ਪਾਕਿ ਵਿਦੇਸ਼ ਮੰਤਰੀ ਨੇ ਚੁੱਕਿਆ ਕਸ਼ਮੀਰ ਮਸਲਾ

ਇਸਲਾਮਾਬਾਦ: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਟੇਰੇਜ਼ ਤੋਂ ਮੰਗ ਕੀਤੀ ਕਿ ਉਹ ਜੰਮੂ ਕਸ਼ਮੀਰ ਬਾਰੇ ਸੰਯੁਕਤ ਰਾਸ਼ਟਰ ਦਾ ਚਾਰਟਰ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦਾ ਮਤਾ ਅਮਲ ’ਚ ਲਿਆਉਣ ਅਤੇ ਉਹ ਲੰਮੇ ਸਮੇਂ ਤੋਂ ਲਟਕ ਰਿਹਾ ਕਸ਼ਮੀਰ ਮਸਲਾ ਸੁਲਝਾਉਣ ’ਚ ਮੁੱਖ ਭੂਮਿਕਾ ਨਿਭਾਉਣ। ਉਨ੍ਹਾਂ ਨਿਊਯਾਰਕ ’ਚ ਗੁਟੇਰੇਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਖੁਸ਼ਨੁਮਾ ਰਿਸ਼ਤੇ ਚਾਹੁੰਦਾ ਹੈ ਪਰ ਇਸ ਲਈ ਭਾਰਤ ਨੂੰ ਵੀ ਸੁਖਾਵਾਂ ਮਾਹੌਲ ਬਣਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਕਸ਼ਮੀਰ ਮਸਲੇ ਦਾ ਹੱਲ ਸਿਰਫ਼ ਗੱਲਬਾਤ ਤੇ ਜੰਮੂ ਕਸ਼ਮੀਰ ਦੇ ਲੋਕਾਂ ਦੀ ਇੱਛਾ ਅਨੁਸਾਰ ਹੀ ਨਿਕਲ ਸਕਦਾ ਹੈ।