ਸਾਕਾ ਨੀਲਾ ਤਾਰਾ: ਅਕਾਲ ਤਖ਼ਤ ਵੱਲੋਂ ਸਰਕਾਰੀ ਤਸ਼ੱਦਦ ਦੇ ਵੇਰਵੇ ਇਕੱਠੇ ਕਰਨ ਲਈ ਮੁਹਿੰਮ ਸ਼ੁਰੂ

ਅੰਮ੍ਰਿਤਸਰ: ਸਾਕਾ ਨੀਲਾ ਤਾਰਾ ਫੌਜੀ ਹਮਲੇ ਵੇਲੇ ਲੋਕਾਂ ’ਤੇ ਹੋਏ ਸਰਕਾਰੀ ਤਸ਼ੱਦਦ ਦੇ ਵੇਰਵੇ ਇਕੱਠੇ ਕਰਨ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਇਕ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਤਸ਼ੱਦਦ ਹੰਢਾਉਣ ਵਾਲਿਆਂ ਨੂੰ ਆਪਣੀ ਹੱਡਬੀਤੀ ਦੀ ਇੱਕ ਵੀਡੀਓ ਸ੍ਰੀ ਅਕਾਲ ਤਖ਼ਤ ਵਿੱਚ ਭੇਜਣ ਦੀ ਅਪੀਲ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਸਬੰਧੀ ਇੱਕ ਦਸਤਾਵੇਜ਼ੀ ਫ਼ਿਲਮ ਬਣਾ ਕੇ ਇਸ ਇਤਿਹਾਸ ਨੂੰ ਸਾਂਭਿਆ ਜਾਵੇਗਾ।
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਾਬਕਾ ਫੈੱਡਰੇਸ਼ਨ ਆਗੂ ਹਰਵਿੰਦਰ ਸਿੰਘ ਖਾਲਸਾ ਨਾਲ ਉਨ੍ਹਾਂ ਦੀ ਰਿਹਇਸ਼ ’ਤੇ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਵੱਲੋਂ ਹੰਢਾਏ ਤਸ਼ਦੱਦ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਦੱਸਣਯੋਗ ਹੈ ਕਿ ਸ੍ਰੀ ਖਾਲਸਾ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।
ਇਕ ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਜਿਸ ਕਿਸੇ ਨੇ ਵੀ ਸਾਕਾ ਨੀਲਾ ਤਾਰਾ ਫੌਜੀ ਹਮਲੇ ਵੇਲੇ ਸਰਕਾਰ ਵੱਲੋਂ ਕੀਤੇ ਗਏ ਸਰਕਾਰੀ ਤਸ਼ੱਦਦ ਨੂੰ ਆਪਣੇ ’ਤੇ ਹੰਢਾਇਆ ਹੈ, ਉਹ ਆਪਣੀ ਹੱਡਬੀਤੀ ਦੀ ਇੱਕ ਵੀਡੀਓ ਬਣਾ ਕੇ ਸ੍ਰੀ ਅਕਾਲ ਤਖ਼ਤ ’ਤੇ ਭੇਜੇ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਤਰ੍ਹਾਂ ਦੇ ਸਾਰੇ ਇਤਿਹਾਸ ਨੂੰ ਇਕੱਠਾ ਕੀਤਾ ਜਾਵੇਗਾ। ਇਹ ਸਿੱਖ ਕੌਮ ਦਾ ਇੱਕ ਵੱਡਾ ਇਤਿਹਾਸ ਹੈ ਕਿ ਉਸ ਕਾਲੇ ਦੌਰ ਵੇਲੇ ਸਿੱਖਾਂ ਨਾਲ ਕੀ ਕੁਝ ਵਾਪਰਿਆ ਸੀ, ਕਿਵੇਂ ਉਨ੍ਹਾਂ ਨੂੰ ਹੱਥਕੜੀਆਂ ਵਿੱਚ ਜਕੜ ਕੇ ਕਾਲ ਕੋਠਰੀਆਂ ਵਿੱਚ ਸੁੱਟ ਦਿੱਤਾ ਗਿਆ ਅਤੇ ਸਾਲੋ-ਸਾਲ ਉਨ੍ਹਾਂ ਨੂੰ ਸੂਰਜ ਦੀ ਰੌਸ਼ਨੀ ਨਹੀਂ ਦੇਖਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਅਣਮਨੁੱਖੀ ਤਸ਼ੱਦਦ ਹੰਢਾਉਣ ਵਾਲੀਆਂ ਕਈ ਬੀਬੀਆਂ ਤੇ ਪੁਰਸ਼ ਅਜੇ ਜ਼ਿੰਦਾ ਹਨ , ਜੋ ਇਸ ਨੂੰ ਚੰਗੀ ਤਰ੍ਹਾਂ ਬਿਆਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਇਨ੍ਹਾਂ ਕੌੜੀਆਂ ਯਾਦਾਂ ਨੂੰ ਸੰਭਾਲ ਕੇ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਇਸ ਸਬੰਧੀ ਇੱਕ ਦਸਤਾਵੇਜ਼ੀ ਫਿਲਮ ਵੀ ਤਿਆਰ ਕਰਵਾਈ ਜਾਵੇਗੀ।