ਅਕਾਲੀ ਦਲ ਵੱਲੋਂ ਸੰਘੀ ਢਾਂਚੇ ਦੀ ਮਜ਼ਬੂਤੀ ਲਈ ਕਮੇਟੀ ਕਾਇਮ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਜੋ ਦੇਸ਼ ਵਿੱਚ ਖੇਤਰੀ ਤੇ ਹੋਰ ਹਮਖਿਆਲੀ ਪਾਰਟੀਆਂ ਨਾਲ ਰਾਬਤਾ ਕਰਕੇ ਅਸਲ ਸੰਘੀ ਢਾਂਚਾ ਦੀ ਸਥਾਪਤੀ ਯਕੀਨੀ ਬਣਾਏਗੀ। ਅੱਜ ਇੱਥੇ ਪਾਰਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ’ਚ ਇਹ ਫ਼ੈਸਲਾ ਲਿਆ ਗਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਾਫ਼ੀ ਲੰਮੇ ਅਰਸੇ ਮਗਰੋਂ ਸੰਘਵਾਦ ਦੇ ਮੁੱਦੇ ’ਤੇ ਖੇਤਰੀ ਸਿਆਸੀ ਧਿਰਾਂ ਨੂੰ ਇੱਕੋ ਮੰਚ ’ਤੇ ਲਿਆਉਣ ਲਈ ਪੈਂਤੜਾ ਲਿਆ ਹੈ। ਪ੍ਰਮੁੱਖ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਇਸ ਉੱਚ ਤਾਕਤੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਹੋਣਗੇ ਜਦਕਿ ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਮਨਜਿੰਦਰ ਸਿੰਘ ਸਿਰਸਾ ਤੇ ਨਰੇਸ਼ ਗੁਜਰਾਲ ਮੈਂਬਰ ਹੋਣਗੇ। ਇਹ ਕਮੇਟੀ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਸਿਆਸੀ ਖ਼ੁਦਮੁਖ਼ਤਿਆਰੀ ਦੇਣ ਦੀ ਹਮਾਇਤ ਕਰਨ ਵਾਲੀਆਂ ਹੋਰਨਾਂ ਖੇਤਰੀ ਪਾਰਟੀਆਂ ਨਾਲ ਤਾਲਮੇਲ ਕਰੇਗੀ।

ਸ੍ਰੀ ਸੁਖਬੀਰ ਬਾਦਲ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਦੇਸ਼ ਵਿੱਚ ਸੰਘੀ ਢਾਂਚੇ ਨੂੰ ਮਜ਼ਬੂਤ ਕਰਨਾ, ਕੇਂਦਰ ਵੱਲੋਂ ਹਾਲ ’ਚ ਲਏ ਫ਼ੈਸਲਿਆਂ ਕਾਰਨ ਬਣੇ ਖ਼ਤਰੇ ਦੇ ਮੱਦੇਨਜ਼ਰ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ’ਚ ਸੱਤਾਵਾਦੀ ਤੇ ਇੱਕਪਾਸੜ ਫ਼ੈਸਲਿਆਂ ਦੀ ਬਿਰਤੀ ਖ਼ਿਲਾਫ਼ ਸੰਘਰਸ਼ ’ਚ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ, ‘ਮੁਲਕ ਦਾ ਵਿਰਸਾ ਅਮੀਰ ਖੇਤਰੀ, ਸੱਭਿਆਚਾਰਕ, ਧਾਰਮਿਕ ਤੇ ਭਾਸ਼ਾਈ ਭਿੰਨਤਾ ਵਾਲਾ ਹੈ ਤੇ ਸਾਡੀ ਤਾਕਤ ਸਹਿਕਾਰੀ ਸੰਘਵਾਦ ਨੂੰ ਪੂਰੀ ਤਰ੍ਹਾਂ ਪ੍ਰਾਪਤ ਕਰਨ ਦੀ ਹੈ। ਰਾਜਾਂ ਨੂੰ ਵਧੇਰੇ ਤਾਕਤਾਂ ਦੇਣ ਨਾਲ ਦੇਸ਼ ਹੋਰ ਮਜ਼ਬੂਤ ਹੋਵੇਗਾ, ਜਿਸ ਸਦਕਾ ਅਸੀਂ ਵਿਸ਼ਵ ਸ਼ਕਤੀ ਵਜੋਂ ਉਭਰਾਂਗੇ।’

ਜੰਮੂ-ਕਸ਼ਮੀਰ ’ਚ ਪੰਜਾਬੀ ਭਾਸ਼ਾ ਨਾਲ ਮਤਰੇਏ ਸਲੂਕ ਦੀ ਨਿਖੇਧੀ:ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਮਤਰੇਈ ਮਾਂ ਵਾਲੇ ਸਲੂਕ ਦੀ ਵੀ ਨਿਖੇਧੀ ਕੀਤੀ। ਕਮੇਟੀ ਨੇ ਕਿਹਾ ਕਿ ਪੰਜਾਬ ਤੇ ਜੰਮੂ ਕਸ਼ਮੀਰ ਵਿਚਕਾਰ ਸੱਭਿਆਚਾਰਕ, ਸਾਹਿਤਕ ਤੇ ਭਾਸ਼ਾਈ ਸਾਂਝ ਬਹੁਤ ਮਜ਼ਬੂਤ ਹੈ ਜਿਸਦੀਆਂ ਨੀਂਹਾਂ ਕਦੇ ਵੀ ਹਿਲਾਈਆਂ ਨਹੀਂ ਜਾ ਸਕਦੀਆਂ ਤੇ ਸਰਕਾਰ ਵੱਲੋਂ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਬਾਹਰ ਕਰਨਾ ਇਸ ਪਵਿੱਤਰ ਭਾਸ਼ਾ ਨਾਲ ਘੋਰ ਅਨਿਆਂ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਮੂ ਅਤੇ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਮੁੜ ਦਿਵਾਉਣ ਅਤੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸੰਘਰਸ਼ ਵਾਸਤੇ ਇੱਕ ਵਿਸ਼ੇਸ਼ ਕਮੇਟੀ ਕਾਇਮ ਕੀਤੀ ਹੈ। ਇਸ ਕਮੇਟੀ ’ਚ ਨਿਰਮਲ ਸਿੰਘ ਕਾਹਲੋਂ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮਨਜਿੰਦਰ ਸਿੰਘ ਸਿਰਸਾ ਸ਼ਾਮਲ ਹਨ।

Leave a Reply

Your email address will not be published. Required fields are marked *