ਭਗਵੰਤ ਮਾਨ ਨੇ ਦਸਵੀਂ ਵਾਰ ਪੇਸ਼ ਕੀਤਾ ਕੰਮ ਰੋਕੂ ਮਤਾ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੱਜ ਸੰਸਦ ਵਿੱਚ ਦਸਵੀਂ ਵਾਰ ‘ਕੰਮ ਰੋਕੂ’ ਮਤਾ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸੰਸਦ ਦੇ ਸੂਚੀਬੱਧ ਮੁੱਦਿਆਂ ਨੂੰ ਰੱਦ ਕੀਤਾ ਜਾਵੇ ਅਤੇ ਕਿਸਾਨਾਂ ਨਾਲ ਸਬੰਧਤ ਮੁੱਦੇ ’ਤੇ ਪਹਿਲ ਦੇ ਆਧਾਰ ਉੱਤੇ ਚਰਚਾ ਕੀਤੀ ਜਾਵੇ ਤਾਂ ਜੋ ਕਾਲੇ ਕਾਨੂੰਨ ਰੱਦ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਕੇਂਦਰ ਸਰਕਾਰ ਨੂੰ ਆਪਣੀ ਜ਼ਿੱਦ ਛੱਡਣੀ ਚਾਹੀਦੀ ਹੈ। ਸ੍ਰੀ ਮਾਨ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨਰਿੰਦਰ ਮੋਦੀ ਕਿਸਾਨਾਂ ਨੂੰ ਜਿੰਨਾ ਨਜ਼ਰ-ਅੰਦਾਜ਼ ਕਰਨਗੇ, ਓਨਾ ਹੀ ਕਿਸਾਨ ਅੰਦੋਲਨ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਘੋਲ ਦੌਰਾਨ ਸੈਂਕੜੇ ਕਿਸਾਨ ਸ਼ਹੀਦ ਹੋ ਚੁੱਕੇ ਹਨ, ਇਸੇ ਲਈ ਜ਼ਰੂਰੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਵਿੱਚ ਚਰਚਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਸ਼ੁਰੂ ਤੋਂ ਹੀ ਕਿਸਾਨਾਂ ਨਾਲ ਖੜ੍ਹੀ ਹੈ।

Leave a Reply

Your email address will not be published. Required fields are marked *