ਕੈਪਟਨ ਨੇ ਜਾਂਚ ਦੇ ਨਾਂ ’ਤੇ ਪੰਥ ਨਾਲ ਗੱਦਾਰੀ ਕੀਤੀ: ਢੀਂਡਸਾ

ਚੰਡੀਗੜ੍ਹ : ਅਕਾਲੀ ਦਲ (ਡੈਮੋਕ੍ਰੈਟਿਕ) ਨੇ ਕੋਟਕਪੁਰਾ ਗੋਲੀਕਾਂਡ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬਾਦਲ ਪਰਿਵਾਰ ਨਾਲ ਗੰਢਤੁੱਪ ਹੋਣ ਕਾਰਨ ਹੀ ਸਿੱਖ ਪੰਥ ਨੂੰ ਇਸ ਮਾਮਲੇ ਵਿੱਚ ਨਿਰਾਸ਼ਾ ਝੱਲਣੀ ਪੈ ਰਹੀ ਹੈ। ਇਸ ਮਾਮਲੇ ’ਤੇ ਸਿੱਖਾਂ ਨੂੰ ਦਿੱਤਾ ਗਿਆ ਧੋਖਾ ਗੱਦਾਰੀ ਤੋਂ ਘੱਟ ਨਹੀਂ। ਢੀਂਡਸਾ ਨੇ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਪੀੜਤਾਂ ਨੂੰ ਬੀਤੇ ਲੰਮੇ ਸਮੇਂ ਤੋਂ ਇਨਸਾਫ ਦੀ ਉਡੀਕ ਸੀ ਪਰ ਹਾਈ ਕੋਰਟ ਦੇ ਫੈਸਲੇ ਕਾਰਨ ਸੰਗਤ ਨਿਰਾਸ਼ ਹੈ। ਪਾਰਟੀ ਦੇ ਮੁੱਖ ਬੁਲਾਰੇ ਅਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਇਸ ਸਬੰਧੀ ਕੈਪਟਨ ਦੇ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੇ ਬਿਆਨ ਨੂੰ ਸਿਆਸੀ ਡਰਾਮੇਬਾਜ਼ੀ ਕਰਾਰ ਦਿੱਤਾ।