ਜਸਟਿਸ ਸਾਰੋਂ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ

ਅੰਮ੍ਰਿਤਸਰ : ਕੇਂਦਰ ਸਰਕਾਰ ਵਲੋਂ ਗੁਰਦੁਆਰਾ ਚੋਣਾਂ ਵਾਸਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਵਜੋਂ ਜਸਟਿਸ ਐੱਸ.ਐੱਸ. ਸਾਰੋਂ (ਸੇਵਾ ਮੁਕਤ) ਦੀ ਨਵੀਂ ਨਿਯੁਕਤੀ ਨਾਲ ਸ਼੍ਰੋਮਣੀ ਕਮੇਟੀ ਦੀਆਂ ਲੰਮੇ ਸਮੇਂ ਤੋਂ ਬਕਾਇਆ ਆਮ ਚੋਣਾਂ ਹੁਣ ਜਲਦੀ ਹੋਣ ਦੀ ਸੰਭਾਵਨਾ ਬਣ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਜਸਟਿਸ ਸਾਰੋਂ ਦੀ ਨਿਯੁਕਤੀ ਸਬੰਧੀ ਹੁਕਮ ਮੰਗਲਵਾਰ ਨੂੰ ਹੀ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਪਹਿਲਾਂ ਨਿਯੁਕਤ ਕੀਤੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਦਰਸ਼ਨ ਸਿੰਘ (ਸੇਵਾ ਮੁਕਤ) ਦੀ ਨਿਯੁਕਤੀ ਨੂੰ ਰੱਦ ਕਰਨ ਦੇ ਆਦੇਸ਼ ਵੀ ਸ਼ਾਮਲ ਹਨ। ਜਸਟਿਸ ਸਾਰੋਂ ਦੀ ਨਿਯੁਕਤੀ ਦੋ ਸਾਲਾਂ ਲਈ ਹੋਵੇਗੀ ਅਤੇ ਸੇਵਾ ਕਾਲ ਦਾ ਸਮਾਂ ਇਕ ਸਾਲ ਹੋਰ ਵਧਾਇਆ ਜਾ ਸਕਦਾ ਹੈ। ਇਸ ਨਵੀਂ ਨਿਯੁਕਤੀ ਨਾਲ ਸ਼੍ਰੋਮਣੀ ਕਮੇਟੀ ਦੀਆਂ ਬਕਾਇਆ ਆਮ ਚੋਣਾਂ ਜਲਦੀ ਹੋਣ ਦੀ ਸੰਭਾਵਨਾ ਬਣ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਦਾ ਸਮਾਂ ਪੰਜ ਸਾਲ ਹੈ, ਪਰ ਇਹ ਚੋਣਾਂ ਨਾ ਹੋਣ ਕਾਰਨ 2011 ਤੋਂ ਚੁਣੇ ਹੋਏ ਨੁਮਾਇੰਦੇ ਹੀ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ। ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਤੰਬਰ 2011 ਵਿਚ ਹੋਈਆਂ ਸਨ ਅਤੇ ਚੁਣੇ ਗਏ ਹਾਊਸ ਦਾ ਕਾਰਜਕਾਲ ਪੰਜ ਸਾਲ ਦਾ ਸੀ, ਪਰ ਉਦੋਂ ਸਹਿਜਧਾਰੀ ਵੋਟਾਂ ਦੇ ਮਾਮਲੇ ਨੂੰ ਲੈ ਕੇ ਨਵੇਂ ਚੁਣੇ ਹਾਊਸ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ। ਅਦਾਲਤ ਵਲੋਂ ਫੈਸਲਾ ਹੋਣ ਤੱਕ ਪਿਛਲੇ ਹਾਊਸ ਨੂੰ ਹੀ ਕੰਮ ਕਰਨ ਦੀ ਆਗਿਆ ਦਿੱਤੀ ਗਈ ਸੀ। ਮੁੜ 2016 ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਨਾਲ ਨਵੀਂ ਹੋਈ ਚੋਣ ਨੂੰ ਮਾਨਤਾ ਮਿਲੀ ਅਤੇ ਨਵਾਂ ਹਾਊਸ ਬਹਾਲ ਹੋਇਆ। ਪਰ ਇਸ ਦੌਰਾਨ ਪੰਜ ਸਾਲ ਦਾ ਸਮਾਂ ਲੰਘ ਚੁੱਕਾ ਸੀ। ਹੁਣ ਤਕ ਸ਼੍ਰੋਮਣੀ ਕਮੇਟੀ ਦੇ ਨਵੇਂ ਹਾਊਸ ਵਾਸਤੇ ਚੋਣਾਂ ਨਹੀਂ ਹੋਈਆਂ ਹਨ।

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿਚ 170 ਮੈਂਬਰ ਚੁਣੇ ਹੋਏ ਅਤੇ 15 ਨਾਮਜ਼ਦ ਮੈਂਬਰ ਹਨ। ਪੰਜ ਤਖਤਾਂ ਦੇ ਜਥੇਦਾਰ ਵੀ ਇਸ ਹਾਊਸ ਦੇ ਮੈਂਬਰ ਹਨ। ਮੌਜੂਦਾ ਹਾਊਸ ਵਿਚੋਂ 18 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ ਦੋ ਮੈਂਬਰਾਂ ਨੇ ਅਸਤੀਫਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਾਉਣ ਵਾਸਤੇ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ।

ਲੌਂਗੋਵਾਲ ਵੱਲੋਂ ਨਵੀਂ ਨਿਯੁਕਤੀ ਦਾ ਸਵਾਗਤ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁੁਰਦੁਆਰਾ ਚੋਣ ਕਮਿਸ਼ਨਰ ਦੀ ਨਵੀਂ ਨਿਯੁਕਤੀ ਦਾ ਸਵਾਗਤ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣੀਆਂ ਚਾਹੀਦੀਆਂ ਹਨ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ 2016 ਵਿੱਚ ਨਵੇਂ ਹਾਊਸ ਨੂੰ ਮਾਨਤਾ ਮਿਲਣ ਮਗਰੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਸਨ ਅਤੇ ਉਨ੍ਹਾਂ ਤੋਂ ਬਾਅਦ ਹੁਣ ਤਕ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਚਲੇ ਆ ਰਹੇ ਹਨ।

#ਜਸਟਿਸ ਸਾਰੋਂ #ਗੁਰਦੁਆਰਾ ਚੋਣ ਕਮਿਸ਼ਨ #ਸ਼੍ਰੋਮਣੀ ਕਮੇਟੀ

Leave a Reply

Your email address will not be published. Required fields are marked *