ਡੇਰਾ ਸਮਰਥਕ ਵੀਰਪਾਲ ਕੌਰ ਖ਼ਿਲਾਫ਼ ਐੱਸਐੱਸਪੀ ਨੂੰ ਸ਼ਿਕਾਇਤ


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਦੇ ਕੇ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ ’ਤੇ ਸਿੱਖ ਗੁਰੂ ਸਾਹਿਬਾਨ ਦੀ ਬੇਅਦਬੀ ਕਰ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਗਏ ਵਫਦ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਬਰਾੜ ਤੇ ਸਰਬਜੋਤ ਸਿੰਘ ਸਾਬੀ ਸ਼ਾਮਲ ਸਨ।

ਵਫਦ ਨੇ ਮੰਗ ਕੀਤੀ ਕਿ ਵੀਰਪਾਲ ਕੌਰ ਖਿਲਾਫ ਧਾਰਾ 153, 153-ਏ, 153-ਬੀ, 295-ਏ ਅਤੇ 298-ਬੀ ਆਈਪੀਸੀ ਤਹਿਤ ਕੇਸ ਦਰਜ ਕੀਤਾ ਜਾਵੇ। ਸ਼ਿਕਾਇਤ ਵਿਚ ਕਿਹਾ ਗਿਆ ਕਿ ਵੀਰਪਾਲ ਕੌਰ ਨੇ 14 ਜੁਲਾਈ ਨੂੰ ਸੁਖਬੀਰ ਸਿੰਘ ਬਾਦਲ ਦੇ ਨਿੱਜੀ, ਸਿਆਸੀ, ਜਨਤਕ ਤੇ ਸਮਾਜਿਕ ਜੀਵਨ ਨੂੰ ਨਿਸ਼ਾਨਾ ਬਣਾਉਂਦਿਆਂ ਅਪਮਾਨਜਨਕ ਟਿੱਪਣੀਆਂ ਕੀਤੀਆਂ। ਅਕਾਲੀ ਦਲ ਨੇ ਕਿਹਾ ਕਿ ਵੀਰਪਾਲ ਕੌਰ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ ਜਿਸ ਦੇ ਜਵਾਬ ਵਿਚ ਡੇਰੇ ਦੀ ਸ਼ਰਧਾਲੂ ਨੇ ਅਕਾਲੀ ਦਲ ਤੋਂ ਮੁਆਫੀ ਮੰਗੀ ਤੇ ਦੂਜੇ ਪਾਸੇ ਸਿੱਖ ਧਰਮ ਅਤੇ ਸਿੱਖ ਗੁਰੂ ਸਾਹਿਬਾਨ ਖਾਸ ਤੌਰ ’ਤੇ ਪਹਿਲੇ ਗੁਰੂ ਨਾਨਕ ਦੇਵ ਅਤੇ ਦਸਵੇਂ ਗੁਰੂ ਗੋਬਿੰਦ ਸਿੰਘ ਖਿਲਾਫ ਮੰਦੇ ਸ਼ਬਦ ਵਰਤ ਕੇ ਬੇਅਦਬੀ ਕੀਤੀ ਹੈ।

ਅਕਾਲੀ ਦਲ ਨੇ ਕਿਹਾ ਕਿ ਡੇਰਾ ਮੁਖੀ ਜਬਰ-ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ਵਿੱਚ ਬੰਦ ਹੈ ਤੇ ਵੀਰਪਾਲ ਕੌਰ ਨੇ ਡੇਰਾ ਮੁਖੀ ਦੀ ਗੁਰੂਆਂ ਨਾਲ ਤੁਲਨਾ ਕਰ ਕੇ ਵੱਡੀ ਗਲਤੀ ਕੀਤੀ ਹੈ ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

Leave a Reply

Your email address will not be published. Required fields are marked *