ਮੁਲਤਾਨੀ ਕੇਸ: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਮੇਧ ਸੈਣੀ ਨੂੰ ਝਟਕਾ, ਦੋਵੇਂ ਅਰਜ਼ੀਆਂ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਅਤੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਨੂੰ ਖਾਰਜ ਕਰਦਿਆਂ ਦੋਵੇਂ ਅਰਜ਼ੀਆਂ ਮੁੱਢੋਂ ਰੱਦ ਕਰ ਦਿੱਤੀਆਂ ਹਨ।

ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਨੇ ਸਰਕਾਰੀ ਵਕੀਲ, ਪੀੜਤ ਪਰਿਵਾਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਅੱਜ ਲਈ ਰਾਖਵਾਂ ਰੱਖ ਲਿਆ ਸੀ। ਅੱਜ ਸਵੇਰੇ ਅਦਾਲਤਾਂ ਖੁੱਲ੍ਹਦੇ ਹੀ ਜੱਜ ਨੇ ਸੈਣੀ ਜ਼ਮਾਨਤ ਅਰਜ਼ੀ ਅਤੇ ਪੰਜਾਬ ਪੁਲੀਸ ਤੋਂ ਜਾਂਚ ਵਾਪਸ ਲੈਣ ਲਈ ਦਾਇਰ ਦੋਵੇਂ ਅਰਜ਼ੀਆਂ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ ਗਿਆ। ਸੈਣੀ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪ੍ਰੰਤੂ ਕੇਸ ਦੀ ਸੁਣਵਾਈ ਕੌਮੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਸੁਪਰੀਮ ਕੋਰਟ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਦਰਜ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ ਪਰ ਹੁਣ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੀੜਤ ਪਰਿਵਾਰ ਦੀ ਝੂਠੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਤਿੰਨ ਦਹਾਕੇ ਬਾਅਦ ਕੇਸ ਦਰਜ ਕਰਕੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਦਰਜ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖ਼ਿਲਾਫ਼ ਬਹੁਤ ਗੰਭੀਰ ਦੋਸ਼ ਹਨ। ਲਿਹਾਜ਼ਾ ਕਿਸੇ ਵੀ ਸੂਰਤ ਵਿੱਚ ਮੁਲਜ਼ਮ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਸ੍ਰੀ ਨਰੂਲਾ ਨੇ ਕਿਹਾ ਕਿ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕਰਨੀ ਬਣਦੀ ਹੈ ਕਿਉਂਕਿ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮ ਨੇ ਪੁਲੀਸ ਨੂੰ ਜਾਂਚ ਵਿੱਚ ਕਿਸੇ ਕਿਸਮ ਦਾ ਸਹਿਯੋਗ ਨਹੀਂ ਦਿੱਤਾ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਨੌਜਵਾਨ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋਣ ਸਬੰਧੀ ਸਰਕਾਰ ਕੋਲ ਪੁਖ਼ਤਾ ਸਬੂਤ ਹਨ।

ਪਿਛਲੇ ਦਿਨੀਂ ਅਦਾਲਤ ਮੁਹਾਲੀ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਅਦਾਲਤ ਦਾ ਮੰਨਣਾ ਹੈ ਕਿ ਉਨ੍ਹਾਂ (ਸੈਣੀ) ਦੇ ਖ਼ਿਲਾਫ਼ ਬਹੁਤ ਗੰਭੀਰ ਕਿਸਮ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਪੁਲੀਸ ਦੀ ਜਾਂਚ ਅਤੇ ਮੁਲਜ਼ਮ ਦੀ ਪੁੱਛ-ਪੜਤਾਲ ਬਹੁਤ ਜ਼ਰੂਰੀ ਹੈ, ਜਿਸ ਕਾਰਨ ਸੈਣੀ ਦੀ ਕਿਸੇ ਵੀ ਸੂਰਤ ਵਿੱਚ ਜ਼ਮਾਨਤ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਹੈ। ਉਧਰ ਮੁਹਾਲੀ ਪੁਲੀਸ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉੱਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਗੁਪਤ ਤਰੀਕੇ ਨਾਲ ਆਪਣੀ ਕਾਰਵਾਈ ਕਰ ਰਹੀ ਹੈ। ਅੱਜ ਵੀ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਪਰ ਮੀਡੀਆ ਨਾਲ ਕੋਈ ਵੀ ਜਾਣਕਾਰੀ ਇਸ ਕਰਕੇ ਸਾਂਝੀ ਨਹੀਂ ਕੀਤੀ ਜਾ ਸਕਦੀ ਹੈ ਕਿਉਂਕਿ ਪੁਲੀਸ ਜਾਂਚ ਪ੍ਰਭਾਵਿਤ ਹੋ ਸਕਦੀ ਹੈ।

Leave a Reply

Your email address will not be published. Required fields are marked *