ਢੀਂਡਸਾ ਵੱਲੋਂ ਮੋਦੀ ਨੂੰ ਖੇਤੀ ਆਰਡੀਨੈਂਸ ਵਾਪਸ ਲੈਣ ਦੀ ਅਪੀਲ

ਜਲੰਧਰ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੀ ਆੜ ਹੇਠ ਜਾਰੀ ਕੀਤੇ ਗਏ ਤਿੰਨ ਆਰਡੀਨੈਸਾਂ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਆਰਡੀਨੈਸਾਂ ਨੂੰ ਵਾਪਸ ਲੈਣ। ਉਹ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖ ਰਹੇ ਹਨ। ਸ੍ਰੀ ਢੀਂਡਸਾ ਅੱਜ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਨਗਰ ਵਿੱਚ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਆਪਣੀ ਪਾਰਟੀ ’ਚ ਰਲੇਵੇਂ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਯੂਥ ਅਕਾਲੀ ਦਲ ਵੱਲੋਂ ਡੇਰਾ ਸਿਰਸਾ ਵਿਰੁੱਧ ਕੀਤੇ ਗੲੇ ਕੇਸ ਵਿੱਚ ਤਕਨੀਕੀ ਖਾਮੀ ਦਾ ਦਾਅਵਾ ਕਰਨ ਬਾਰੇ ਸ੍ਰੀ ਢੀਂਡਸਾ ਨੇ ਕਿਹਾ ਕਿ ਬਾਦਲਾਂ ਨੂੰ ਇਹ ਤਕਨੀਕੀ ਖਾਮੀ ਚੋਣਾਂ ਤੋਂ ਚਾਰ ਦਿਨ ਪਹਿਲਾਂ ਹੀ ਕਿਉਂ ਯਾਦ ਆਈ ਸੀ? ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਬਾਦਲ ਪਰਿਵਾਰ ਦੀ ਡੇਰਾ ਸਿਰਸਾ ਨਾਲ ਮਿਲੀਭੁਗਤ ਵੀ ਸਾਹਮਣੇ ਆਈ ਹੈ।
ਇਸ ਤੋਂ ਪਹਿਲਾਂ ਗੁਰਦੁਆਰੇ ਵਿੱਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਪਹਿਲਾਂ ਵੀ ਐਲਾਨ ਕਰ ਚੁੱਕੇ ਹਨ ਕਿ ਜੇ ਉਨ੍ਹਾਂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਉਹ ਮੁੱਖ ਮੰਤਰੀ ਨਹੀਂ ਬਣਨਗੇ। ਊਨ੍ਹਾਂ ਕਿਹਾ ਕਿ ਉਹ ਸਿਰਫ ਸ਼੍ਰੋਮਣੀ ਕਮੇਟੀ ਵਿੱਚ ਸੇਵਾ ਕਰਨਾ ਚਾਹੁੰਦੇ ਹਨ। ਪਾਰਟੀ ਵਰਕਰਾਂ ਲਈ ਵੀ ਇਹ ਤੈਅ ਕੀਤਾ ਜਾਵੇਗਾ ਕਿ ਧਰਮ ਦੇ ਖੇਤਰ ਵਿੱਚ ਸੇਵਾ ਕਰਨ ਵਾਲੇ ਰਾਜਨੀਤੀ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦਾ ਸਾਥ ਛੱਡਣ ਵਿਚ ਦੇਰੀ ਜ਼ਰੂਰ ਹੋਈ ਹੈ ਪਰ ਉਹ ਬਿਨਾ ਦਾਗ਼ ਦੇ ਬਾਹਰ ਆਏ ਹਨ ਅਤੇ ਹੁਣ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਲੜਾਈ ਜ਼ੋਰਦਾਰ ਢੰਗ ਨਾਲ ਲੜੀ ਜਾਵੇਗੀ। ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਪਹਿਲਾਂ ਪੰਥ ਅਤੇ ਫਿਰ ਪੰਜਾਬ ਹੈ, ਉਸ ਤੋਂ ਬਾਅਦ ਪਾਰਟੀ ਅਤੇ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸੂਬੇ ਦਾ ਬਹੁਤ ਨੁਕਸਾਨ ਕੀਤਾ ਹੈ ਅਤੇ ਹੁਣ ਸਿੱਖ ਪੰਥ ਨੂੰ ਬਚਾਉਣ ਦੀ ਲੜਾਈ ਲੜਨੀ ਹੈ।
ਉਧਰ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸਪੱਸ਼ਟ ਕੀਤਾ ਕਿ ਭਾਈ ਮੋਹਕਮ ਸਿੰਘ ਅਤੇ ਭਾਈ ਸਤਨਾਮ ਸਿੰਘ ਮਨਾਵਾਂ ਪਿਛਲੇ ਇੱਕ ਸਾਲ ਤੋਂ ਪੂਰੀ ਤਰ੍ਹਾਂ ਗੈਰ-ਸਰਗਰਮ ਸਨ। ਪਾਰਟੀ ਦਾ ਇੱਕ ਵੀ ਅਹੁਦੇਦਾਰ ਜਾਂ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਨਹੀਂ ਗਿਆ ਹੈ।