ਬੀਰਦਵਿੰਦਰ ਨੇ ਸੁਖਬੀਰ ਬਾਦਲ ਵੱਲੋਂ ਦਿਖਾਈ ਚਿੱਠੀ ’ਤੇ ਚੁੱਕੇ ਸੁਆਲ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਖੇਤੀ ਆਰਡੀਨੈਂਸਾਂ ਸਬੰਧੀ ਵਿਖਾਈ ਜਾ ਰਹੀ ਕਥਿਤ ਰਾਹਤ ਵਾਲੀ ਕੇਂਦਰੀ ਖੇਤੀ ਮੰਤਰੀ ਦੀ ਲਿਖੀ ਚਿੱਠੀ ਨੂੰ ਕਿਸਾਨੀ ਨਾਲ ਧੋਖਾ ਦੱਸਿਆ ਹੈ। ਉਨ੍ਹਾਂ ਇਸ ਨੂੰ ਮੋਦੀ ਸਰਕਾਰ ਤੇ ਬਾਦਲਕਿਆਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਵੀ ਕਰਾਰ ਦਿੱਤਾ ਹੈ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੋਵੇਂ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਰਿਹਾ ਹੈ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੇਂਦਰ ਵੱਲੋਂ ਲਿਆਂਦੀ ਚਿੱਠੀ ਵਿਖਾ ਕੇ ਕਿਸਾਨਾਂ ਨੂੰ ਭੰਬਲਭੂਸੇ ’ਚ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਦੋਹਰੇ ਮਾਪਦੰਡਾਂ ਕਾਰਨ ਸੁਚੇਤ ਹੋਣ ਦੀ ਲੋੜ ਹੈ।

ਬੀਰਦਵਿੰਦਰ ਸਿੰਘ ਨੇ ਕਿਹਾ ਕਿ ਖੇਤੀ ਆਰਡੀਨੈਂਸ ’ਤੇ ਸੁਖਬੀਰ ਸਿੰਘ ਬਾਦਲ ਲੁਕਵੇਂ ਏਜੰਡੇ ਨਾਲ ਕਿਸਾਨੀ ਦਾ ਵੱਡੇ ਪੱਧਰ ’ਤੇ ਨੁਕਸਾਨ ਕਰ ਰਿਹਾ ਹੈ। ਖੇਤੀ ਆਰਡੀਨੈਂਸ ਬਿੱਲ ਨਾਲ ਕਿਸਾਨਾਂ ਦਾ ਆਰਥਿਕ ਅਤੇ ਸਮਾਜਿਕ ਤੌਰ ’ਤੇ ਵੱਡਾ ਨੁਕਸਾਨ ਹੋਵੇਗਾ ਜਿਸ ਦੀ ਭਰਪਾਈ ਸੁਖਬੀਰ ਦੀ ਚਿੱਠੀ ਕਦੇ ਵੀ ਨਹੀਂ ਕਰ ਸਕੇਗੀ। ਉਨ੍ਹਾਂ ਆਖਿਆ ਕਿ ਅਸਲ ’ਚ ਸੁਖਬੀਰ ਬਾਦਲ ਆਪਣੀ ਪਤਨੀ ਦੀ ਕੇਂਦਰ ’ਚ ਵਜ਼ੀਰੀ ਦੀ ਕੁਰਸੀ ਲਈ ਕਿਸਾਨੀ ਨੂੰ ਗੁਮਰਾਹ ਕਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ। ਸੁਖਬੀਰ ਦੀ ਪਤਨੀ ਕੈਬਨਿਟ ’ਚ ਬਕਾਇਦਾ ਪੰਜਾਬ ਦੇ ਕਿਸਾਨ ਵਿਰੋਧੀ ਤਿੰਨੇ ਖੇਤੀ ਆਰਡੀਨੈਂਸਾਂ ਦੇ ਹੱਕ ’ਚ ਭੁਗਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਂੀ ਨੂੰ ਬਚਾਉਣ ਲਈ ਉਲੀਕੇ ਹਰ ਸੰਘਰਸ਼ ’ਚ ਕਿਸਾਨਾਂ ਦੀ ਬਾਂਹ ਫੜੇਗੀ। ਇਸ ਮੌਕੇ ਰਣਧੀਰ ਸਿੰਘ ਰੱਖੜਾ, ਗੁਰਸੇਵ ਸਿੰਘ ਹਰਪਾਲਪੁਰ, ਨਾਹਰ ਸਿੰਘ ਤੇ ਸੁਖਵੰਤ ਸਿੰਘ ਸਰਾਓ ਹਾਜ਼ਰ ਸਨ।

ਲੌਂਗੋਵਾਲ ਤੇ ਸੁਖਬੀਰ ਦੇ ਅਸਤੀਫ਼ੇ ਮੰਗੇ

ਸ਼੍ਰੋਮਣੀ ਕਮੇਟੀ ਵੱਲੋਂ ਗੁੰਮ ਹੋਏ ਸਰੂਪਾਂ ਦੇ ਮਾਮਲੇ ’ਚ ਕੀਤੀ ਗਈ ਕਾਰਵਾਈ ਨੂੰ ਮਹਿਜ਼ ਖਾਨਾਪੂਰਤੀ ਕਰਾਰ ਦਿੰਦਿਆਂ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਗੁੰਮ ਹੋਏ ਪਾਵਨ ਸਰੂਪ ਕਿੱਥੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਖਲਾਕੀ ਆਧਾਰ ’ਤੇ ਜਿਵੇਂ ਅਸਤੀਫਾ ਦਿੱਤਾ ਉਸੇ ਤਰਜ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸੁਖਬੀਰ ਸਿੰਘ ਬਾਦਲ ਨੂੰ ਵੀ ਅਸਤੀਫੇ ਦੇਣੇ ਚਾਹੀਦੇ ਹਨ।

Leave a Reply

Your email address will not be published. Required fields are marked *