ਸਵਾਂਗ ਰਚਣ ਦਾ ਕੇਸ ਮੁੜ ਖੋਲ੍ਹਣ ਲਈ ਕੈਪਟਨ ਨੂੰ ਪੱਤਰ

ਜਲੰਧਰ : ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਡੇਰਾ ਸਿਰਸਾ ਮੁਖੀ ਵਿਰੁੱਧ 2007 ਵਿੱਚ ਸਵਾਂਗ ਰਚਣ ਦੇ ਮਾਮਲੇ ਵਿੱਚ ਦਰਜ ਕੇਸ ਨੂੰ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ 2007 ਵਾਲੇ ਕੇਸ ਦਾ ਸਬੰਧਤ 2015 ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਹੈ। ਉਨ੍ਹਾਂ ਆਖਿਆ ਕਿ ਜੇਕਰ ਤਤਕਾਲੀ ਸਰਕਾਰ ਨੇ ਡੇਰਾ ਮੁਖੀ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਨੌਬਤ ਨਾ ਆਉਂਦੀ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਰਹਿੰਦਿਆਂ ਕਿਸੇ ਨੇ ਡੇਰਾ ਮੁਖੀ ਜਾਂ ਉਸ ਦੇ ਚੇਲਿਆਂ ਨੂੰ ਕੇਸ ਵਿੱਚ ਹੱਥ ਲਾਉਣਾ ਤਾਂ ਦੂਰ ਦੀ ਗੱਲ ਸਰਕਾਰੀ ਧਿਰ ਨੇ ਉਨ੍ਹਾਂ ਵੱਲ ਧਿਆਨ ਵੀ ਕੇਂਦਰਿਤ ਨਹੀਂ ਕੀਤਾ ਜਦਕਿ ਆਪਣੇ ਗੁਰੂ ਦੀ ਹੋਈ ਬੇਅਦਬੀ ਲਈ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਸਿੱਧੀਆਂ ਗੋਲੀਆਂ ਚਲਾਈਆਂ ਸਨ। ਉਨ੍ਹਾਂ ਆਖਿਆ ਕਿ ਇਸ ਕੇਸ ਬਾਰੇ ਲੁਧਿਆਣਾ ਤੋਂ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਇਸ ਨੂੰ ਦੁਬਾਰਾ ਖੁੱਲ੍ਹਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ-2221-2015- ਪਾਈ ਹੋਈ ਹੈ। ਇਸ ਲਈ ਸਵਾਂਗ ਰਚਣ ਦੇ ਕੇਸ ਨੂੰ ਮੁੜ ਖੋਲ੍ਹਣ ਲਈ ਕਾਨੂੰਨੀ ਰਾਏ ਲਈ ਜਾਵੇ ਅਤੇ ਬੇਅਦਬੀ ਦੇ ਕਸੂਰਵਾਰਾਂ ਨੂੰ ਸਜ਼ਾ ਦਿੱਤੀ ਜਾਵੇ, ਕਿਉਂਕਿ ਉਨ੍ਹਾਂ (ਕੈਪਟਨ) ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੋਇਆ ਹੈ।

Leave a Reply

Your email address will not be published. Required fields are marked *