ਫੂਲਕਾ ਵੱਲੋਂ ਕੁੰਵਰ ਵਿਜੈ ਪ੍ਰਤਾਪ ਦੇ ਦਾਅਵੇ ਰੱਦ

ਨਵੀਂ ਦਿੱਲੀ: ਸੀਨੀਅਰ ਵਕੀਲ ਅਤੇ ਸਾਬਕਾ ਵਿਧਾਇਕ ਐੱਚ ਐੱਸ ਫੂਲਕਾ ਨੇ ਕੁੰਵਰ ਵਿਜੈ ਪ੍ਰਤਾਪ ਵੱਲੋਂ ਉਨ੍ਹਾਂ ’ਤੇ ਲਾਏ ਗਏ ਦੋਸ਼ਾਂ ਨੂੰ ਨਕਾਰਿਆ ਹੈ। ਸ੍ਰੀ ਫੂਲਕਾ ਮੁਤਾਬਕ ਕੁੰਵਰ ਵਿਜੈ ਪ੍ਰਤਾਪ ਨੇ ਬਿਆਨ ਦਿੱਤਾ ਹੈ ਕਿ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਹਾਈ ਕੋਰਟ ਵਿੱਚ ਪੈਰਵੀ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ ਜਿਸ ਕਾਰਨ ਉਹ ਮੁਕੱਦਮਾ ਹਾਰ ਗਏ। ਸ੍ਰੀ ਫੂਲਕਾ ਨੇ ਕਿਹਾ ਕਿ ਉਹ ਕੁੰਵਰ ਵਿਜੈ ਪ੍ਰਤਾਪ ਖ਼ਿਲਾਫ਼ ਕੁਝ ਵੀ ਨਹੀਂ ਬੋਲਣਾ ਚਾਹੁੰਦੇ ਹਨ ਕਿਉਂਕਿ ਉਹ ਇਹ ਮੰਨਦੇ ਹਨ ਕਿ ਜੇਕਰ ਇਸ ਮਾਮਲੇ ਵਿੱਚ ਦੋਹਾਂ ਦਾ ਝਗੜਾ ਹੋ ਜਾਂਦਾ ਹੈ ਤਾਂ ਇਸ ਦਾ ਲਾਹਾ ਵਿਰੋਧੀਆਂ ਅਤੇ ਮੁਲਜ਼ਮਾਂ ਨੂੰ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਰਲ ਕੇ ਇਸ ਕੇਸ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਇਸ ਕੇਸ ਦੀ ਪੀੜਤ ਧਿਰ ਵੱਲੋਂ ਇੱਕ ਵਿਅਕਤੀ ਉਨ੍ਹਾਂ ਨੂੰ ਮਿਲਣ ਜ਼ਰੂਰ ਆਇਆ ਸੀ ਜਿਸ ਨੇ ਇਸ ਕੇਸ ਦੇ ਕਾਗਜ਼ ਉਨ੍ਹਾਂ ਨੂੰ ਸੌਂਪੇ ਸਨ ਅਤੇ ਕਿਹਾ ਸੀ ਕਿ ਕੁੰਵਰ ਵਿਜੈ ਪ੍ਰਤਾਪ ਨੇ ਇਹ ਕਾਗ਼ਜ਼ ਫੂਲਕਾ ਨੂੰ ਸੌਂਪਣ ਲਈ ਕਿਹਾ ਹੈ। ਉਨ੍ਹਾਂ ਜਦੋਂ ਵਕੀਲਾਂ ਬਾਰੇ ਜਾਣਕਾਰੀ ਮੰਗੀ ਤਾਂ ਪੀੜਤਾਂ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਬੈਂਸ (ਸੀਨੀਅਰ ਐਡਵੋਕੇਟ ਪੰਜਾਬ ਹਰਿਆਣਾ ਹਾਈ ਕੋਰਟ) ਉਨ੍ਹਾਂ ਦੇ ਕੇਸ ਦੀ ਪੈਰਵੀ ਕਰ ਰਹੇ ਹਨ। ਫੂਲਕਾ ਨੇ ਕਿਹਾ ਕਿ ਉਹ ਆਗੂ ਰਹੇ ਹਨ ਪੰਜਾਬ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਿੱਚ ਉਨ੍ਹਾਂ ਦੇ ਸਿਆਸੀ ਲੀਡਰ ਹੋਣ ਦਾ ਪ੍ਰਭਾਵ ਹੈ। ਇਸ ਲਈ ਮਨੁੱਖੀ ਅਧਿਕਾਰਾਂ ਬਾਰੇ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ਬਦਲ ਕੇ ਉਨ੍ਹਾਂ (ਫੂਲਕਾ) ਦਾ ਆਉਣਾ ਕੇਸ ਲਈ ਬਿਲਕੁਲ ਠੀਕ ਨਹੀਂ ਰਹੇਗਾ।

Leave a Reply

Your email address will not be published. Required fields are marked *