ਲਾਪਤਾ ਪਾਵਨ ਸਰੂਪ ਮਾਮਲੇ ਦੀ ਜਾਂਚ ਰਿਪੋਰਟ ਜਨਤਕ

ਅੰਮ੍ਰਿਤਸਰ : 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਕੀਤੀ ਗਈ ਜਾਂਚ ਦੀ ਰਿਪੋਰਟ ਦਾ ਕੁੱਝ ਹਿੱਸਾ ਸ਼੍ਰੋਮਣੀ ਕਮੇਟੀ ਨੇ ਜਨਤਕ ਕਰ ਦਿੱਤਾ ਹੈ ਤੇ ਇਹ ਸਿੱਖ ਸੰਸਥਾ ਦੀ ਵੈੱਬਸਾਈਟ ’ਤੇ ਉਪਲਬੱਧ ਹੈ। 10 ਪੰਨਿਆਂ ਦੀ ਇਕ ਰਿਪੋਰਟ ਵੈੱਬਸਾਈਟ ਉਤੇ ਹੈ, ਜਿਸ ਨੂੰ ਸਮੁੱਚੀ ਰਿਪੋਰਟ ਦਾ ਮੁੱਖ ਅੰਸ਼ ਦੱਸਿਆ ਗਿਆ ਹੈ ਤੇ ਬਾਕੀ ਹਿੱਸੇ ਵਿਚ ਜਾਂਚ ਦੌਰਾਨ ਦਰਜ ਕੀਤੇ ਬਿਆਨ ਆਦਿ ਦੱਸੇ ਜਾ ਰਹੇ ਹਨ। ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ਼ ਪੁਲੀਸ ਕੇਸ ਦਰਜ ਕਰਾਉਣ ਦੀ ਥਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗੁਰਦੁਆਰਾ ਐਕਟ ਮੁਤਾਬਕ ਪੰਥਕ ਮਰਿਆਦਾ ਅਤੇ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ 18 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਖਿਮਾ ਯਾਚਨਾ ਕਰਨਗੇ।

ਇਹ ਫੈਸਲਾ ਅੱਜ ਇਥੇ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਲਿਆ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕੰਮਕਾਜ ਵਿਚ ਕਿਸੇ ਨੂੰ ਦਖ਼ਲ ਦੇਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ। ‘ਸਿੱਖ ਸੰਸਥਾ ਦੀ ਆਪਣੀ ਆਜ਼ਾਦ ਹਸਤੀ ਹੈ ਅਤੇ ਉਹ ਫ਼ੈਸਲੇ ਲੈਣ ਦੇ ਸਮਰੱਥ ਹੈ।’

ਜ਼ਿਕਰਯੋਗ ਹੈ ਕਿ ਪਿਛਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਪੰਜ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਸਨ ਅਤੇ ਪੰਜ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਨੇ ਦੋਸ਼ੀ ਕਰਮਚਾਰੀਆਂ ਖਿਲਾਫ਼ ਫ਼ੌਜਦਾਰੀ ਕੇਸ ਕਰਨ ਦਾ ਵੀ ਐਲਾਨ ਕੀਤਾ ਸੀ ਅਤੇ ਚਾਰ ਵਕੀਲਾਂ ਦਾ ਪੈਨਲ ਵੀ ਬਣਾਇਆ ਗਿਆ ਸੀ।

ਭਾਈ ਲੌਂਗੋਵਾਲ ਨੇ ਇਸ ਬਾਰੇ ਸਪੱਸ਼ਟ ਕੀਤਾ ਕਿ ਹੁਣ ਇਹ ਮਾਮਲਾ ਪੁਲੀਸ ਕੋਲ ਦੇਣ ਦੀ ਥਾਂ ’ਤੇ ਸ਼੍ਰੋਮਣੀ ਕਮੇਟੀ ਕੁਝ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿਚ ਕੋਈ ਅਜਿਹੀ ਹਿੰਮਤ ਨਾ ਕਰ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਰਿਕਾਰਡ ਵਿਚੋਂ ਘਟੇ ਪਾਵਨ ਸਰੂਪ ਨਾ ਤਾਂ ਗਾਇਬ ਹੋਏ ਹਨ ਅਤੇ ਨਾ ਹੀ ਕੋਈ ਬੇਅਦਬੀ ਹੋਈ ਹੈ। ਉਨ੍ਹਾਂ ਕਿਹਾ ਕਿ ਸਬੰਧਤ ਕਰਮਚਾਰੀਆਂ ਵੱਲੋਂ ਇਹ ਪਾਵਨ ਸਰੂਪ ਸੰਗਤ ਨੂੰ ਹੀ ਦਿੱਤੇ ਗਏ ਹਨ ਪਰ ਲਾਲਚ ਵੱਸ ਇਸ ਦੀ ਨਾ ਭੇਟਾ ਜਮ੍ਹਾਂ ਕਰਾਈ ਗਈ ਅਤੇ ਨਾ ਹੀ ਇਸ ਨੂੰ ਰਿਕਾਰਡ ਵਿਚ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਘਟਨਾਕ੍ਰਮ ਨਾਲ ਨਾਨਕ ਨਾਮਲੇਵਾ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਉਹ ਇਸ ਲਈ ਜ਼ਾਤੀ ਤੌਰ ’ਤੇ ਸਿੱਖ ਸੰਗਤ ਕੋਲੋਂ ਖਿਮਾ ਮੰਗਦੇ ਹਨ। ਉਨ੍ਹਾਂ ਕਿਹਾ ਕਿ ਕੁਝ ਕਰਮਚਾਰੀਆਂ ਵੱਲੋਂ ਕੀਤੀਆਂ ਗਈਆਂ ਬੇਨਿਯਮੀਆਂ ਅਤੇ ਗੈਰ ਜ਼ਿੰਮੇਵਾਰਾਨਾ ਕੰਮਾਂ ਕਾਰਨ ਸ਼੍ਰੋਮਣੀ ਕਮੇਟੀ ਨੂੰ ਨਮੋਸ਼ੀ ਅਤੇ ਚਿੰਤਾਜਨਕ ਹਾਲਾਤ ਵਿਚੋਂ ਲੰਘਣਾ ਪੈ ਰਿਹਾ ਹੈ।

ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸੱਜਣ ਸਿੰਘ ਬੱਜੂਮਾਨ, ਸਾਬਕਾ ਮੈਂਬਰ ਚਤਿੰਨ ਸਿੰਘ ਸਮਾਓ ਅਤੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੇ ਅਕਾਲ ਚਲਾਣੇ ’ਤੇ ਵੀ ਸ਼ੋਕ ਮਤਾ ਪੇਸ਼ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਨੂੰ

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਸਤੰਬਰ ਨੂੰ ਸੱਦ ਲਿਆ ਗਿਆ ਹੈ। ਕਰੋਨਾ ਕਾਰਨ ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਹੁਣ ਤੱਕ ਨਹੀਂ ਹੋ ਸਕਿਆ ਸੀ। ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਨਾਲ ਤਿੰਨ-ਤਿੰਨ ਮਹੀਨਿਆਂ ਦੇ ਖ਼ਰਚ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਇਸੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਦੇ ਖ਼ਰਚੇ ਚਲਾਏ ਜਾ ਰਹੇ ਹਨ।

ਰੂਪ ਸਿੰਘ ਦੋਸ਼ੀ ਪ੍ਰਚਾਰੇ ਜਾਣ ਤੋਂ ਖ਼ਫ਼ਾ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ, ਜਿਨ੍ਹਾਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਅਸਤੀਫ਼ਾ ਦੇ ਦਿੱਤਾ ਸੀ, ਨੇ ਅੱਜ ਆਪਣੀ ਖਾਮੋਸ਼ੀ ਤੋੜਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਬਿਨਾਂ ਵਜ੍ਹਾ ਦੋਸ਼ੀ ਕਹਿ ਕੇ ਪ੍ਰਚਾਰਿਆ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਅਕਾਰਨ ਹੀ ਬਦਨਾਮੀ ਹੋ ਰਹੀ ਹੈ। ਕੈਨੇਡਾ ਤੋਂ ਪਰਤਣ ਮਗਰੋਂ ਇਕਾਂਤਵਾਸ ਵਿਚ ਰਹਿ ਰਹੇ ਡਾ. ਰੂਪ ਸਿੰਘ ਨੇ ਅੱਜ ਮੀਡੀਆ ਬਿਆਨ ਰਾਹੀਂ ਆਖਿਆ ਕਿ ਉਨ੍ਹਾਂ ਨੈਤਿਕ ਆਧਾਰ ’ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਪਰ ਮੀਡੀਆ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਨਾਂ ਦੋਸ਼ੀਆਂ ਦੀ ਸੂਚੀ ਵਿਚ ਸ਼ਾਮਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਪੜਤਾਲ ਵਿਚ ਦੋਸ਼ੀ ਹਨ ਤਾਂ ਅਸਤੀਫ਼ਾ ਅਪ੍ਰਵਾਨ ਕਰ ਕੇ ਊਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਬੇਲੋੜੀ ਬਦਨਾਮੀ ਕਾਰਨ ਉਨ੍ਹਾਂ ਦੇ ਸਮਾਜਿਕ ਜੀਵਨ ਦੀ ਹੱਤਿਆ ਹੋਈ ਹੈ ਅਤੇ ਉਹ ਵੱਡੇ ਮਾਨਸਿਕ ਸੰਤਾਪ ਵਿਚੋਂ ਲੰਘ ਰਹੇ ਹਨ। ਉਨ੍ਹਾਂ ਆਖਿਆ ਕਿ ਜੇਕਰ ਇਸ ਮਾਮਲੇ ਵਿਚ ਕੋਈ ਗਲਤੀ ਹੋਈ ਹੈ ਤਾਂ ਉਹ ਹਰ ਤਰ੍ਹਾਂ ਦੀ ਸਜ਼ਾ ਭੁਗਤਣ ਲਈ ਤਿਆਰ ਹਨ। ਛੁੱਟੀ ’ਤੇ ਜਾਣ ਬਾਰੇ ਲੱਗ ਰਹੇ ਦੋਸ਼ਾਂ ਬਾਰੇ ਉਨ੍ਹਾਂ ਆਖਿਆ ਕਿ ਕਿਸੇ ਪਰਿਵਾਰਕ ਰੁਝੇਵੇਂ ਕਾਰਨ ਊਨ੍ਹਾਂ ਦਾ ਵਿਦੇਸ਼ ਜਾਣਾ ਜ਼ਰੂਰੀ ਸੀ।

Leave a Reply

Your email address will not be published. Required fields are marked *