ਬਠਿੰਡਾ: ਅਧਿਆਪਕਾਂ ਨੇ ਸਿੱਖਿਆ ਮੰਤਰੀ ਅਤੇ ਸਕੱਤਰ ਦੇ ਪੁਤਲੇ ਫੂਕੇ

ਬਠਿੰਡਾ: ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸੂਬੇ ਭਰ ਲਈ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਬਠਿੰਡਾ ਦੇ ਵੱਡੀ ਗਿਣਤੀ ਅਧਿਆਪਕਾਂ ਨੇ ਕਾਲੇ ਝੰਡਿਆਂ ਨਾਲ ਸ਼ਹਿਰ ਵਿੱਚ ਟੀਚਰਜ਼ ਹੋਮ ਤੋਂ ਵੱਖ ਵੱਖ ਬਾਜ਼ਾਰਾਂ ਵਿਚਦੀ ਹੁੰਦੇ ਹੋਏ ਮਿੰਨੀ ਸਕੱਤਰੇਤ ਤੱਕ ਮੋਟਰਸਾਈਕਲ/ਸਕੂਟਰ ਮਾਰਚ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕ ਗਏ। ਸਾਂਝਾ ਅਧਿਆਪਕ ਮੋਰਚਾ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਜਗਪਾਲ ਬੰਗੀ ਲਛਮਣ ਸਿੰਘ ਨੇ ਦੋਸ਼ ਲਗਾਇਆ ਕਿ ਸਕੱਤਰ ਸਕੂਲ ਸਿੱਖਿਆ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਦੇ 5 ਮਾਰਚ 2019 ਨੂੰ ਕੀਤੇ ਫੈਸਲੇ ਅਨੁਸਾਰ ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਰੱਦ ਨਹੀਂ ਕੀਤੀਆਂ, ਸਗੋ ਵਿਭਾਗ ਦੀ ਆਕਾਰ ਘਟਾਈ ਤਹਿਤ ਵੱਡੀ ਗਿਣਤੀ ਸਰਕਾਰੀ ਸਕੂਲ ਪੱਕੇ ਤੌਰ ‘ਤੇ ਬੰਦ ਕਰਨ ਦੀ ਨੀਤੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਬੇਰੁਜ਼ਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਤੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਸਿੱਖਿਆ ਨੀਤੀ 2020 ਤਹਿਤ ਲਗਾਤਾਰ ਸਿੱਖਿਆ ਦਾ ਉਜਾੜਾ ਕੀਤਾ ਜਾ ਰਿਹਾ ਹੈ, ਨਿਯਮਾਂ ਵਿੱਚ ਅਧਿਆਪਕ ਵਿਰੋਧੀ ਸੋਧਾਂ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰਸੋਨਲ ਵਿਭਾਗ ਦਾ ਕਰੋਨਾ ਪੀੜਤ ਅਧਿਆਪਕਾਂ ਲਈ 30 ਦਿਨ ਦੀ ਇਕਾਂਤਵਾਸ ਛੁੱਟੀ ਵਾਲਾ ਪੱਤਰ ਲਾਗੂ ਨਾ ਕਰਕੇ ਕਮਾਈ ਜਾਂ ਮੈਡੀਕਲ ਛੁੱਟੀ ਕੱਟੀ ਜਾ ਰਹੀ ਹੈ। ਇਸ ਮੌਕੇ ਬੀਐੱਡ ਫਰੰਟ ਪੰਜਾਬ ਦੇ ਪ੍ਰਧਾਨ ਸੁਖਦਰਸ਼ਨ ਸਿੰਘ, ਮਾਸਟਰ ਕੇਡਰ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ, 6505 ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ, ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਧਾਲੀਵਾਲ, ਰਾਜੇਸ਼ ਮੋਂਗਾ ,ਬੇਅੰਤ ਸਿੰਘ ਫੂਲੇਵਾਲਾ, ਬੂਟਾ ਸਿੰਘ ਰੋਮਾਣਾ,ਜਤਿੰਦਰ ਸ਼ਰਮਾ, ਨਵਨੀਤ ਸਿੰਘ,ਗੁਰਮੇਲ ਸਿੰਘ ਮਲਕਾਣਾ, ਅੰਗਰੇਜ ਸਿੰਘ ਮੌੜ,ਅਮਰਦੀਪ ਸਿੰਘ, ਹਰਜਿੰਦਰ ਸੇਮਾ ਹਾਜ਼ਰ ਸਨ।