ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਹੋਵੇ: ਬੈਂਸ

ਚੰਡੀਗੜ੍ਹ : ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਸਾਥੀਆਂ ਸਣੇ ਐੱਮਐੱਲਏ ਹੋਸਟਲ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਦੇ ਮੁੱਦੇ ’ਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਕੀਮ ਤਹਿਤ ਹੁਣ ਅਰਬਾਂ ਰੁਪਏ ਦੀ ਵਜੀਫ਼ਾ ਰਾਸ਼ੀ ਖੁਰਦ-ਬੁਰਦ ਕੀਤੀ ਜਾ ਚੁੱਕੀ ਹੈ ਜਿਸ ਦੇ ਚਲਦਿਆਂ ਹੀ ਕਾਲਜਾਂ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦਿੱਤਾ ਜਾ ਰਿਹਾ। ਸ੍ਰੀ ਬੈਂਸ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਕੇਂਦਰ ਦੀ ਸਕੀਮ ਹੈ ਅਤੇ ਇਸ ਦੀ ਜਾਂਚ ਵੀ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਸ੍ਰੀ ਬੈਂਸ ਨੇ ਕਿਹਾ ਕਿ ਕੇਂਦਰ ਦੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਲੋਕ ਇਨਸਾਫ਼ ਪਾਰਟੀ ਵੱਲੋਂ ਅੰਮ੍ਰਿਤਸਰ ਤੋਂ ਚੰਡੀਗੜ੍ਹ ਤੱਕ ਸਾਈਕਲ ਮਾਰਚ ਕਰਕੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਮਤਾ ਲਿਆਉਣ ਦੀ ਮੰਗ ਕੀਤੀ ਗਈ ਸੀ। ਇਸੇ ਸੰਘਰਸ਼ ਦੇ ਚਲਦਿਆਂ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਖੇਤੀ ਆਰਡੀਨੈਂਸ ਖ਼ਿਲਾਫ਼ ਮਤਾ ਲਿਆਂਦਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੇ ਨਵੇਂ ਆਰਡੀਨੈਂਸ ਨਾਲ ਸੂਬੇ ਦਾ ਕਿਸਾਨ ਪੂਰੀ ਤਰ੍ਹਾਂ ਪ੍ਰਾਈਵੇਟ ਖਰੀਦਦਾਰਾਂ ਦਾ ਮੁਥਾਜ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਪੰਜਾਬ ਵਿੱਚ ਖੇਤੀ ਆਰਡੀਨੈਂਸ ਨੂੰ ਕਦੇ ਲਾਗੂ ਨਹੀਂ ਹੋਣ ਦੇਵੇਗੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *