ਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲ ਸਮਾਪਤ

ਚਮਕੌਰ ਸਾਹਿਬ : ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਅੰਤਿਮ ਦਿਨ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਸਜਾਏ ਨਗਰ ਕੀਰਤਨ ਤੇ ਨਿਹੰਗ ਸਿੰਘਾਂ ਦੇ ਮਹੱਲੇ ਨਾਲ ਸਮਾਗਮ ਸਮਾਪਤ ਹੋ ਗਿਆ। ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਤਿੰਨ ਪਿਆਰਿਆਂ ਅਤੇ ਹੋਰਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਅਰਦਾਸ ਕੀਤੀ।
ਨਗਰ ਕੀਰਤਨ ਇੱਥੋਂ ਦੇ ਇਤਿਹਾਸਕ ਗੁਰਧਾਮਾਂ ਵਿੱਚ ਨਤਮਸਤਕ ਹੁੰਦਾ ਹੋਇਆ ਗੁਰਦੁਆਰਾ ਕਤਲਗੜ੍ਹ ਸਾਹਿਬ ਜਾ ਕੇ ਸਮਾਪਤ ਹੋਇਆ। ਇਸ ਦੌਰਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਹਿੰਦ ਤੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਦਿਖਾਏ। ਇਨ੍ਹਾਂ ਤੋਂ ਇਲਾਵਾ ਸ੍ਰੀ ਫਤਿਹਗੜ੍ਹ ਸਾਹਿਬ, ਸਰਹਿੰਦ, ਗੋਬਿੰਦਗੜ੍ਹ ਆਦਿ ਸ਼ਹਿਰਾਂ ਤੋਂ ਆਈ ਧਾਰਮਿਕ ਸੰਸਥਾਵਾਂ ਦੀ ਸੰਗਤ ਕੀਰਤਨ ਕਰਦੀ ਹੋਈ ਚੱਲ ਰਹੀ ਸੀ। ਸ਼ਹੀਦੀ ਸਮਾਗਮ ਦੇ ਤਿੰਨੋਂ ਦਿਨ ਦਰਜਨਾਂ ਪਿੰਡਾਂ ਦੀ ਸੰਗਤ ਵੱਲੋਂ ਅਤੁੱਟ ਲੰਗਰ ਵਰਤਾਏ ਗਏ।
ਨਿਹੰਗ ਸਿੰਘਾਂ ਨੇ ਮਹੱਲਾ ਕੱਢਿਆ
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਅੱਜ ਨਿਹੰਗ ਸਿੰਘਾਂ ਵੱਲੋਂ ਬੈਂਡ ਵਾਜਿਆਂ ਦੀ ਧੁਨਾਂ ਅਤੇ ਜੈਕਾਰਿਆਂ ਦੀ ਗੂੰਝ ਵਿੱਚ ਗੁਰਦੁਆਰਾ ਰਣਜੀਤਗੜ੍ਹ ਸਾਹਿਬ ਤੋਂ ਮਹੱਲਾ ਕੱਢਿਆ ਗਿਆ। ਇਹ ਵੱਖ-ਵੱਖ ਬਾਜ਼ਾਰਾਂ ਅਤੇ ਗੁਰਦੁਆਰਾ ਕਤਲਗੜ੍ਹ ਹੁੰਦਾ ਹੋਇਆ ਗਰਾਊਂਡ ਵਿੱਚ ਪੁੱਜਾ ਜਿੱਥੇ ਨਿਹੰਗ ਸਿੰਘਾਂ ਨੇ ਘੋੜਿਆਂ ਦੀਆਂ ਦੌੜਾਂ ਕਰਾਈਆਂ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਕੌਮ ਨੂੰ ਜਿਊਣ ਦਾ ਮਾਰਗ ਦਿੱਤਾ ਜਿਸ ’ਤੇ ਚੱਲਣ ਦੀ ਲੋੜ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ 22 ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਗੁਰਬਾਣੀ ਕੀਰਤਨ, ਕਵੀਸ਼ਰੀ ਅਤੇ ਕਵਿਤਾਵਾਂ ਰਾਹੀਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਸਣੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਸਾਹਿਬਜ਼ਾਦਿਆਂ ਸਣੇ ਸਿੰਘਾਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਹੱਕ, ਸੱਚ ਅਤੇ ਧਰਮ ਦੀ ਰਖਵਾਲੀ ਦੀ ਉੱਘੜਵੀਂ ਮਿਸਾਲ ਹੈ। ਇਸ ਮੌਕੇ ਉਨ੍ਹਾਂ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਕੂਲਾਂ ਲਈ 21-21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 26 ਦਸੰਬਰ ਨੂੰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਬੱਚਿਆਂ ਦਾ ਸੰਮੇਲਨ ਕਰਵਾਇਆ ਜਾਵੇਗਾ।