ਕਰੋਨਾਵਾਇਰਸ ਤੋਂ ਪੀੜਤ ਪੰਜਾਬ ਦੇ ਵਿਧਾਇਕਾਂ ਦੀ ਗਿਣਤੀ 29 ਹੋਈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸ਼ੁੱਕਰਵਾਰ ਨੂੰ ਹੋਣ ਵਾਲੇ ਇਕ ਦਿਨਾ ਸੈਸ਼ਨ ਤੋਂ ਪਹਿਲਾਂ ਕਰਵਾਏ ਗਏ ਕਰੋਨਾਵਾਇਰਸ ਦੇ ਟੈਸਟ ਦੌਰਾਨ ਪਾਜ਼ੇਟਿਵ ਵਿਧਾਇਕਾਂ ਅਤੇ ਮੰਤਰੀਆਂ ਦੀ ਗਿਣਤੀ 22 ਤੋਂ ਵੱਧ ਕੇ 29 ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਧਾਇਕਾਂ ਨੂੰ ਭਲਕੇ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਸ਼ਿਰਕਤ ਨਾ ਕਰਨ ਦੀ ਅਪੀਲ ਕੀਤੀ ਹੈ। ਸੂਬਾ ਸਰਕਾਰ ਨੇ ਵਿਧਾਨ ਸਭਾ ਦੇ ਨਾਲ-ਨਾਲ ਪੰਜਾਬ ਭਵਨ ਅਤੇ ਐੱਮਐਲਏ ਹੋਸਟਲ ’ਚ ਸੈਸ਼ਨ ਤੋਂ ਪਹਿਲਾਂ ਟੈਸਟਿੰਗ ਲਈ ਟਰੂਨੈਟ ਅਤੇ ਆਰਏਟੀ ਮਸ਼ੀਨਾਂ ਲਗਾਉਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੈਸ਼ਨ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਕੋਵਿਡ ਟੈਸਟ ਦੀ ਰਿਪੋਰਟ ਨੈਗੇਟਿਵ ਆਉਣ ਵਾਲਿਆਂ ਨੂੰ ਹੀ ਸੈਸ਼ਨ ਵਿੱਚ ਸ਼ਮੂਲੀਅਤ ਦੀ ਪ੍ਰਵਾਨਗੀ ਦਿੱਤੀ ਜਾਵੇਗੀ। ਉਧਰ ਪੰਜਾਬ ਵਿੱਚ ਕਰੋਨਾਵਾਇਰਸ ਨੇ ਲੰਘੇ 24 ਘੰਟਿਆਂ ਦੌਰਾਨ 37 ਜਾਨਾਂ ਲੈ ਲਈਆਂ ਹਨ। ਮ੍ਰਿਤਕਾਂ ਦੀ ਗਿਣਤੀ ਦਾ ਅੰਕੜਾ ਵੱਧ ਕੇ 1256 ਤੱਕ ਪਹੁੰਚ ਗਿਆ ਹੈ। ਸੂਬੇ ਵਿੱਚ ਕਰੋਨਾ ਦੇ 1746 ਨਵੇਂ ਪਾਜ਼ੇਟਿਵ ਕੇਸ ਮਿਲੇ ਹਨ। ਸਿਹਤ ਵਿਭਾਗ ਅਨੁਸਾਰ ਸੂਬੇ ਵਿੱਚ ਸਭ ਤੋਂ ਵੱਧ ਮੌਤਾਂ ਅੰਮ੍ਰਿਤਸਰ (7) ’ਚ ਦਰਜ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਲੁਧਿਆਣਾ, ਮੁਹਾਲੀ ਅਤੇ ਸੰਗਰੂਰ ’ਚ 5-5, ਪਟਿਆਲਾ ’ਚ 4, ਹੁਸ਼ਿਆਰਪੁਰ, ਪਠਾਨਕੋਟ, ਤਰਨ ਤਾਰਨ ’ਚ 2-2, ਬਰਨਾਲਾ, ਫਾਜ਼ਿਲਕਾ, ਕਪੂਰਥਲਾ, ਨਵਾਂਸ਼ਹਿਰ, ਰੋਪੜ ’ਚ ਇੱਕ-ਇੱਕ ਵਿਅਕਤੀ ਕਰੋਨਾ ਦੀ ਭੇਟ ਚੜ੍ਹ ਗਿਆ ਹੈ। ਜਾਣਕਾਰੀ ਅਨੁਸਾਰ ਸੂਬੇ ਵਿੱਚ ਹੁਣ ਤੱਕ 9,88,119 ਜਣਿਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 47,836 ਪਾਜ਼ੇਟਿਵ ਪਾਏ ਗਏ ਹਨ ਜਦਕਿ 30972 ਜਣਿਆਂ ਨੂੰ ਠੀਕ ਹੋਣ ਉਪਰੰਤ ਛੁੱਟੀ ਕਰ ਦਿੱਤੀ ਹੈ।

