ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ‘ਕਾਲਾ ਦਿਵਸ’ ਮਨਾਇਆ

ਚੰਡੀਗੜ੍ਹ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ 100 ਦਿਨ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ‘ਕਾਲਾ ਦਿਵਸ’ ਮਨਾਇਆ। ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ੇ, ਕਾਰਪੋਰੇਟਾਂ ਤੇ ਭਾਜਪਾ ਆਗੂਆਂ ਦੇ ਘਰਾਂ ਸਣੇ 200 ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ, ਜਿਨ੍ਹਾਂ ਵਿੱਚ ਕਿਸਾਨ ਆਗੂ ਕਾਲੀਆਂ ਪੱਗਾਂ, ਪੱਟੀਆਂ ਬੰਨ੍ਹ ਕੇ ਪਹੁੰਚੇ ਜਦਕਿ ਬੀਬੀਆਂ ਕਾਲੀਆਂ ਚੁੰਨ੍ਹੀਆਂ ਲੈ ਕੇ ਪਹੁੰਚੀਆਂ। ਕਿਸਾਨਾਂ ਨੇ ਕਾਲੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਭਖਾਉਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੇ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਉਣ ਦੀ ਮੰਗ ਕਰ ਰਿਹਾ ਹੈ ਤੇ ਮੰਗਾਂ ਮੰਨਵਾ ਕੇ ਹੀ ਘਰ ਪਰਤੇਗਾ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਸੰਘਰਸ਼ ’ਚ ਉਹ ਵੱਡੇ ਕਾਫਲਿਆਂ ਸਮੇਤ ਸ਼ਾਮਲ ਹੋਣਗੇ, ਜਿਸ ਦੀਆਂ ਤਿਆਰੀਆਂ ਲਈ ਸੂਬੇ ਵਿੱਚ ਟਰੈਕਟਰ ਮਾਰਚ ਅਤੇ ਪੈਦਲ ਮਾਰਚ ਕੱਢੇ ਜਾ ਰਹੇ ਹਨ। ਸੁਖਦੇਵ ਸਿੰਘ ਨੇ ਦੱਸਿਆ ਕਿ ਉਹ 500 ਬੱਸਾਂ, 600 ਮਿਨੀ ਬੱਸਾਂ, 115 ਟਰੱਕਾਂ ਅਤੇ 200 ਹੋਰਨਾਂ ਵਾਹਨਾਂ ਰਾਹੀ 40 ਹਜ਼ਾਰ ਤੋਂ ਵੱਧ ਔਰਤਾਂ ਦੇ ਵੱਡੇ ਇਕੱਠ ਨਾਲ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਪਕੌੜਾ ਚੌਕ ਦਿੱਲੀ ਵਿੱਚ ਵਿਸ਼ਾਲ ਇਕੱਠ ਦੀ ਅਗਵਾਈ ਔਰਤਾਂ ਕਰਨਗੀਆਂ।
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦਾ ਰੰਗ ਕੌਮਾਂਤਰੀ ਪੱਧਰ ’ਤੇ ਦਿਖਾਈ ਦੇਣ ਲੱਗਾ ਹੈ, ਜਿਸ ਕਾਰਨ ਕੇਂਦਰ ਸਰਕਾਰ ਦਬਾਅ ਹੇਠ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅੰਦੋਲਨ ਦੀ ਤਾਕਤ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵੇਗੀ ਅਤੇ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਸਮੇਤ ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਦਿਆਂ ਕਿਸਾਨਾਂ ’ਤੇ ਦਰਜ ਕੀਤੇ ਝੂਠੇ ਕੇਸ ਰੱਦ ਕਰਨੇ ਪੈਣਗੇ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਹਰਿਆਣਾ ਦੇ ਕਿਸਾਨਾਂ ਨੇ ਵੀ ਕਾਲੇ ਝੰਡੇ ਹੱਥ ਵਿੱਚ ਲੈ ਕੇ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ। ਇਸ ਦੌਰਾਨ ਸੂਬੇ ਵਿੱਚ ਚੱਲ ਰਹੇ ਸੈਂਕੜੇ ਥਾਵਾਂ ’ਤੇ ਧਰਨਿਆਂ ਵਿੱਚ ਕਿਸਾਨ ਆਗੂਆਂ ਨੇ ਕਾਲੇ ਝੰਡੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਜ਼ਾਹਿਰ ਕੀਤਾ। ਸੂਬੇ ਵਿੱਚ ਕਈ ਥਾਵਾਂ ’ਤੇ ਟਰੈਕਟਰ ਅਤੇ ਮੋਟਰਸਾਈਕਲ ਮਾਰਚ ਕੱਢੇ ਗਏ ਹਨ। ਇਸ ਦੇ ਨਾਲ ਹੀ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਿਸਾਨ ਸੰਘਰਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਖਟਕੜ ਟੌਲ ਪਲਾਜ਼ਾ ’ਤੇ ਚੱਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਆਜ਼ਾਦ ਪਲਵਾ ਅਤੇ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਆਗੂ ਰਵੀ ਆਜ਼ਾਦ ਨੇ ਕਿਹਾ ਕਿ 8 ਮਾਰਚ ਨੂੰ ਸੂਬੇ ਦੇ ਸਾਰੇ ਧਰਨਿਆਂ ਦੀ ਅਗਵਾਈ ਔਰਤਾਂ ਕਰਨਗੀਆਂ।