ਮੁਹਾਲੀ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਸਾਹਿਬਜ਼ਾਦਾ ਅਜੀਤ ਸਿਘ ਨਗਰ (ਮੋਹਾਲੀ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਦਰਜ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦੇ ਨਵੇਂ ਅਪਰਾਧਿਕ ਮਾਮਲੇ ਵਿੱਚ ਸੁਮੇਧ ਸੈਣੀ ਨੇ ਅਦਾਲਤ ਦਾ ਬੂਹਾ ਖੜਕਾਇਆ ਹੈ। ਸੈਣੀ ਨੇ ਅੱਜ ਆਪਣੇ ਵਕੀਲਾਂ ਐਡਵੋਕੇਟ ਏਪੀਐੱਸ ਦਿਓਲ ਅਤੇ ਐੱਚ.ਐੱਸ. ਧਨੋਆ ਰਾਹੀਂ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਵਕੀਲਾਂ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਨਾਲ ਸੁਮੇਧ ਸੈਣੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਿਜੀਲੈਂਸ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾ ਰਹੀ ਹੈ। ਬਚਾਅ ਪੱਖ ਦੇ ਵਕੀਲਾਂ ਨੇ ਇਹ ਵੀ ਦਲੀਲ ਦਿੱਤੀ ਕਿ ਵਿਜੀਲੈਂਸ ਵੱਲੋਂ ਦਰਜ ਤਾਜ਼ਾ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਦੀਆਂ ਜਿਨ੍ਹਾਂ ਜਾਇਦਾਦਾਂ ਦਾ ਜ਼ਿਕਰ ਕੀਤਾ ਜਾ ਰਿਹਾ ਹੈ। ਉਨ੍ਹਾਂ ਜਾਇਦਾਦਾਂ ਨਾਲ ਸਾਬਕਾ ਡੀਜੀਪੀ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਜਦੋਂਕਿ ਸਰਕਾਰੀ ਵਕੀਲ ਸੰਜੀਵ ਬਤਰਾ ਨੇ ਵਿਜੀਲੈਂਸ ਵੱਲੋਂ ਦਰਜ ਕੇਸ ਅਤੇ ਮੁਲਜ਼ਮਾਂ ਦੀਆਂ ਜਾਇਦਾਦਾਂ ਸਬੰਧੀ ਦਰਜ ਵੇਰਵੇ ਦਾ ਹਵਾਲਾ ਦਿੰਦਿਆਂ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਕੀਤੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸ਼ਾਮ 4 ਵਜੇ ਤੱਕ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਅਤੇ ਸ਼ਾਮ ਨੂੰ ਅਦਾਲਤ ਨੇ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਸ਼ੁੱਕਰਵਾਰ 6 ਅਗਸਤ ਤੱਕ ਟਾਲਦਿਆਂ ਪੰਜਾਬ ਸਰਕਾਰ ਨੂੰ ਕੇਸ ਨਾਲ ਸਬੰਧਤ ਜ਼ਰੂਰੀ ਰਿਕਾਰਡ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ। ਸੈਣੀ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਹੁਣ ਪੰਜਾਬ ਸਰਕਾਰ ਵੱਲੋਂ ਮੁਹਾਲੀ ਪੁਲੀਸ ਅਤੇ ਸਰਕਾਰੀ ਵਕੀਲ ਰਾਹੀਂ ਸ਼ੁੱਕਰਵਾਰ ਨੂੰ ਰਿਕਾਰਡ ਪੇਸ਼ ਕਰਨ ਤੋਂ ਬਾਅਦ ਹੀ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਲੋਕ ਨਿਰਮਾਣ ਵਿਭਾਗ (ਭ ਤੇ ਮ) ਦੇ ਕਾਰਜਕਾਰੀ ਇੰਜਨੀਅਰ ਨਿਮਰਤਦੀਪ ਸਿੰਘ ਵਾਸੀ ਸੈਕਟਰ-35ਡੀ, ਚੰਡੀਗੜ੍ਹ, ਉਸ ਦੇ ਪਿਤਾ ਸੁਰਿੰਦਰਜੀਤ ਸਿੰਘ ਵਾਸੀ ਫੇਜ਼-3ਬੀ1, ਮੁਹਾਲੀ, ਅਜੈ ਕੌਸ਼ਲ ਵਾਸੀ ਡੁੱਗਰੀ ਰਾਜਪੂਤਾਂ, ਪ੍ਰਦੁਮਣ ਸਿੰਘ ਵਾਸੀ ਭਾਗੜਾ, ਪਰਮਜੀਤ ਸਿੰਘ ਵਾਸੀ ਪਿੰਡ ਭੜੌਜੀਆਂ, ਅਮਿਤ ਸਿੰਗਲਾ ਵਾਸੀ ਸੈਕਟਰ-27, ਚੰਡੀਗੜ੍ਹ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।