ਪੰਜਾਬ ’ਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਅੱਗੇ ਮੁਜ਼ਾਹਰੇ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਇੱਕ ਸਾਲ ਪੂਰਾ ਹੋਣ ’ਤੇ ਅੱਜ ‘ਸੰਪੂਰਨ ਕ੍ਰਾਂਤੀ ਦਿਵਸ’ ਮਨਾਉਣ ਦੇ ਦਿੱਤੇ ਗਏ ਸੱਦੇ ਤਹਿਤ ਜਲੰਧਰ ਵਿੱਚ ਭਾਜਪਾ ਆਗੂ ਮਨੋਰੰਜਨ ਕਾਲੀਆ, ਪਠਾਨਕੋਟ ਵਿੱਚ ਅਸ਼ਵਨੀ ਸ਼ਰਮਾ, ਫਗਵਾੜਾ ਵਿੱਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਫਾਜ਼ਿਲਕਾ ਦੇ ਪਿੰਡ ਕਟਿਹੜਾ ਵਿੱਚ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੇ ਘਰ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।

ਜਲੰਧਰ (ਪਾਲ ਸਿੰਘ ਨੌਲੀ): ਇੱਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਨੇ ਪੁਲੀਸ  ਰੋਕਾਂ ਤੋੜ ਕੇ ਭਾਜਪਾ ਦੇ ਸਾਬਕਾ ਮੰਤਰੀ ਤੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਪੁਲੀਸ ਦੀਆਂ ਰੋਕਾਂ ਕਾਰਨ ਦੇਸ਼ ਭਗਤ ਯਾਦਗਾਰ ਹਾਲ ਤੋਂ ਰਵਾਨਾ ਹੋਏ ਕਾਫ਼ਲੇ ਨੇ ਭਾਜਪਾ ਆਗੂ ਕਾਲੀਆ ਦੇ ਘਰ ਨੇੜੇ ਹੀ ਧਰਨਾ ਲਾ ਦਿੱਤਾ ਤੇ ਉਥੇ ਹੀ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕਿਸਾਨਾਂ ਨੇ ਅੱਜ ਇੱਥੇ ਭਾਜਪਾ ਦਫ਼ਤਰ ਅਤੇ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਪ੍ਰਦਰਸ਼ਨ ਕਰਦਿਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ। ਅੱਜ ਕਿਸਾਨਾਂ ਨੇ ਗੋਲਡਨ ਗੇਟ ਨੇੜੇ ਇਕੱਠੇ ਹੋ ਕੇ ਭਾਜਪਾ ਦੇ ਦਫ਼ਤਰ ਖੰਨਾ ਸਮਾਰਕ ਵੱਲ ਮਾਰਚ ਕੀਤਾ। ਇਸੇ ਤਰ੍ਹਾਂ ਭਾਜਪਾ ਦੇ ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਚੱਲ ਰਹੇ ਧਰਨੇ ’ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਗਈਆਂ। 

ਪਠਾਨਕੋਟ (ਐੱਨਪੀ ਧਵਨ): ਇਥੇ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਦੇ ਘਰ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨ, ਮਜ਼ਦੂਰ ਤੇ ਔਰਤਾਂ ਪਹਿਲਾਂ ਪਠਾਨਕੋਟ ਬੱਸ ਸਟੈਂਡ ’ਤੇ ਇਕੱਠੇ ਹੋਏ ਅਤੇ ਉੱਥੋਂ ਰੋਸ ਮਾਰਚ ਕਰਦਿਆਂ ਅਸ਼ਵਨੀ ਸ਼ਰਮਾ ਦੇ ਘਰ ਮੂਹਰੇ ਪੁੱਜੇ। 

ਫਗਵਾੜਾ : ਇੱਥੇ ਭਾਕਿਯੂ ਦੋਆਬਾ ਨੇ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਕਿਸਾਨਾਂ ਨੇ ਪੁਲੀਸ ਦੀਆਂ ਰੋਕਾਂ ਕਾਰਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਨੇੜੇ ਮੁਜ਼ਾਹਰਾ ਕੀਤਾ। ਇਸੇ ਦੌਰਾਨ ਅੱਜ ਮੌਲੀ ਲੰਗਰ ਅਸਥਾਨ ਤੋਂ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ ਲਈ ਕਰੀਬ 300 ਤੋਂ ਵੱਧ ਗੱਡੀਆਂ ਦਾ ਕਾਫ਼ਲਾ ਦਿੱਲੀ ਵੱਲ ਰਵਾਨਾ ਹੋਇਆ।

ਐਸ.ਏ.ਐਸ. ਨਗਰ : : ਇੱਥੇ ਕਿਸਾਨਾਂ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸੈਕਟਰ-71 ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਓ ਕੀਤਾ। 

ਫਾਜ਼ਿਲਕਾ/ ਮੰਡੀ ਘੁਬਾਇਆ: : ਬੀਕੇਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਕਿਸਾਨਾਂ ਨੇ ਪਿੰਡ ਕਟਿਹੜਾ ਵਿੱਚ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੇ ਘਰ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਇਸੇ ਤਰ੍ਹਾਂ ਕਿਸਾਨਾਂ-ਮਜ਼ਦੂਰਾਂ ਨੇ ਫਾਜ਼ਿਲਕਾ ਦੇ ਭਾਜਪਾ ਦਫ਼ਤਰ ਅੱਗੇ ਵੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। 

ਵਿਧਾਇਕ ਨਾਰੰਗ ਦੇ ਘਰ ਵੱਲ ਜਾਂਦੇ ਕਿਸਾਨ ਪੁਲੀਸ ਨੇ ਰੋਕੇ

ਅਬੋਹਰ : ਕਿਸਾਨ ਜਥੇਬੰਦੀਆਂ ਨੇ ਇਥੋਂ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਘਰ ਨੇੜੇ ਰੋਸ ਪ੍ਰਦਰਸ਼ਨ ਕਰਦਿਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਮਲੋਟ ਵਿੱਚ ਵਿਧਾਇਕ ਨਾਰੰਗ ਨਾਲ ਹੋਈ ਕੁੱਟਮਾਰ ਦੀ ਘਟਨਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਐੱਸਐੱਸਪੀ ਦੀ ਦੇਖ-ਰੇਖ ਵਿੱਚ ਪੁਲੀਸ ਪ੍ਰਸ਼ਾਸਨ ਵੱਲੋਂ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅੱਜ ਐੱਸਪੀ ਅਵਨੀਤ ਕੌਰ ਅਤੇ ਡੀਐੱਸਪੀ ਰਾਹੁਲ ਭਾਰਦਵਾਜ ਦੀ ਅਗਵਾਈ ਹੇਠ ਵਿਧਾਇਕ ਦੇ ਨਿਵਾਸ ਨੂੰ ਜਾਂਦੇ ਰਾਹਾਂ ’ਤੇ ਤਿੰਨ ਥਾਈਂ ਬੈਰੀਕੇਡਿੰਗ ਕੀਤੀ ਹੋਈ ਸੀ। ਪੁਲੀਸ ਨੇ ਕਿਸਾਨਾਂ ਨੂੰ ਵਿਧਾਇਕ ਦੇ ਘਰ ਅੱਗੇ ਜਾਣ ਤੋਂ ਰੋਕਿਆ, ਜਿਸ ਕਾਰਨ ਕਿਸਾਨਾਂ ਨੇ  ਗਊਸ਼ਾਲਾ ਰੋਡ ’ਤੇ ਹੀ ਧਰਨਾ ਲਾ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Leave a Reply

Your email address will not be published. Required fields are marked *