ਵਜ਼ੀਫ਼ਾ ਘੁਟਾਲਾ: ਦਲਿਤ ਜਥੇਬੰਦੀਆਂ ਵੱਲੋਂ 10 ਨੂੰ ਚੱਕਾ ਜਾਮ ਦਾ ਐਲਾਨ

ਜਲੰਧਰ : ਸੰਤ ਸਮਾਜ ਤੇ ਹੋਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਦੇ ਕਥਿਤ ਦੋਸ਼ੀਆਂ ਵਿਰੁੱਧ ਕਾਰਵਾਈ ਤੇ ਫੰਡ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ 10 ਅਕਤੂਬਰ ਨੂੰ ਪੰਜਾਬ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਥੋਂ ਦੇ ਲਾਡੋਵਾਲੀ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ’ਚ ਭਗਵਾਨ ਵਾਲਮੀਕ, ਗੁਰੂ ਰਵਿਦਾਸ, ਸਤਿਗੁਰੂ ਕਬੀਰ ਨਾਲ ਸਬੰਧਤ ਸੰਤਾਂ ਮਹਾਂਪੁਰਸ਼ਾਂ ਅਤੇ ਡਾ. ਭੀਮ ਰਾਓ ਅੰਬੇਡਕਰ ਸਭਾ ਸੁਸਾਇਟੀਆਂ ਦੇ ਆਗੂਆਂ ਦੇ ਹੋਏ ਇਕੱਠ ’ਚ ਇਹ ਫ਼ੈਸਲਾ ਕੀਤਾ ਗਿਆ।

ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਇਕੱਠ ਵਿੱਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ’ਚ ਹੋਏ ਘੁਟਾਲੇ ਦੇ ਕਥਿਤ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਤੇ ਸੂਬੇ ਦੀਆਂ 1,650 ਨਿੱਜੀ ਵਿੱਦਿਅਕ ਸੰਸਥਾਵਾਂ ’ਚ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਦਾਖਲੇ ਨਹੀਂ ਦਿੱਤੇ ਜਾ ਰਹੇ।

ਬੁਲਾਰਿਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ 7 ਅਕਤੂਬਰ ਤੱਕ ਸਕਾਲਰਸ਼ਿਪ ਸਕੀਮ ਘੁਟਾਲੇ ’ਚ ਸ਼ਾਮਲ ਕਥਿਤ ਦੋਸ਼ੀਆਂ ਅਤੇ ਵਿਦਿਆਰਥੀਆਂ ਨੂੰ ਦਾਖਲਾ ਨਾ ਦੇਣ ਵਾਲੇ ਕਾਲਜਾਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ 10 ਅਕਤੂਬਰ ਨੂੰ ਪੂਰੇ ਪੰਜਾਬ ’ਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਮੀਟਿੰਗ ’ਚ ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ, ਮਹੰਤ ਪਰਸ਼ੋਤਮ ਲਾਲ, ਸੰਤ ਸੁਰਿੰਦਰ ਸਿੰਘ, ਸੰਤ ਪਰਮੇਸ਼ਵਰੀ ਦਾਸ, ਸੰਤ ਪਰਗਟ ਨਾਥ ਰਹੀਮਪੁਰ, ਸੁਖਵਿੰਦਰ ਸਿੰਘ ਕੋਟਲੀ, ਡਾ. ਜੀਸੀ ਕੌਲ, ਚੰਦਰ ਮੋਹਨ ਪਤਾਰਾ ਅਤੇ ਹੋਰ ਆਗੂ ਸ਼ਾਮਲ ਸਨ। ਮੀਟਿੰਗ ਦੌਰਾਨ ਹਾਥਰਸ (ਉੱਤਰ ਪ੍ਰਦੇਸ਼) ਜਬਰ ਜਨਾਹ ਪੀੜਤਾ ਦਾ ਜਬਰੀ ਸਸਕਾਰ ਕਰਨ ਦੀ ਨਿੰਦਾ ਕੀਤੀ ਗਈ।

Leave a Reply

Your email address will not be published. Required fields are marked *