂੰ ਕੀਤੇ ਜਾਣ ਵਾਲੇ ਰਾਜ ਪੱਧਰੀ ਅੰਦੋਲਨ ਦੀ ਤਿਆਰੀ ਵਜੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਮੁਜ਼ਾਹਰੇ ਕੀਤੇ। ਕਿਸਾਨ ਆਗੂ ਜਗਮੋਹਨ ਸਿੰਘ ਉੱਪਲ ਨੇ ਦੱਸਿਆ ਕਿ ਇਨ੍ਹਾਂ ਜਥੇਬੰਦੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ), ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ, ਕੁੱਲ ਕਿਸਾਨ ਸਭਾ ਪੰਜਾਬ, ਜੈ ਕਿਸਾਨ ਅੰਦੋਲਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਕਿਰਤੀ ਕਿਸਾਨ ਯੂਨੀਅਨਾਂ ਸ਼ਾਮਲ ਹਨ। ਮੁਜ਼ਾਹਰਿਆਂ ਦੀ ਅਗਵਾਈ ਬੂਟਾ ਸਿੰਘ ਬੁਰਜ ਗਿੱਲ, ਡਾ. ਸਤਨਾਮ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਨਿਰਭੈਅ ਸਿੰਘ ਢੁੱਡੀਕੇ, ਭੁਪਿੰਦਰ ਸਿੰਘ ਸਾਂਭਰ ਆਦਿ ਆਗੂਆਂ ਨੇ ਕੀਤੀ।
#ਕਿਸਾਨ #ਖੇਤੀ ਆਰਡੀਨੈਂਸ #ਸਬਸਿਡੀ #ਕਿਸਾਨ ਯੂਨੀਅਨ