ਪਾਕਿਸਤਾਨ ਵਿੱਚ ਵਿਸਾਖੀ ਮਨਾਉਣਗੇ ਸਿੱਖ ਸ਼ਰਧਾਲੂ

ਅੰਮ੍ਰਿਤਸਰ : ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਇਮਰਾਨ ਸਰਕਾਰ ਵਲੋਂ ਵਿਸਾਖੀ ਮੌਕੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਤੋਂ ਰੋਕਣ ਦਾ ਕੋਈ ਇਰਾਦਾ ਨਹੀਂ ਹੈ। ਸਿੱਖ ਸ਼ਰਧਾਲੂਆਂ ਦੇ ਜਥੇ ਲਈ ਲੋੜੀਂਦੇ ਪ੍ਰਬੰਧਾਂ ਲਈ ਔਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਟਿੰਗ ਵੀ ਕੀਤੀ ਗਈ ਹੈ। ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ 12 ਅਪਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਭਾਰਤ ਤੋਂ ਪਾਕਿਸਤਾਨ ਜਾਣ ਦਾ ਪ੍ਰੋਗਰਾਮ ਹੈ। ਇਹ ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮਨਾਉਣ ਤੋਂ ਬਾਅਦ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਕੇ 22 ਅਪਰੈਲ ਨੂੰ ਪਰਤਣਗੇ। ਬੀਤੇ ਦਿਨਾਂ ਵਿਚ ਪਾਕਿਸਤਾਨ ਵਿਚ ਵੀ ਕਰੋਨਾ ਮਾਮਲਿਆਂ ਵਿਚ ਤੇਜ਼ੀ ਆਈ ਹੈ, ਜਿਸ ਕਾਰਨ ਉਥੇ ਵੀ ਮੁੜ ਪਾਬੰਦੀਆਂ ਲਾਈਆਂ ਗਈਆਂ ਹਨ। ਕਈ ਜਨਤਕ ਥਾਵਾਂ ਅਤੇ ਧਾਰਮਿਕ ਅਸਥਾਨਾਂ ਨੂੰ 8 ਅਪਰੈਲ ਤਕ ਬੰਦ ਕਰ ਦਿੱਤਾ ਗਿਆ ਹੈ ਪਰ ਔਕਾਫ ਬੋਰਡ ਅਤੇ ਪੀਐਸਜੀਪੀਸੀ ਦੀ ਮੀਟਿੰਗ ਵਿਚ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਆਉਣ ਦੇ ਪ੍ਰੋਗਰਾਮ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਦੀ ਪੁਸ਼ਟੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਕਰਦਿਆਂ ਕਿਹਾ ਕਿ ਕਰੋਨਾ ਨਿਯਮਾਂ ਤਹਿਤ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 12 ਅਪਰੈਲ ਨੂੰ ਸ਼ਰਧਾਲੂ ਸਿੱਧਾ ਹੀ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਣਗੇ। ਇਸ ਸਬੰਧੀ ਬੱਸਾਂ ਵਿਚ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਥੇ ਦੇ ਆਉਣ ਤੋਂ ਬਾਅਦ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਦੌਰਾਨ ਵੱਡੇ ਇਕੱਠ ਤੋਂ ਗੁਰੇਜ਼ ਕੀਤਾ ਜਾਵੇਗਾ। ਸਥਾਨਕ ਸਿੱਖਾਂ ਦੇ ਪਰਿਵਾਰਾਂ ਵਿਚੋਂ ਸਿਰਫ ਇਕ ਮੈਂਬਰ ਹੀ ਸਮਾਗਮਾਂ ਵਿਚ ਸ਼ਾਮਲ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਹੋਏ ਹਨ ਪਰ ਹੁਣ ਤਕ ਵੀਜ਼ੇ ਮਿਲਣ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ 850 ਤੋਂ ਵੱਧ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਹਨ। ਇਸ ਵਾਰ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ 14 ਅਪਰੈਲ ਨੂੰ ਹੋਵੇਗਾ ।