ਦੇਸ਼ ਵਿੱਚ ਇਕ ਦਿਨ ’ਚ 75 ਹਜ਼ਾਰ ਤੋਂ ਵੱਧ ਨਵੇਂ ਕੇਸ

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 75,760 ਨਵੇਂ ਕੇਸ ਸਾਹਮਣੇ ਆਏ ਹਨ ਜੋ ਇਕ ਦਿਨ ’ਚ ਸਭ ਤੋਂ ਵੱਧ ਹਨ। ਕਰੋਨਾ ਨਾਲ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 33,10,234 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ 25,23,771 ਵਿਅਕਤੀ ਤੰਦਰੁਸਤ ਵੀ ਹੋੲੇ ਹਨ। ਇਸ ਨਾਲ ਰਿਕਵਰੀ ਦਰ 76.24 ਫ਼ੀਸਦ ਜਦਕਿ ਮੌਤਾਂ ਦੀ ਦਰ ਡਿੱਗ ਕੇ 1.83 ਫ਼ੀਸਦ ’ਤੇ ਪਹੁੰਚ ਗਈ ਹੈ। ਬੀਤੇ ਇਕ ਦਿਨ ’ਚ 1,023 ਮੌਤਾਂ ਹੋਣ ਨਾਲ ਕਰੋਨਾ ਦੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 60,472 ਹੋ ਗਈ ਹੈ। ਦੇਸ਼ ’ਚ ਕਰੋਨਾਵਾਇਰਸ ਦੇ ਕੁੱਲ 7,25,991 ਸਰਗਰਮ ਕੇਸ ਹਨ ਜੋ ਕੁੱਲ ਕੇਸਾਂ ਦਾ 21.93 ਫ਼ੀਸਦ ਬਣਦੇ ਹਨ। ਦੇਸ਼ ’ਚ ਕੋਵਿਡ-19 ਦੇ 7 ਅਗਸਤ ਤੱਕ 20 ਲੱਖ ਕੇਸ ਸਨ ਜਦਕਿ 23 ਅਗਸਤ ਨੂੰ ਇਹ ਗਿਣਤੀ 30 ਲੱਖ ਤੋਂ ਪਾਰ ਹੋ ਗਈ ਸੀ। ਆਈਸੀਐੱਮਆਰ ਮੁਤਾਬਕ 26 ਅਗਸਤ ਤੱਕ ਕੁੱਲ 3,85,76,510 ਟੈਸਟ ਕੀਤੇ ਜਾ ਚੁੱਕੇ ਹਨ ਜਿਨ੍ਹਾਂ ’ਚੋਂ 9,24,998 ਟੈਸਟ ਬੁੱਧਵਾਰ ਨੂੰ ਕੀਤੇ ਗਏ। -ਪੀਟੀਆਈ

ਮੁੱਖ ਮੰਤਰੀ ਵੱਲੋਂ ‘ਆਪ’ ਨੂੰ ਧਰਨੇ ਬੰਦ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦਿੱਤੇ ਜਾ ਰਹੇ ਧਰਨਿਆਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਦੀ ਅਗਵਾਈ ਕਰਨ ਵਾਲੇ ਵਿਧਾਇਕਾਂ ਵਿੱਚੋਂ ਦੋ ਪਹਿਲਾਂ ਹੀ ਪਾਜ਼ੇਟਿਵ ਆ ਚੁੱਕੇ ਹਨ ਅਤੇ ਇਹ ਵਿਧਾਇਕ ਹੁਣ ਤੱਕ ਵੱਡੀ ਗਿਣਤੀ ਹੋਰ ਲੋਕਾਂ ਦੇ ਸੰਪਰਕ ਵਿੱਚ ਆ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਵਿੱਚ ਦਿੱਤੇ ਜਾ ਰਹੇ ਧਰਨੇ ਆਮ ਲੋਕਾਂ ਦੇ ਜੀਵਨ ਨੂੰ ਖਤਰੇ ਵਿੱਚ ਪਾ ਰਹੇ ਹਨ।

Leave a Reply

Your email address will not be published. Required fields are marked *