ਮਹਾਮਾਰੀ: ਪੰਜਾਬ ਵਿਚ ਨਿਵੇਸ਼ ਕਰਨ ’ਤੇ ਵੱਡੀਆਂ ਛੋਟਾਂ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਮਾਰੀ ਦੌਰਾਨ ਪੰਜਾਬ ’ਚ ਨਿਰਵਿਘਨ ਨਿਵੇਸ਼ ਨੂੰ ਹੁਲਾਰਾ ਦੇਣ ਲਈ ਛੋਟਾਂ ਦਾ ਐਲਾਨ ਕੀਤਾ ਹੈ ਤਾਂ ਜੋ ਨਿਵੇਸ਼ਕਾਂ ਨੂੰ ਕੋਈ ਖੱਜਲ-ਖੁਆਰੀ ਨਾ ਝੱਲਣੀ ਪਵੇ। ਨਵੇਂ ਕਦਮ ਨਾਲ ਨਿਵੇਸ਼ਕਾਂ ਨੂੰ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਵਿਚ ਕਈ ਅੜਚਣ ਨਹੀਂ ਆਵੇਗੀ ਕਿਉਂਕਿ ਇਸ ਪ੍ਰਕਿਰਿਆ ਨੂੰ ਆਸਾਨ ਬਣਾ ਦਿੱਤਾ ਗਿਆ ਹੈ। ਇਸ ਵਿਚ ਬਿਨਾਂ ਨਿਰੀਖਣ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ. ਐੱਸ.ਐੱਸ. ਮਰਵਾਹਾ ਨੇ ਕਿਹਾ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਪਹਿਲਾਂ ਸਥਾਪਨਾ/ਚਲਾਉਣ ਦੀ ਸਹਿਮਤੀ ਦੀ ਮਿਆਦ, ਅਧਿਕਾਰ, ਰਜਿਸਟ੍ਰੇਸ਼ਨ ਅਤੇ ਕੋਈ ਹੋਰ ਜ਼ਰੂਰੀ ਪ੍ਰਵਾਨਗੀਆਂ ਦਾ ਸਮਾਂ 30 ਜੂਨ 2020 ਤੱਕ ਵਧਾਇਆ ਗਿਆ ਸੀ ਅਤੇ ਹੁਣ ਇਨ੍ਹਾਂ ਪ੍ਰਵਾਨਗੀਆਂ ਦੀ ਮਿਆਦ ਹੋਰ ਵਧਾਉਂਦਿਆਂ 31 ਮਾਰਚ 2021 ਤੱਕ ਕਰ ਦਿੱਤੀ ਗਈ ਹੈ। ਇਸ ਲਈ ਸਿਰਫ਼ ਕੁਝ ਸ਼ਰਤਾਂ ਸਮੇਤ ਅਰਜ਼ੀ ਦੇਣੀ ਹੋਵੇਗੀ ਅਤੇ ਬੋਰਡ ਵੱਲੋਂ ਕੋਈ ਨਿਰੀਖਣ ਨਹੀਂ ਕੀਤਾ ਜਾਵੇਗਾ।

ਪ੍ਰੋ. ਮਰਵਾਹਾ ਨੇ ਕਿਹਾ ਕਿ ਵਾਤਾਵਰਨ ਸਬੰਧੀ ਨੇਮਾਂ ਦੀ ਭਾਗੀਦਾਰ ਰੈਗੂਲੇਟਰੀ ਪਾਲਣਾ ਯਕੀਨੀ ਬਣਾਉਣ ਲਈ ਬੋਰਡ ਦੀ ਸਹਿਮਤੀ ਤੋਂ ਬਿਨਾਂ ਚੱਲ ਰਹੇ ਉਦਯੋਗਾਂ ਨੂੰ ਸਵੈ-ਇਛੁੱਕ ਪ੍ਰਗਟਾਵਾ ਸਕੀਮ (ਵੀ.ਡੀ.ਐੱਸ.) ਅਧੀਨ ਪ੍ਰਵਾਨਗੀਆਂ ਲੈਣ ਲਈ ਅਰਜ਼ੀ ਦੇਣ ਦਾ ਸਮਾਂ 31 ਦਸੰਬਰ 2020 ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ 2018 ਤੋਂ ਪਹਿਲਾਂ ਸਹਿਮਤੀ ਫ਼ੀਸ ਜਮ੍ਹਾਂ ਕਰਵਾਉਣ ਅਤੇ ਯਕਮੁਸ਼ਤ ਅਨੁਮਾਨਤ ਫੀਸ 5,000 ਰੁਪਏ ਦਾ ਭੁਗਤਾਨ ਕਰਨ ਨਾਲ ਛੋਟ ਨਾਲ ਅਜਿਹਾ ਕਰ ਸਕਦੇ ਹਨ।

ਇਸ ਤੋਂ ਇਲਾਵਾ ਵਾਟਰ ਐਕਟ, 1974 ਅਧੀਨ ਸਹਿਮਤੀ ਪ੍ਰਾਪਤ ਕਰਨ ਲਈ ਇੱਟਾਂ ਦੇ ਭੱਠਿਆਂ ਦੀ ਸਹੂਲਤ ਵਾਸਤੇ ਉਨ੍ਹਾਂ ਦੇ ਮਾਲਕਾਂ ਨੂੰ 1 ਨਵੰਬਰ 2018 ਤੋਂ ਪਹਿਲਾਂ ਵਾਲੀ ਸਹਿਮਤੀ ਫ਼ੀਸ ਜਮ੍ਹਾਂ ਕਰਵਾਉਣ ਤੋਂ ਛੋਟ ਦੇ ਦਿੱਤੀ ਹੈ। ਇਸੇ ਦੌਰਾਨ ਸਾਇੰਸ, ਤਕਨਾਲੋਜੀ ਤੇ ਵਾਤਾਵਰਨ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਇਹ ਪਹਿਲਕਦਮੀਆਂ ਉਦਯੋਗਾਂ ਦੀ ਰੈਗੂਲੇਟਰੀ ਪਾਲਣਾ ਵਿੱਚ ਸਹਾਇਤਾ ਕਰਨਗੀਆਂ ਅਤੇ ਇਸ ਔਖੇ ਸਮੇਂ ਵਿੱਚ ਛੋਟੇ ਉਦਯੋਗਾਂ ਦੀ ਨਿਯਮਤ ਵਿਵਸਥਾ ਵਧਾਉਣਗੀਆਂ।

ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਲਿਆ ਫ਼ੈਸਲਾ

ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਪਣੀ 184ਵੀਂ ਮੀਟਿੰਗ ਵਿਚ ਇਸ ਸਬੰਧੀ ਵਿਸਥਾਰ ’ਚ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਦਮ ਇਨ੍ਹਾਂ ਮੁਸ਼ਕਲਾਂ ਸਥਿਤੀਆਂ ਵਿੱਚ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਦੀ ਪ੍ਰਕਿਰਿਆ ਹੋਰ ਆਸਾਨ ਬਣਾਊਣ ਦੇ ਊਦੇਸ਼ ਨਾਲ ਕੀਤਾ ਗਿਆ ਹੈ।

Leave a Reply

Your email address will not be published. Required fields are marked *